ਕੈਪਟਨ ਨੇ ਪ੍ਰਧਾਨ ਮੰਤਰੀ ਨੂੰ ਦਿਤੇ ਪੰਜਾਬ ਕੋਲ ਉਪਲਭਧ ਪਾਣੀ ਦੇ ਅੰਕੜੇ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਪੰਜਾਬ ਕੋਲ ਉਪਲਭਧ ਪਾਣੀ ਦੇ ਅੰਕੜੇ ਦਿਤੇ ਹਨ।
ਚੰਡੀਗੜ੍ਹ/ਨਵੀਂ ਦਿੱਲੀ, 11 ਜੁਲਾਈ (ਜੈ ਸਿੰਘ ਛਿੱਬਰ/ਸੁਖਰਾਜ ਸਿੰਘ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਪੰਜਾਬ ਕੋਲ ਉਪਲਭਧ ਪਾਣੀ ਦੇ ਅੰਕੜੇ ਦਿਤੇ ਹਨ।
ਸੂਤਰ ਦਸਦੇ ਹਨ ਕਿ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਐਸ.ਵਾਈ.ਐਲ ਵਰਗੇ ਗੰਭੀਰ ਤੇ ਵਿਵਾਦਤ ਮਸਲੇ 'ਤੇ ਹਰਿਆਣਾ ਨਾਲ ਗੱਲਬਾਤ ਤੋਰਨ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ। ਕੈਪਟਨ ਨੇ ਪ੍ਰਧਾਨ ਮੰਤਰੀ ਨੂੰ ਪਾਣੀ ਦੀ ਮੌਜੂਦਾ ਸਥਿਤੀ ਤੋਂ ਜਾਣੂ ਕਰਵਾਉਂਦਿਆਂ ਕਿਹਾ ਕਿ ਗਲੇਸ਼ੀਅਰਾਂ ਦੇ ਪਿਘਲਣ ਨਾਲ ਪਾਣੀ ਦੀ ਮਾਤਰਾ ਬਹੁਤ ਘੱਟ ਗਈ ਹੈ। ਉਨ੍ਹਾਂ ਇਸ ਮਸਲੇ ਦਾ ਜਲਦੀ ਤੋਂ ਜਲਦੀ ਸੁਖਾਵਾਂ ਹੱਲ ਲੱਭਣ ਦੀ ਅਪੀਲ ਕੀਤੀ। ਕੈਪਟਨ ਨੇ ਦੁਹਰਾਇਆ ਕਿ ਸਮੱਸਿਆ ਦਾ ਹੱਲ ਆਪਸੀ ਗੱਲਬਾਤ ਰਾਹੀਂ ਹੀ ਕਢਿਆ ਜਾ ਸਕਦਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਸੁਪਰੀਮ ਕੋਰਟ ਵਲੋਂ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ 'ਤੇ ਲੋਕਾਂ ਦੇ ਪ੍ਰਦਰਸ਼ਨ ਨੂੰ ਰੋਕਣ ਬਾਰੇ ਜਾਰੀ ਕੀਤੇ ਹੁਕਮਾਂ ਦਾ ਸਵਾਗਤ ਕਰਦਿਆਂ ਆਖਿਆ ਕਿ ਨਾ ਤਾਂ ਪੰਜਾਬ ਅਤੇ ਨਾ ਹੀ ਹਰਿਆਣਾ ਇਸ ਮਸਲੇ 'ਤੇ ਹਿੰਸਾ ਦਾ ਸੇਕ ਝੱਲ ਸਕਦਾ ਹੈ।
ਇਸ ਤੋਂ ਇਲਾਵਾ ਮੁੱਖ ਮੰਤਰੀ ਨੇ ਵਿਦੇਸ਼ ਵਿਚ ਵਸੇ ਪੰਜਾਬੀ ਮੂਲ ਦੇ ਨੌਜਵਾਨ ਲੜਕੇ ਅਤੇ ਲੜਕੀਆਂ ਲਈ 'ਅਪਣੀਆਂ ਜੜ੍ਹਾਂ ਨਾਲ ਜੁੜੋ' (ਸੀ.ਵਾਈ.ਆਰ) ਪ੍ਰੋਗਰਾਮ ਸ਼ੁਰੂ ਕਰਨ ਲਈ ਕੇਂਦਰ ਸਰਕਾਰ ਤੋਂ ਸਮਰਥਨ ਦੀ ਵੀ ਮੰਗ ਕੀਤੀ ਹੈ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਪ੍ਰੋਗਰਾਮ ਹੇਠ ਵਿਸ਼ਵ ਦੇ ਵੱਖ-ਵੱਖ ਹਿੱਸਿਆਂ ਵਿਚ ਵਸੇ ਨੌਜਵਾਨਾਂ ਨੂੰ ਉਨ੍ਹਾਂ ਥਾਵਾਂ ਦਾ ਦੌਰਾ ਕਰਨ ਦਾ ਮੌਕਾ ਮਿਲੇਗਾ ਜਿਸ ਨਾਲ ਉਨ੍ਹਾਂ ਦੇ ਪਰਵਾਰ ਦੇ ਜੀਆਂ ਦਾ ਸਬੰਧ ਹੈ ਜਾਂ ਉਨ੍ਹਾਂ ਦੇ ਦਾਦਾ-ਦਾਦੀ, ਨਾਨਾ-ਨਾਨੀ ਦਾ ਜਨਮ ਹੋਇਆ ਸੀ ਜਾਂ ਉਨ੍ਹਾਂ ਨੇ ਖ਼ੁਦ ਆਪਣੇ ਜੀਵਨ ਦੇ ਮੁਢਲੇ ਸਾਲ ਗੁਜ਼ਾਰੇ ਹਨ। ਇਹ ਪ੍ਰਸਤਾਵਤ ਸਕੀਮ 16 ਤੋਂ 22 ਸਾਲ ਦੀ ਉਮਰ ਵਾਲੇ ਨੌਜਵਾਨ ਲੜਕੇ-ਲੜਕੀਆਂ ਲਈ ਸ਼ੁਰੂ ਕੀਤੀ ਜਾਵੇਗੀ।