ਕਾਂਗਰਸ ਪਾਰਟੀ ਵੱਲੋਂ ਰਾਜਸੀ ਲਾਹੇ ਲਈ ਗੁਰੂ ਸਾਹਿਬ ਦੀ ਤਸਵੀਰ ਵਰਤਣਾ ਸਿੱਖ ਭਾਵਨਾਵਾਂ ਨਾਲ ਖਿਲਵਾੜ: ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਦੋਸ਼ੀ ਵਿਅਕਤੀਆਂ ’ਤੇ ਪਰਚਾ ਦਰਜ ਕਰਨ ਦੀ ਕੀਤੀ ਮੰਗ
ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਾਂਗਰਸ ਪਾਰਟੀ ਵੱਲੋਂ ਆਪਣੇ ਸਿਆਸੀ ਪ੍ਰਚਾਰ ਲਈ ਲਗਾਏ ਬੈਨਰਾਂ ’ਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਲੈ ਕੇ ਆ ਰਹੇ ਭਾਈ ਜੀਵਨ ਸਿੰਘ ਦੀ ਤਸਵੀਰ ਵਰਤਣ ਦਾ ਨੋਟਿਸ ਲੈਂਦਿਆਂ ਦੋਸ਼ੀਆਂ ਖਿਲਾਫ਼ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਲਈ ਪਰਚਾ ਦਰਜ ਕਰਨ ਦੀ ਮੰਗ ਕੀਤੀ ਹੈ।
ਦਫ਼ਤਰ ਤੋਂ ਜਾਰੀ ਬਿਆਨ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰੂ ਸਾਹਿਬ ਦੀ ਤਸਵੀਰ ਉੱਪਰ ਕਿਸੇ ਸਖ਼ਸ ਦੀ ਫੋਟੋ ਲਗਾਉਣਾ ਵੱਡੀ ਕੁਤਾਹੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਬੇਹੱਦ ਦੁਖਦਾਈ ਹੈ ਕਿ ਕਾਂਗਰਸ ਪਾਰਟੀ ਨੇ ਆਪਣੇ ਰਾਜਨੀਤਕ ਮਨੋਰਥ ਲਈ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਭਾਈ ਜੀਵਨ ਸਿੰਘ ਜੀ ਵਰਗੀਆਂ ਮਹਾਨ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਦੇ ਉੱਪਰ ਆਪਣੇ ਸਿਆਸੀ ਨੇਤਾਵਾਂ ਦੀਆਂ ਫੋਟੋਆਂ ਲਗਾ ਕੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਰਾਜਸੀ ਪਾਰਟੀ ਵੱਲੋਂ ਲੋਕਾਂ ਨੂੰ ਪ੍ਰਭਾਵਿਤ ਕਰਨ ਲਈ ਸਿੱਖ ਗੁਰੂਆਂ ਦੀਆਂ ਤਸਵੀਰਾਂ ਵਰਤਣਾ ਤਾਂ ਗੁਨਾਹ ਹੈ, ਪਰ ਤਸਵੀਰਾਂ ਦੇ ਉੱਪਰ ਆਪਣੇ ਸਿਆਸੀ ਆਗੂਆਂ ਦੀਆਂ ਫੋਟੋ ਛਾਪਣੀਆਂ ਉਸ ਤੋਂ ਵੀ ਵੱਡੀ ਗ਼ਲਤੀ ਹੈ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਹਰਕਤ ਲਈ ਜਿਥੇ ਕਾਂਗਰਸ ਪਾਰਟੀ ਨੂੰ ਤੁਰੰਤ ਸਿੱਖ ਕੌਮ ਪਾਸੋਂ ਮੁਆਫ਼ੀ ਮੰਗਣ ਲਈ ਆਖਿਆ, ਉਥੇ ਹੀ ਪੁਲਿਸ ਪ੍ਰਸ਼ਾਸਨ ਪਾਸੋਂ ਜ਼ੁੰਮੇਵਾਰ ਵਿਅਕਤੀਆਂ ’ਤੇ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਲਈ ਪਰਚਾ ਦਰਜ ਕਰਨ ਦੀ ਮੰਗ ਵੀ ਕੀਤੀ।