ਕੇਂਦਰ ਸਰਕਾਰ ਦੀ ਤਰਜ਼ 'ਤੇ ਹਰਿਆਣਾ ਸਰਕਾਰ ਵੀ ਸੂਬੇ ਲਈ ਪੇਸ਼ ਕਰੇਗੀ ਅੰਮ੍ਰਿਤ ਕਾਲ ਦਾ ਪਹਿਲਾ ਬਜਟ  

ਏਜੰਸੀ

ਖ਼ਬਰਾਂ, ਪੰਜਾਬ

ਇਹ ਬਜਟ ਹਰ ਵਰਗ ਦੀ ਭਲਾਈ ਲਈ ਹੋਵੇਗਾ - ਮਨੋਹਰ ਲਾਲ ਖੱਟਰ

Manohar Lal Khattar

ਚੰਡੀਗੜ੍ਹ - ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਤਰਜ਼ 'ਤੇ ਹਰਿਆਣਾ ਸਰਕਾਰ ਵੀ ਸੂਬੇ ਲਈ ਅੰਮ੍ਰਿਤ ਕਾਲ ਦਾ ਪਹਿਲਾ ਬਜਟ ਪੇਸ਼ ਕਰੇਗੀ। ਸਾਡੀ ਕੋਸ਼ਿਸ਼ ਹੈ ਕਿ ਅਜਿਹਾ ਲੋਕਤੰਤਰੀ ਬਜਟ ਬਣਾਇਆ ਜਾਵੇ, ਜਿਸ ਨਾਲ ਸਾਰਿਆਂ ਦੀ ਭਾਗੀਦਾਰੀ ਨਾਲ ਸੂਬੇ ਦਾ ਸਰਬਪੱਖੀ ਵਿਕਾਸ ਹੋਵੇ। ਸਾਲ 2023-24 ਦੇ ਰਾਜ ਦੇ ਆਮ ਬਜਟ ਵਿਚ ਕਿਸਾਨਾਂ, ਮਜ਼ਦੂਰਾਂ, ਉਦਯੋਗਾਂ, ਸਿਹਤ ਸੇਵਾਵਾਂ ਦੀ ਮਜ਼ਬੂਤੀ ਸਮੇਤ ਅੰਤੋਦਿਆ ਪਰਿਵਾਰਾਂ ਦੇ ਆਰਥਿਕ ਅਤੇ ਸਮਾਜਿਕ ਉੱਨਤੀ 'ਤੇ ਧਿਆਨ ਦਿੱਤਾ ਜਾਵੇਗਾ। ਇਹ ਬਜਟ ਹਰ ਵਰਗ ਦੀ ਭਲਾਈ ਲਈ ਹੋਵੇਗਾ।

ਮੁੱਖ ਮੰਤਰੀ ਸੋਮਵਾਰ ਨੂੰ ਹਰਿਆਣਾ ਨਿਵਾਸ ਵਿਖੇ ਸਾਰੇ ਮੰਤਰੀਆਂ ਅਤੇ ਵਿਭਾਗਾਂ ਦੇ ਪ੍ਰਸ਼ਾਸਨਿਕ ਸਕੱਤਰਾਂ ਨਾਲ ਪ੍ਰੀ-ਬਜਟ ਸਲਾਹ-ਮਸ਼ਵਰੇ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਹਨਾਂ ਵੱਲੋਂ ਮੀਟਿੰਗ ਵਿਚ ਪਿਛਲੇ ਸਾਲ ਦੇ ਬਜਟ ਐਲਾਨਾਂ ਦੀ ਵੀ ਸਮੀਖਿਆ ਕੀਤੀ ਗਈ। ਮੀਟਿੰਗ ਦੌਰਾਨ ਇਸ ਗੱਲ 'ਤੇ ਵੀ ਚਰਚਾ ਕੀਤੀ ਗਈ ਕਿ ਕਿਵੇਂ ਹਰਿਆਣਾ ਨੂੰ ਹਾਲ ਹੀ ਵਿਚ ਪੇਸ਼ ਕੀਤੇ ਗਏ ਕੇਂਦਰੀ ਬਜਟ ਵਿੱਚ ਮਹੱਤਵਪੂਰਨ ਪ੍ਰੋਜੈਕਟਾਂ ਦਾ ਵੱਧ ਤੋਂ ਵੱਧ ਲਾਭ ਮਿਲਣਾ ਚਾਹੀਦਾ ਹੈ।

 ਇਹ ਵੀ ਪੜ੍ਹੋ - ਭਾਰਤੀ ਮੂਲ ਦੀ ਬੈਂਕ ਅਧਿਕਾਰੀ ਨੂੰ ਆਸਟ੍ਰੇਲੀਆ 'ਚ ਮਿਲਿਆ ਸਨਮਾਨਯੋਗ ਅਹੁਦਾ

ਮਨੋਹਰ ਲਾਲ ਖੱਟਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਭਾਰਤੀ ਅਰਥਚਾਰੇ ਨੂੰ ਪੰਜ ਖਰਬ ਡਾਲਰ ਦੀ ਅਰਥਵਿਵਸਥਾ ਬਣਾਉਣ ਦੇ ਵਿਜ਼ਨ ਨੂੰ ਹਾਸਲ ਕਰਨ ਵਿਚ ਹਰਿਆਣਾ ਆਪਣਾ ਪੂਰਾ ਯੋਗਦਾਨ ਦੇਵੇਗਾ। ਇਸ ਦੇ ਲਈ ਹਰ ਖੇਤਰ ਵਿਚ ਵਿਕਾਸ ਦਰ ਵਧਾਉਣ ਦੀ ਲੋੜ ਹੈ। ਇਸ ਕੜੀ ਵਿਚ ਲਘੂ, ਸੂਖਮ ਅਤੇ ਦਰਮਿਆਨੇ ਉਦਯੋਗਾਂ ਨੂੰ ਉਤਸ਼ਾਹਿਤ ਕੀਤਾ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਕੇਂਦਰੀ ਬਜਟ ਦੀ ਤਰਜ਼ 'ਤੇ ਹਰਿਆਣਾ ਦੇ ਬਜਟ ਵਿਚ ਵੀ ਸਾਰੇ ਵਰਗਾਂ ਦੇ ਹਿੱਤਾਂ ਦਾ ਧਿਆਨ ਰੱਖਿਆ ਜਾਵੇਗਾ। ਕੇਂਦਰ ਸਰਕਾਰ ਵੱਲੋਂ ਬਜਟ ਵਿੱਚ ਸ਼ਾਮਲ ਕੀਤੀਆਂ ਗਈਆਂ ਨਵੀਆਂ ਸਕੀਮਾਂ ਨੂੰ ਲਾਗੂ ਕਰਨ ਵੱਲ ਸੂਬਾ ਸਰਕਾਰ ਵਿਸ਼ੇਸ਼ ਧਿਆਨ ਦੇਵੇਗੀ। ਸੂਬੇ ਦੇ ਬਜਟ ਵਿਚ ਸਿੱਖਿਆ, ਸਿਹਤ, ਰੁਜ਼ਗਾਰ, ਔਰਤਾਂ ਦੀ ਭਲਾਈ ਅਤੇ ਅੰਤੋਦਿਆ ਵਿਕਾਸ 'ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਬੁਨਿਆਦੀ ਢਾਂਚੇ ਦੇ ਵਿਕਾਸ ਵੱਲ ਵੀ ਧਿਆਨ ਦਿੱਤਾ ਜਾਵੇਗਾ, ਨਵੇਂ ਉਦਯੋਗ ਸਥਾਪਿਤ ਕੀਤੇ ਜਾਣਗੇ ਅਤੇ ਰੁਜ਼ਗਾਰ ਦੇ ਮੌਕੇ ਵਧਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਉਪਲੱਬਧ ਪਾਣੀ ਦੀ ਢੁੱਕਵੀਂ ਵੰਡ ਅਤੇ ਸਟੋਰੇਜ ਨਾਲ ਸਬੰਧਤ ਪ੍ਰਾਜੈਕਟਾਂ 'ਤੇ ਤੇਜ਼ੀ ਨਾਲ ਕੰਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੂਖਮ ਸਿੰਚਾਈ ਨੂੰ ਉਤਸ਼ਾਹਿਤ ਕੀਤਾ ਜਾਵੇਗਾ। ਕੇਂਦਰ ਸਰਕਾਰ ਦੀ ਸੋਚ ਅਨੁਸਾਰ ਸਾਰੇ ਲੋੜਵੰਦਾਂ ਦੇ ਸਿਰਾਂ 'ਤੇ ਛੱਤ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ੀ ਨਾਲ ਪੂਰਾ ਕੀਤਾ ਜਾਵੇਗਾ।

ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਲ 2023-24 ਲਈ ਰਾਜ ਦਾ ਬਜਟ ਸਾਰੇ ਵਰਗਾਂ ਦੀ ਭਲਾਈ ਲਈ ਹੋਵੇਗਾ। ਬਜਟ ਵਿਚ ਗਰੀਬ ਵਰਗ ਦੀ ਭਲਾਈ ਲਈ ਹੋਰ ਯੋਜਨਾਵਾਂ ਲਾਗੂ ਕਰਨ 'ਤੇ ਜ਼ੋਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰੀ ਬਜਟ ਵਿਚ ਆਰ.ਆਰ.ਟੀ.ਐਸ ਦੇ 2 ਪ੍ਰੋਜੈਕਟਾਂ ਲਈ ਫੰਡ ਦੇਣ ਦਾ ਐਲਾਨ ਕੀਤਾ ਗਿਆ ਹੈ, ਜਿਸ ਤੋਂ ਹਰਿਆਣਾ ਨੂੰ ਲਗਭਗ 3600 ਕਰੋੜ ਰੁਪਏ ਦਾ ਲਾਭ ਹੋਵੇਗਾ। ਇਸੇ ਤਰ੍ਹਾਂ ਹਰ ਮੈਡੀਕਲ ਕਾਲਜ ਦੇ ਨਾਲ ਨਰਸਿੰਗ ਕਾਲਜ ਸਥਾਪਤ ਕਰਨ ਬਾਰੇ ਵੀ ਮੀਟਿੰਗ ਵਿੱਚ ਚਰਚਾ ਕੀਤੀ ਗਈ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਹੋਰ ਹਿੱਸੇਦਾਰਾਂ ਨਾਲ ਵੀ ਪ੍ਰੀ-ਬਜਟ ਮੀਟਿੰਗਾਂ ਕੀਤੀਆਂ ਜਾਣਗੀਆਂ, ਜਿਸ ਵਿਚ ਉਨ੍ਹਾਂ ਦੇ ਸੁਝਾਵਾਂ ਨੂੰ ਸ਼ਾਮਲ ਕਰਕੇ ਵਧੀਆ ਅਤੇ ਸੰਤੁਲਿਤ ਬਜਟ ਪੇਸ਼ ਕੀਤਾ ਜਾਵੇਗਾ। ਹਰਿਆਣਾ ਵਿਧਾਨ ਸਭਾ ਦਾ ਬਜਟ ਸੈਸ਼ਨ 20 ਫਰਵਰੀ ਤੋਂ ਸ਼ੁਰੂ ਹੋਵੇਗਾ।