ਬਿਜਲੀ ਮਾਮਲੇ 'ਚ 'ਆਪ' ਹੁਣ 10 ਨੂੰ ਉਡਾਏਗੀ ਸਰਕਾਰ ਦੇ 'ਫਿਊਜ਼'

ਏਜੰਸੀ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਦੀ ਕੋਠੀ ਦੇ ਘਿਰਾਓ ਦੀ ਨਵੀਂ ਤਰੀਕ ਐਲਾਨੀ

file photo

ਚੰਡੀਗੜ੍ਹ : ਪ੍ਰਾਈਵੇਟ ਬਿਜਲੀ ਕੰਪਨੀਆਂ ਦੀ ਸਰਕਾਰ ਨਾਲ ਗੰਢਤੁਪ ਤਹਿਤ ਖਪਤਕਾਰਾਂ ਦੀ ਲੁੱਟ ਦੇ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ ਨੇ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੋਇਆ ਹੈ। ਪਹਿਲਾ ਮਿਥੀ 7 ਤਰੀਕ ਨੂੰ ਮੌਸਮ ਖ਼ਰਾਬ ਹੋਣ ਕਾਰਨ 'ਆਪ' ਨੇ ਇਹ ਘਿਰਾਓ ਮੁਲਤਵੀ ਕਰ ਦਿਤਾ ਸੀ। ਹੁਣ ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੇ ਇਸ ਦੀ ਨਵੀਂ ਤਰੀਕ ਦਾ ਐਲਾਨ ਕਰ ਦਿਤਾ ਹੈ। ਪਾਰਟੀ ਵਲੋਂ ਹੁਣ 10 ਜਨਵਰੀ ਦਿਨ ਸ਼ੁੱਕਰਵਾਰ ਨੂੰ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ।

ਬਿਜਲੀ ਮਾਮਲੇ 'ਚ ਆਮ ਆਦਮੀ ਪਾਰਟੀ ਸਰਕਾਰ ਦੇ 'ਫਿਊਜ਼' ਝਾੜਣ ਦੇ ਕਿਸੇ ਵੀ ਮੌਕੇ ਨੂੰ ਹੱਥੋਂ ਨਹੀਂ ਗੁਆਉਣਾ ਚਾਹੁੰਦੀ। ਇਸ ਤੋਂ ਪਹਿਲਾਂ ਇਸ ਮਾਮਲੇ 'ਚ ਪਾਰਟੀ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਸਰਕਾਰ ਵੱਲ ਮੰਗ ਪੱਤਰ ਵੀ ਭੇਜੇ ਜਾ ਚੁੱਕੇ ਹਨ। ਆਮ ਆਦਮੀ ਪਾਰਟੀ ਦਾ ਦੋਸ਼ ਹੈ ਕਿ ਪਿਛਲੇ ਅਕਾਲੀ-ਭਾਜਪਾ ਸਰਕਾਰ ਸਮੇਂ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਸਮਝੌਤਿਆਂ ਤਹਿਤ ਖਪਤਕਾਰਾਂ 'ਤੇ ਵਾਧੂ ਬੋਝ ਪਾਇਆ ਜਾ ਰਿਹਾ ਹੈ। ਇਨ੍ਹਾਂ ਸਮਝੌਤਿਆਂ ਤਹਿਤ ਸਸਤੀ ਬਿਜਲੀ ਮੁਹੱਈਆ ਕਰਵਾ ਰਹੇ ਸਰਕਾਰੀ ਥਰਮਲ ਪਲਾਟਾਂ ਦੀ ਬਲੀ ਦੇਣ ਦੇ ਗੰਭੀਰ ਦੋਸ਼ ਵੀ ਲਾਏ ਗਏ ਸਨ।

ਇਸੇ ਦੌਰਾਨ ਅੱਜ ਪਾਰਟੀ ਹੈੱਡਕੁਆਟਰ ਤੋਂ ਬਿਆਨ ਜਾਰੀ ਕਰਦਿਆਂ ਭਗਵੰਤ ਮਾਨ ਨੇ ਮੁੱਖ ਮੰਤਰੀ ਨੂੰ ਸਵਾਲ ਕੀਤਾ ਕਿ ਉਹ ਪੰਜਾਬ ਦੇ ਲੋਕਾਂ ਨੂੰ 9 ਤੋਂ ਲੈ ਕੇ 12 ਰੁਪਏ ਪ੍ਰਤੀ ਯੂਨਿਟ ਮਿਲ ਰਹੀ ਮਹਿੰਗੀ ਬਿਜਲੀ ਦੇ ਕਾਰਨਾਂ ਤੋਂ ਜਾਣੂ ਕਰਵਾਉਣ।

ਉਨ੍ਹਾਂ ਸਵਾਲ ਕੀਤਾ ਕਿ ਪੰਜਾਬ ਇਕ ਖੁਦ ਬਿਜਲੀ ਪੈਦਾ ਕਰਨ ਵਾਲਾ ਸੂਬਾ ਹੈ, ਇਸ ਦੇ ਬਾਵਜੂਦ ਇਥੇ ਬਿਜਲੀ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ। ਜਦਕਿ ਸਾਰੀ ਦੀ ਸਾਰੀ ਬਿਜਲੀ ਬਾਹਰੋਂ ਖ਼ਰੀਦਣ ਵਾਲੀ ਦਿੱਲੀ ਸਰਕਾਰ ਲੋਕਾਂ ਨੂੰ ਸਭ ਤੋਂ ਸਸਤੀ ਬਿਜਲੀ ਮੁਹੱਈਆ ਕਰਵਾ ਰਹੀ ਹੈ।

ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵਲੋਂ ਮਹਿੰਗੀ ਬਿਜਲੀ ਲਈ ਪਿਛਲੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਣ 'ਤੇ ਚੁਟਕੀ ਲੈਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਇਸ ਲਈ ਸਿਰਫ਼ ਬਾਦਲ ਹੀ ਜ਼ਿੰਮੇਵਾਰ ਨਹੀਂ, ਕਾਂਗਰਸ ਸਰਕਾਰ ਵੀ ਉਨੀ ਹੀ ਜ਼ਿੰਮੇਵਾਰ ਹੈ, ਜਿਸ ਨੇ ਅਪਣੇ ਚੋਣ ਮੈਨੀਫੈਸਟੋ ਵਿਚ ਇਸ ਲੁੱਟ ਤੋਂ ਲੋਕਾਂ ਨੂੰ ਨਿਜ਼ਾਤ ਦਿਵਾਉਣ ਦੇ ਕੀਤੇ ਵਾਅਦੇ ਦੇ ਬਾਵਜੂਦ ਬਿਜਲੀ ਮਾਫੀਆ ਨੂੰ ਅਜੇ ਤਕ ਲੁੱਟ ਦੀ ਖੁਲ੍ਹੀ ਛੋਟ ਦੇ ਰੱਖੀ ਹੈ।

ਭਗਵੰਤ ਮਾਨ ਨੇ ਦੇਸ਼ ਭਰ ਦੀਆਂ ਵੱਖ ਵੱਖ ਜਥੇਬੰਦੀਆਂ ਅਤੇ ਕਿਸਾਨ ਸੰਗਠਨਾਂ ਵਲੋਂ ਮੋਦੀ ਸਰਕਾਰ ਦੀਆਂ ਕਿਸਾਨ ਤੇ ਕਿਰਤੀ ਵਿਰੋਧੀ ਨੀਤੀਆਂ ਦੇ ਖਿਲਾਫ਼ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦਾ ਸਮਰਥਨ ਵੀ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਅਪਣੇ ਹੱਕਾਂ ਲਈ ਸੰਘਰਸ਼ ਕਰਦੀਆਂ ਜਥੇਬੰਦੀਆਂ ਦਾ ਪੂਰਨ ਸਮਰਥਨ ਕੀਤਾ ਜਾਵੇ।