Punjab News: ਨਸ਼ਾ ਤਸਕਰਾਂ ਅਤੇ ਜਲੰਧਰ ਦਿਹਾਤੀ ਪੁਲਿਸ ਵਿਚਾਲੇ ਗੋਲੀਬਾਰੀ; 2 ਗ੍ਰਿਫ਼ਤਾਰ
ਰੇਡ ਕਰਨ ਪਹੁੰਚੀ ਪੁਲਿਸ ’ਤੇ ਚਲਦੀ ਕਾਰ ਵਿਚੋਂ ਚਲਾਈਆਂ ਗੋਲੀਆਂ
Punjab News: ਜ਼ਿਲ੍ਹਾ ਜਲੰਧਰ ਦੇ ਸ਼ਾਹਕੋਟ ਨੇੜੇ ਦਿਹਾਤੀ ਪੁਲਿਸ ਅਤੇ ਨਸ਼ਾ ਤਸਕਰਾਂ ਵਿਚਾਲੇ ਗੋਲੀਬਾਰੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਛਾਪੇਮਾਰੀ ਕਰਨ ਆਈ ਪੁਲਿਸ ਪਾਰਟੀ 'ਤੇ ਨਸ਼ਾ ਤਸਕਰਾਂ ਨੇ ਗੋਲੀਆਂ ਚਲਾ ਦਿਤੀਆਂ ਅਤੇ ਉਥੋਂ ਫ਼ਰਾਰ ਹੋ ਗਏ | ਇਸ ’ਤੇ ਦਿਹਾਤੀ ਪੁਲਿਸ ਨੇ ਵੀ ਜਵਾਬੀ ਕਾਰਵਾਈ ਕੀਤੀ। ਸੂਤਰਾਂ ਅਨੁਸਾਰ ਘਟਨਾ ਵਿਚ ਇਕ ਤਸਕਰ ਨੂੰ ਗੋਲੀ ਲੱਗੀ ਹੈ।
ਘਟਨਾ ਮਗਰੋਂ ਜਲੰਧਰ ਦਿਹਾਤੀ ਪੁਲਿਸ ਦੇ ਸੀਨੀਅਰ ਅਧਿਕਾਰੀ ਘਟਨਾ ਵਾਲੀ ਥਾਂ 'ਤੇ ਪਹੁੰਚ ਗਏ ਹਨ। ਸੂਤਰਾਂ ਤੋਂ ਪਤਾ ਲੱਗਿਆ ਹੈ ਕਿ ਇਹ ਮੁਕਾਬਲਾ ਵੀਰਵਾਰ ਦੁਪਹਿਰ ਨੂੰ ਹੋਇਆ। ਮੁਲਜ਼ਮਾਂ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਚੱਲਦੀ ਕਾਰ ’ਚੋਂ ਫਾਇਰਿੰਗ ਸ਼ੁਰੂ ਕਰ ਦਿਤੀ। ਜਲੰਧਰ ਦਿਹਾਤੀ ਪੁਲਿਸ ਦੇ ਐਸਐਸਪੀ ਮੁਖਵਿੰਦਰ ਸਿੰਘ ਭੁੱਲਰ ਨੇ ਐਨਕਾਊਂਟਰ ਦੀ ਪੁਸ਼ਟੀ ਕੀਤੀ ਹੈ। ਜ਼ਖ਼ਮੀ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਉਰਫ਼ ਗੋਪੀ ਵਜੋਂ ਹੋਈ ਹੈ।
ਦਸਿਆ ਜਾ ਰਿਹਾ ਹੈ ਕਿ ਪੁਲਿਸ ਨੇ ਕਾਫੀ ਦੂਰ ਤਕ ਮੁਲਜ਼ਮਾਂ ਦਾ ਪਿੱਛਾ ਕੀਤਾ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਦਿਹਾਤੀ ਪੁਲਿਸ ਨੇ ਵਾਰਦਾਤ ਵਾਲੀ ਥਾਂ ਤੋਂ ਕੁੱਲ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ ਦੋ ਪਿਸਤੌਲ, ਮੈਗਜ਼ੀਨ ਅਤੇ ਕਾਰਤੂਸ ਬਰਾਮਦ ਹੋਏ ਹਨ। ਜ਼ਖ਼ਮੀ ਮੁਲਜ਼ਮ ਨੂੰ ਇਲਾਜ ਲਈ ਲਿਜਾਇਆ ਗਿਆ ਹੈ। ਐੱਸਐੱਸਪੀ ਮੁਖਵਿੰਦਰ ਸਿੰਘ ਭੁੱਲਰ ਨੇ ਦਸਿਆ ਕਿ ਆਰਮਜ਼ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿਤੀ ਹੈ।
(For more Punjabi news apart from Jalandhar rural police drug traffickers Encounter punjab news, stay tuned to Rozana Spokesman)