ਲੁਧਿਆਣਾ - ਫ਼ਿਰੋਜ਼ਪੁਰ 'ਚ ਅੱਜ ਉਸ ਸਮੇਂ ਤਣਾਅਪੂਰਨ ਸਥਿਤੀ ਬਣ ਗਈ ਜਦੋਂ ਇਕ ਨਿਹੰਗ ਸਿੰਘ ਭਾਜਪਾ ਵਰਕਰਾਂ ਵੱਲੋਂ ਦਿੱਤੇ ਜਾ ਰਹੇ ਧਰਨੇ 'ਤੇ ਪਹੁੰਚ ਗਿਆ ਅਤੇ ਉਸ ਨੇ ਭਾਜਪਾ ਖਿਲਾਫ਼ ਨਾਅਰੇਬਾਜ਼ੀ ਸ਼ੁਰੂ ਕਰ ਦਿੱਤੀ। ਇਸ 'ਤੇ ਭਾਜਪਾ ਵਰਕਰ ਗੁੱਸੇ 'ਚ ਆ ਗਏ ਅਤੇ ਇਸ ਤੋਂ ਪਹਿਲਾਂ ਕਿ ਹੰਗਾਮਾ ਹੁੰਦਾ, ਨਿਹੰਗ ਸਿੰਘ ਨੂੰ ਉਥੇ ਪਹਿਲਾਂ ਤੋਂ ਹੀ ਤਿਆਰ ਪੁਲਿਸ ਨੇ ਕਾਬੂ ਕਰ ਲਿਆ। ਇਸ ਦੌਰਾਨ ਭਾਜਪਾ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੇ ਵਿਰੋਧ 'ਚ ਨਾਅਰੇਬਾਜ਼ੀ ਵੀ ਕੀਤੀ।
ਜ਼ਿਲ੍ਹਾ ਭਾਜਪਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਦੀ ਪ੍ਰਧਾਨਗੀ ਹੇਠ ਕਰਵਾਏ ਜਾ ਰਹੇ ਇਸ ਧਰਨੇ ਵਿਚ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਜੀਵਨ ਗੁਪਤਾ ਨੇ ਕਿਹਾ ਕਿ ਪੰਜਾਬ ਦੀ ਕਾਂਗਰਸ ਸਰਕਾਰ ਦੇ ਗੁੰਡੇ ਭਾਜਪਾ ਦੇ ਪ੍ਰੋਗਰਾਮਾਂ ਵਿੱਚ ਜਾਣਬੁੱਝ ਕੇ ਗੁੰਡਾਗਰਦੀ ਕਰ ਰਹੇ ਹਨ। ਇਨ੍ਹਾਂ ਦਾ ਇੱਕੋ ਇੱਕ ਮਕਸਦ ਪੰਜਾਬ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨਾ ਹੈ ਪਰ ਭਾਜਪਾ ਵਰਕਰ ਪੰਜਾਬ ਸਰਕਾਰ ਦੀਆਂ ਇਨ੍ਹਾਂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ।
ਇਸ ਮੌਕੇ ਬੋਲਦਿਆਂ ਪੁਸ਼ਪੇਂਦਰ ਸਿੰਘਲ ਨੇ ਕਿਹਾ ਕਿ ਜਿਸ ਤਰ੍ਹਾਂ ਕਾਂਗਰਸ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਖ਼ਤਰੇ ਵਿਚ ਪਾ ਕੇ ਇੱਕ ਖ਼ੂਨੀ ਸਾਜ਼ਿਸ਼ ਰਚੀ ਹੈ, ਉਸ ਨਾਲ ਨਾ ਸਿਰਫ਼ ਸੂਬੇ ਦੇ ਲੋਕਾਂ ਵਿੱਚ ਸਗੋਂ ਪੂਰੇ ਦੇਸ਼ ਦੇ ਲੋਕਾਂ ਵਿਚ ਰੋਹ ਦੀ ਲਹਿਰ ਪਾਈ ਜਾ ਰਹੀ ਹੈ। ਪੰਜਾਬ ਵਿਚ ਵਿਕਾਸ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਰਹੇ ਕਾਂਗਰਸੀ ਆਪਣੀਆਂ ਚਾਲਾਂ ਰਾਹੀਂ ਸੂਬੇ ਦੀ ਸੱਤਾ ’ਤੇ ਕਾਬਜ਼ ਹੋਣ ਜਾ ਰਹੀ ਭਾਜਪਾ ਨੂੰ ਰੋਕਣਾ ਚਾਹੁੰਦੇ ਹਨ ਪਰ ਭਾਰਤੀ ਜਨਤਾ ਪਾਰਟੀ ਦੇ ਜਿੱਤ ਦੇ ਰੱਥ ਨੂੰ ਕੋਈ ਨਹੀਂ ਰੋਕ ਸਕੇਗਾ।