ਮੁੱਖ ਮੰਤਰੀ, ਉੱਪ ਮੁੱਖ ਮੰਤਰੀ ਤੇ ਸਿੱਧੂ ਬਹੁਤ ਜ਼ਿਆਦਾ ਉਲਝਣ 'ਚ ਹਨ: ਕੈਪਟਨ ਅਮਰਿੰਦਰ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਪਟਨ ਅਮਰਿੰਦਰ ਨੇ ਕਿਹਾ ਕਿ ਚੰਨੀ, ਰੰਧਾਵਾ ਤੇ ਸਿੱਧੂ ਉਲਝਣ ਵਿਚ ਫਸੇ ਹੋਣ ਦੀ ਤਰ੍ਹਾਂ ਵਤੀਰਾ ਅਪਣਾ ਰਹੇ ਹਨ।

Captain Amarinder Singh

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੇਰੀ ਦੌਰਾਨ ਸੁਰੱਖਿਆ 'ਚ ਹੋਈ ਕੁਤਾਲੀ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਰਵੱਈਏ ਦੀ ਨਿੰਦਾ ਕੀਤੀ ਹੈ।  ਕੈਪਟਨ ਅਮਰਿੰਦਰ ਨੇ ਕਿਹਾ ਕਿ ਚੰਨੀ, ਰੰਧਾਵਾ ਤੇ ਸਿੱਧੂ ਉਲਝਣ ਵਿਚ ਫਸੇ ਹੋਣ ਦੀ ਤਰ੍ਹਾਂ ਵਤੀਰਾ ਅਪਣਾ ਰਹੇ ਹਨ, ਜਿਨ੍ਹਾਂ ਨੂੰ ਨਹੀਂ ਪਤਾ ਚੱਲ ਰਿਹਾ ਹੈ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਕਿਵੇਂ ਨਿਭਾਉਣ। ਉਹ ਜ਼ਿੰਮੇਵਾਰੀ ਲੈਣ ਦੀ ਬਜਾਏ ਉਸ ਤੋਂ ਭੱਜ ਰਹੇ ਹਨ ਅਤੇ ਉਸ ਨੂੰ ਜੂਨੀਅਰਾਂ ਉੱਤੇ ਪਾ ਰਹੇ ਹਨ ਅਤੇ ਇਹ ਅਗਵਾਈ ਨਹੀਂ, ਸਗੋਂ ਕਾਇਰਤਾ ਦੀ ਨਿਸ਼ਾਨੀ ਹੈ।

CM Channi

ਮੁੱਖ ਮੰਤਰੀ ਚੰਨੀ ਦੇ ਬਿਆਨਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਵੇਰੇ ਪਹਿਲਾਂ ਉਹ ਕੁਝ ਹੋਰ ਕਹਿੰਦੇ ਹਨ ਤੇ ਜਾਂਚ ਦੇ ਆਦੇਸ਼ ਦਿੰਦੇ ਹਨ। ਜਦਕਿ ਸ਼ਾਮ ਹੁੰਦਿਆਂ ਹੀ ਕਿਸੇ ਵੀ ਗੱਲ ਨੂੰ ਨਕਾਰ ਦਿੰਦੇ ਹਨ। ਉਨ੍ਹਾਂ ਨੇ ਮੁੱਖ ਮੰਤਰੀ ਦੇ ਬਿਆਨ ਦਾ ਮਜ਼ਾਕ ਵੀ ਉਡਾਇਆ ਜਿਸ ਵਿਚ ਉਹਨਾਂ ਕਿਹਾ ਸੀ ਕਿ ਉਹ ਪ੍ਰਧਾਨ ਮੰਤਰੀ ਦੀ ਜ਼ਿੰਦਗੀ ਨੂੰ ਕੋਈ ਖ਼ਤਰਾ ਹੋਣ 'ਤੇ ਆਪਣੀ ਛਾਤੀ ਉੱਤੇ ਗੋਲੀਆਂ ਖਾ ਲੈਣਗੇ। ਉਨ੍ਹਾਂ ਨੇ ਕਿਹਾ ਕਿ ਤੁਸੀਂ ਇਥੇ ਗੋਲੀ ਖਾਣ ਲਈ ਨਹੀਂ ਹੋ, ਚੰਗਾ ਹੋਵੇਗਾ ਕਿ ਤੁਸੀਂ ਆਪਣੀ ਜ਼ਿੰਮੇਵਾਰੀ 'ਤੇ ਧਿਆਨ ਦਿਓ।

Sukhjinder Randhawa

ਕੈਪਟਨ ਅਮਰਿੰਦਰ ਸਿੰਘ ਨੇ ਗ੍ਰਹਿ ਵਿਭਾਗ ਦਾ ਚਾਰਜ ਰੱਖਣ ਵਾਲੇ ਡਿਪਟੀ ਮੁੱਖ ਮੰਤਰੀ ਰੰਧਾਵਾ ਵੱਲੋਂ ਦਿੱਤੇ ਬਿਆਨ 'ਤੇ ਵੀ ਚੁਟਕੀ ਲਈ। ਉਨ੍ਹਾਂ ਨੇ ਕਿਹਾ ਕਿ ਡਿਪਟੀ ਮੁੱਖ ਮੰਤਰੀ ਸੱਚਾਈ ਤੋਂ ਅਣਜਾਣ ਹਨ, ਕਿਉਂਕਿ ਪ੍ਰਧਾਨ ਮੰਤਰੀ ਪੰਜਾਬ ਵਿਚ ਸਨ ਅਤੇ ਉਨ੍ਹਾਂ ਹਰ ਤਰ੍ਹਾਂ ਨਾਲ ਸੁਰੱਖਿਆ ਮੁਹੱਈਆ ਕਰਵਾਉਣਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਸੀ। ਹਾਲ ਹੀ ਵਿੱਚ ਤੁਸੀਂ ਬੀਐਸਐਫ ਦਾ ਦਾਇਰਾ ਵਧਾਏ ਜਾਣ ਖਿਲਾਫ਼ ਮਗਰਮੱਛ ਦੇ ਅੱਥਰੂ ਵਹਾ ਰਹੇ ਸੀ ਕਿ ਕਾਨੂੰਨ ਤੇ ਵਿਵਸਥਾ ਸੂਬੇ ਦੇ ਅਧਿਕਾਰ ਖੇਤਰ ਚ ਹੈ, ਬੀਐਸਐਫ ਦਾ ਇਸ ਨਾਲ ਕੁਝ ਲੈਣਾ ਦੇਣਾ ਨਹੀਂ। ਜਦਕਿ ਅੱਜ ਆਪਣੀ ਜ਼ਿੰਮੇਵਾਰੀ ਤੋਂ ਬਚਣ ਲਈ ਤੁਸੀਂ ਕਹਿ ਰਹੇ ਹੋ ਕਿ ਉੱਥੇ ਕਾਨੂੰਨ ਵਿਵਸਥਾ ਕੇਂਦਰੀ ਏਜੰਸੀਆਂ ਦੀ ਜ਼ਿੰਮੇਵਾਰੀ ਸੀ।

Captain Amarinder Singh

ਸਾਬਕਾ ਮੁੱਖ ਮੰਤਰੀ ਨੇ ਸਿੱਧੂ ਨੂੰ ਵੀ ਵਿਸ਼ੇਸ਼ ਤੌਰ ਤੇ ਸਲਾਹ ਦਿੱਤੀ ਕਿ ਬਿਹਤਰ ਹੋਵੇਗਾ ਕਿ ਤੁਸੀਂ ਉਨ੍ਹਾਂ ਮੁੱਦਿਆਂ 'ਤੇ ਬੋਲਣ ਤੋਂ ਬਚੋ; ਜਿਨ੍ਹਾਂ ਬਾਰੇ ਤੁਹਾਨੂੰ ਕੋਈ ਜਾਣਕਾਰੀ ਨਹੀਂ ਹੈ। ਜਿਵੇਂ ਕਿ ਕਿਸ ਤਰ੍ਹਾਂ ਪ੍ਰਧਾਨ ਮੰਤਰੀ ਦਾ ਸੁਰੱਖਿਆ ਦਾਇਰਾ ਕੰਮ ਕਰਦਾ ਹੈ। ਉਨ੍ਹਾਂ ਕਿਹਾ ਕਿ ਹਰ ਕੋਈ ਅਤੇ ਖ਼ਾਸ ਕਰਕੇ ਉਨ੍ਹਾਂ ਦੀ ਆਪਣੀ ਪਾਰਟੀ ਤੇ ਸਰਕਾਰ ਨੇ ਵੀ ਉਨ੍ਹਾਂ ਗੰਭੀਰਤਾ ਨਾਲ ਲੈਣਾ ਬੰਦ ਕਰ ਦਿੱਤਾ ਹੈ। ਕੈਪਟਨ ਅਮਰਿੰਦਰ ਨੇ ਕਾਂਗਰਸ ਦੇ ਆਗੂਆਂ ਨੂੰ ਆਪਣੀ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਦੀ ਸਮਝਦਾਰੀ ਵਾਲੀ ਸਲਾਹ ਨੂੰ ਸੁਣਨ ਲਈ ਕਿਹਾ ਹੈ, ਜਿਨ੍ਹਾਂ ਨੇ ਮੁੱਖ ਮੰਤਰੀ ਨੂੰ ਮਾਮਲੇ ਦੀ ਜਾਂਚ ਕਰਨ ਤੇ ਜ਼ਿੰਮੇਵਾਰੀ ਤੈਅ ਕਰਨ ਲਈ ਕਿਹਾ ਹੈ। ਹੁਣ ਲਗਦਾ ਹੈ ਕਿ ਸ਼ਾਇਦ ਤੁਸੀਂ ਕਹੋਗੇ ਕਿ ਸ੍ਰੀਮਤੀ ਗਾਂਧੀ ਪ੍ਰਧਾਨ ਮੰਤਰੀ ਮੋਦੀ ਦਾ ਪੱਖ ਲੈਣ ਦੀ ਕੋਸ਼ਿਸ਼ ਕਰ ਰਹੇ ਹਨ।