ਕੇਸ ਦਰਜ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਥਾਣਾ ਸਦਰ ਪਠਾਨਕੋਟ ਵਿਖੇ ਤਾਇਨਾਤ ਸੀ ASI ਸੁਰਿੰਦਰ ਸਿੰਘ

Vigilance Bureau nabs ASI taking bribe Rs 10,000 to register police case

 

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤਹਿਤ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਸੁਰਿੰਦਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਸਦਰ ਪਠਾਨਕੋਟ ਵਿਖੇ ਤਾਇਨਾਤ ਮੁਲਜ਼ਮ ਏ.ਐਸ.ਆਈ. ਸੁਰਿੰਦਰ ਸਿੰਘ (ਨੰ. 128/ ਪਠਾਨਕੋਟ) ਨੂੰ ਮਹਾਂਬੀਰ ਸਿੰਘ ਵਾਸੀ ਪਿੰਡ ਸਮਰਾਲਾ, ਜ਼ਿਲ੍ਹਾ ਪਠਾਨਕੋਟ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧੀ ਹੋਰ ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਉਸ ਦੀ ਪਤਨੀ ਤੇ ਪੁੱਤਰ ਦੀਆਂ ਡਾਕਟਰੀ ਰਿਪੋਰਟਾਂ ਦੇ ਅਧਾਰ ਤੇ ਪੁਲਿਸ ਕੇਸ ਦਰਜ ਕਰਨ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਪਹਿਲੀ ਕਿਸ਼ਤ ਵਜੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਉਕਤ ਏ.ਐਸ.ਆਈ. ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।