SIT ਮੁਖੀ ਦੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਸੁਖਬੀਰ ਦੀ ਘਬਰਾਹਟ ਦੀ ਨਿਸ਼ਾਨੀ: ਦਲ ਖ਼ਾਲਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਾਂਚ ਨੂੰ ਲੀਹੋਂ ਲਾਉਣ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਸੇ ਹਟਾਉਣ ਲਈ ਅਕਾਲੀ ਮਾਰ ਰਹੇ ਹੰਭਲੀਆਂ

Kanwarpal Singh

ਚੰਡੀਗੜ੍ਹ: ਬੇਅਦਬੀ ਅਤੇ ਗੋਲੀਕਾਂਡ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦੇ ਮੁੱਖੀ ਆਈ.ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਹਮਾਇਤ ਵਿਚ ਦਲ ਖ਼ਾਲਸਾ ਅੱਗੇ ਆਇਆ ਹੈ। ਦਲ ਖ਼ਾਲਸਾ ਦੇ ਆਗੂਆਂ ਨੇ ਕਿਹਾ ਕਿ ਅਕਾਲੀ ਦਲ ਵਲੋਂ ਚੋਣ ਕਮਿਸ਼ਨ ਨੂੰ ਐਸਆਈਟੀ ਮੁਖੀ ਕੁੰਵਰ ਵਿਜੇ ਪ੍ਰਤਾਪ ਸਿੰਘ ਵਿਰੁਧ ਦਿਤੀ ਸ਼ਿਕਾਇਤ ਤੋਂ ਸੁਖਬੀਰ ਬਾਦਲ ਦੀ ਘਬਰਾਹਟ ਦਾ ਸਪੱਸ਼ਟ ਪ੍ਰਗਟਾਵਾ ਹੋ ਰਿਹਾ ਹੈ।

ਦਲ ਖ਼ਾਲਸਾ ਦੇ ਬੁਲਾਰੇ ਕੰਵਰ ਪਾਲ ਸਿੰਘ ਨੇ ਕਿਹਾ ਕਿ ਐਸਆਈਟੀ ਸਹੀ ਤਰੀਕੇ ਨਾਲ ਅਤੇ ਸਹੀ ਦਿਸ਼ਾ ਵਿਚ ਅਪਣੀ ਜਾਂਚ ਲੈ ਕੇ ਜਾ ਰਹੀ ਹੈ ਅਤੇ ਸੁਖਬੀਰ ਤੇ ਉਸ ਦੇ ਸਾਥੀਆਂ ਨੂੰ ਪਤਾ ਹੈ ਕਿ ਕਿਸੇ ਵੀ ਮੌਕੇ ਉਨ੍ਹਾਂ ਨੂੰ ਮੁਅੱਤਲ ਆਈ.ਜੀ. ਪਰਮਰਾਜ ਉਮਰਾਨੰਗਲ ਵਾਂਗ ਹੱਥਕੜੀਆਂ ਲੱਗ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਜਾਂਚ ਨੂੰ ਲੀਹੋਂ ਲਾਉਣ ਲਈ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਸੇ ਹਟਾਉਣ ਲਈ ਅਕਾਲੀ ਹੰਭਲੀਆਂ ਮਾਰ ਰਹੇ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਦਲ ਵਿਸ਼ੇਸ਼ ਜਾਂਚ ਟੀਮ ਵਿਚੋਂ ਕੇਵਲ ਇਕ ਅਫ਼ਸਰ ਦੀ ਸ਼ਿਕਾਇਤ ਕੀਤੀ ਹੈ ਅਤੇ ਇੰਝ ਕਰਕੇ ਉਨ੍ਹਾਂ ਬਾਕੀ ਅਫ਼ਸਰਾਂ ਦੀ ਕਾਰਗੁਜ਼ਾਰੀ ਅਤੇ ਇਮਾਨਦਾਰੀ ਨੂੰ ਲੋਕਾਂ ਦੀਆਂ ਨਜ਼ਰਾਂ ਵਿਚ ਸ਼ੱਕੀ ਬਣਾ ਦਿਤਾ ਹੈ।