‘ਯੁੱਧ ਨਸ਼ਿਆਂ ਦੇ ਵਿਰੁੱਧ’ ਦੇ ਸੱਤਵੇਂ ਦਿਨ ਸੂਬੇ ਭਰ ‘ਚ 687 ਛਾਪੇਮਾਰੀਆਂ ਤੋਂ ਬਾਅਦ 111 ਨਸ਼ਾ ਤਸਕਰਾਂ ਗ੍ਰਿਫ਼ਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਿਨ ਭਰ ਚੱਲੇ ਅਪ੍ਰੇਸ਼ਨ ਦੌਰਾਨ 86 ਐਫਆਈਆਰਜ਼ ਦਰਜ, 1.2 ਕਿਲ ਹੈਰੋਇਨ, 9.8 ਕਿਲੋ ਅਫ਼ੀਮ, 1.32 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

111 drug peddlers arrested after 687 raids across the state on seventh day of ‘War on Drugs’

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਣਤ ਦੇ ਮੁਕੰਮਲ ਖ਼ਤਮੇ ਲਈ ਵਿੱਢੀ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ  ਨੂੰ ,ਲਗਾਤਾਰ ਸੱਤਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਸ਼ੁੱਕਰਵਾਰ ਨੂੰ ਇੱਕ ਵਿਸ਼ੇਸ਼ ਆਪ੍ਰੇਸ਼ਨ ‘ ਅਪ੍ਰੇਸ਼ਨ ਸੀਲ-9’ ਚਲਾਇਆ, ਜਿਸਦਾ ਉਦੇਸ਼ ਸਰਹੱਦੀ ਸੂਬੇ ਪੰਜਾਬ ਵਿੱਚ ਦਾਖਲ ਹੋਣ ਜਾਂ ਬਾਹਰ ਜਾਣ ਵਾਲੇ ਸਾਰੇ ਵਾਹਨਾਂ ਦੀ ਚੈਕਿੰਗ ਕਰਨਾ ਸੀ ਤਾਂ ਜੋ ਨਸ਼ਾ ਤਸਕਰਾਂ  ਅਤੇ ਸ਼ਰਾਬ ਤਸਕਰਾਂ ’ਤੇ ਤਿੱਖੀ ਨਜ਼ਰ ਰੱਖੀ ਜਾ ਸਕੇ।

ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ ਸਰਹੱਦੀ ਜ਼ਿਲਿ੍ਹਆਂ ਵਿੱਚ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਚਲਾਏ ਗਏ ਇਸ ਆਪ੍ਰੇਸ਼ਨ ਦੌਰਾਨ, ਸਾਰੇ ਐਸਐਸਪੀਜ਼ ਨੂੰ ਨਿਰਦੇਸ਼ ਦਿੱਤੇ ਗਏ ਸਨ ਕਿ ਸਰਹੱਦੀ ਜ਼ਿਲਿ੍ਹਆਂ ਦੀਆਂ ਰਣਨੀਤਕ ਥਾਵਾਂ ’ਤੇ ਸਾਂਝੇ ਨਾਕੇ ਲਗਾਏ ਜਾਣ ਅਤੇ ਗਜ਼ਟਿਡ ਅਧਿਕਾਰੀਆਂ/ਐਸਐਚਓਜ਼ ਦੀ ਨਿਗਰਾਨੀ ਹੇਠ ਸੀਲਿੰਗ ਪੁਆਇੰਟਾਂ ’ਤੇ ਮਜ਼ਬੂਤ ‘ਨਾਕੇ’ ਲਗਾਉਣ ਲਈ ਵੱਧ ਤੋਂ ਵੱਧ ਨਫ਼ਰੀ ਜੁਟਾਈ ਜਾਵੇ।

ਇਸ ਸਬੰਧੀ ਵੇਰਵੇ ਸਾਂਝੇ ਕਰਦੇ ਹੋਏ, ਵਿਸ਼ੇਸ਼ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਚਾਰ ਸਰਹੱਦੀ ਰਾਜਾਂ ਅਤੇ ਯੂਟੀ ਚੰਡੀਗੜ੍ਹ ਨਾਲ ਸਰਹੱਦਾਂ ਸਾਂਝੀਆਂ ਕਰਨ ਵਾਲੇ 10 ਜ਼ਿਲਿ੍ਹਆਂ ਦੇ ਲਗਭਗ 84 ਦਾਖਲਾ ਹੋਣ/ਬਾਹਰ ਜਾਣ ਵਾਲੇ ਪੁਆਇੰਟਾਂ ’ਤੇ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ, 1000 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਨਫ਼ਰੀ ਵਾਲੇ ਮਜ਼ਬੂਤ ਨਾਕੇ ਲਗਾਏ ਗਏ ਸਨ।  10 ਅੰਤਰ-ਰਾਜੀ ਸਰਹੱਦੀ ਜ਼ਿਲਿ੍ਹਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਸੂਬੇ ਵਿੱਚ ਦਾਖਲ ਹੋਣ/ਬਾਹਰ ਜਾਣ ਵਾਲੇ 3938 ਵਾਹਨਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਵਿੱਚੋਂ 471 ਦੇ ਚਲਾਨ ਕੱਟੇ ਗਏ ਅਤੇ 11 ਨੂੰ ਜ਼ਬਤ ਕੀਤਾ ਗਿਆ।

ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਘੇਰਾਬੰਦੀ ਅਤੇ ਖੋਜ ਮੁਹਿੰਮ (ਕਾਸੋ) ਜਾਰੀ ਰੱਖੀ ਹੈ ਅਤੇ ਸ਼ੁੱਕਰਵਾਰ ਨੂੰ 687 ਥਾਵਾਂ ’ਤੇ ਛਾਪੇਮਾਰੀ ਕੀਤੀ ਹੈ, ਜਿਸ ਨਾਲ ਸੂਬੇ ਭਰ ਵਿੱਚ 86 ਐਫ਼ਆਈਆਜ਼ ਦਰਜ ਹੋਣ ਤੋਂ ਬਾਅਦ 111 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਨਾਲ, ਇੱਕ ਹਫ਼ਤੇ ਦੇ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 884 ਹੋ ਗਈ ਹੈ।

ਸਪੈਸ਼ਲ ਡੀਜੀਪੀ ਨੇ ਕਿਹਾ ਕਿ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.2 ਕਿਲੋਗ੍ਰਾਮ ਹੈਰੋਇਨ, 9.8 ਕਿਲੋਗ੍ਰਾਮ ਅਫੀਮ, 3.3 ਕਿਲੋਗ੍ਰਾਮ ਗਾਂਜਾ, 46 ਕਿਲੋਗ੍ਰਾਮ ਭੁੱਕੀ, 7091 ਨਸ਼ੀਲੀਆਂ ਗੋਲੀਆਂ/ਟੀਕੇ ਅਤੇ 1.32 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ 111 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 2000 ਤੋਂ ਵੱਧ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਾਲੀਆਂ 250 ਦੇ ਕਰੀਬ ਪੁਲਿਸ ਟੀਮਾਂ ਨੇ ਰਾਜ ਭਰ ਵਿੱਚ ਛਾਪੇਮਾਰੀ ਕੀਤੀ  ਅਤੇ 787 ਸ਼ੱਕੀ ਵਿਅਕਤੀਆਂ ਦੀ ਚੈਕਿੰਗ  ਕੀਤੀ ।

ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਇੱਕ ਵਿਆਪਕ ਰਣਨੀਤੀ ਤਿਆਰ ਕੀਤੀ ਹੈ ਅਤੇ ਅਜਿਹੇ ਆਪ੍ਰੇਸ਼ਨ ਰਾਜ ਵਿੱਚੋਂ ਨਸ਼ੇ ਦੀ ਲਾਹਣਤ ਦੇ ਮੁਕੰਮਲ ਖਾਤਮੇ ਤੱਕ ਜਾਰੀ ਰਹਿਣਗੇ।ਸਪੈਸ਼ਲ ਡੀਜੀਪੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਰਾਜ ਵਿੱਚੋਂ ਨਸ਼ੇ ਦੀ ਲਾਹਣਤ ਨੂੰ ਖਤਮ ਕਰਨ ਲਈ ਤਿੰਨ-ਨੁਕਾਤੀ ਰਣਨੀਤੀ - ਇਨਫੋਰਸਮੈਂਟ, ਡੀਐਡਿਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) - ਲਾਗੂ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ‘ਨਸ਼ਾ ਛੁਡਾਉਣ’ ਦੇ ਹਿੱਸੇ ਵਜੋਂ ਦੋ ਵਿਅਕਤੀਆਂ ਨੂੰ ਨਸ਼ਾ ਛੁਡਾਉਣ ਅਤੇ ਮੁੜ-ਵਸੇਬੇ ਦੇ ਇਲਾਜ ਲਈ ਰਾਜ਼ੀ ਕੀਤਾ ਹੈ, ਜਦੋਂ ਕਿ, ਰੋਕਥਾਮ ਦੇ ਹਿੱਸੇ ਵਜੋਂ ਮੰਗਲਵਾਰ ਨੂੰ ਰਾਜ ਭਰ ਵਿੱਚ 189 ਜਾਗਰੂਕਤਾ ਸਮਾਗਮਾਂ ਦਾ ਆਯੋਜਨ ਕੀਤਾ ਗਿਆ।