ਤੇਲ ਦੀਆਂ ਵਧ ਰਹੀਆਂ ਕੀਮਤਾਂ ਨੂੰ ਲੈ ਕੇ AAP ਵੱਲੋਂ ਕੈਪਟਨ ਸਰਕਾਰ ਦੀ ਨਿਖੇਧੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਪਟਨ ਨੇ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਮੁੱਕਰ ਕੇ ਪੰਜਾਬ ਦੇ ਲੋਕਾਂ ਨਾਲ ਕੀਤੀ ਗਦਾਰੀ

harpal

ਚੰਡੀਗੜ੍ਹ:  ਦੇਸ਼ ਵਿਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।  ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮਹਿੰਗਾਈ ਦੇ ਮਾਰੇ ਲੋਕਾਂ ਉਤੇ ਕੈਪਟਨ ਸਰਕਾਰ ਨੇ ਹੋਰ ਬੋਝ ਪਾ ਕੇ ਸਿੱਧ ਕੀਤਾ ਕਿ ਉਹ ਲੋਕ ਵਿਰੋਧੀ ਹਨ। ਉਨ੍ਹਾਂ ਕਿਹਾ ਕਿ ਖੇਤੀ ਪ੍ਰਧਾਨ ਸੂਬੇ ਦੇ ਮੁੱਖ ਮੰਤਰੀ ਨੂੰ ਚਾਹੀਦਾ ਤਾਂ ਇਹ ਸੀ ਕਿ ਉਹ ਕਿਸਾਨਾਂ ਦੀ ਬਾਂਹ ਫੜ੍ਹਦੇ ਪ੍ਰੰਤੂ ਉਸ ਦੇ ਉਲਟ ਡੀਜ਼ਲ ਅਤੇ ਪੈਟਰੋਲ ਉਤੇ 30 ਪੈਸੇ ਹੋਰ ਟੈਕਸ ਲਗਾਕੇ ਮਹਿੰਗਾ ਕਰ ਦਿੱਤਾ ਹੈ।

ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਪਹਿਲਾਂ ਹੀ ਦੂਜੇ ਸੂਬਿਆਂ ਦੇ ਮੁਕਾਬਲੇ ਸਭ ਤੋਂ ਵੱਧ ਟੈਕਸ ਲਿਆ ਜਾ ਰਿਹਾ ਹੈ, ਇਸ ਨਾਲ ਹੋਰ ਜ਼ਿਆਦਾ ਟੈਕਸ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਇਕ ਪਾਸੇ ਤਾਂ ਇਸ਼ਤਿਹਾਰ ਜਾਰੀ ਕਰਕੇ ਢੰਡੋਰਾ ਪਿੱਟ ਰਹੇ ਹਨ ਕਿ ਉਹ ਲੋਕਾਂ ਨੂੰ ਸਹੂਲਤਾਂ ਦੇ ਰਹੇ ਹਨ, ਪਰ ਅੱਜ ਉਨ੍ਹਾਂ ਦੀ ਅਸਲੀਅਤ ਸਾਹਮਣੇ ਆ ਗਈ ਹੈ ਕਿ ਉਹ ਲੋਕਾਂ ਨੂੰ ਲੁੱਟਣ ਦਾ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਉਤੇ ਸਪੈਸ਼ਲ ਇਨਸਟਰਾਫਰਚਰ ਫੀਸ ਦੇ ਨਾਂ ਉਤੇ 30-30 ਪੈਸੇ ਪ੍ਰਤੀ ਲੀਟਰ ਵਾਧਾ ਕਰਨ ਲ ਪੈਟਰੋਲ ਦੀ ਕੀਮਤ 91.51 ਤੋਂ ਵਧਕੇ 91.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.57 ਤੋਂ 82.87 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਚੀਮਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਹੀ ਕਦਮਾਂ ਉਤੇ ਚੱਲ ਰਹੇ ਹਨ ਜਿਨ੍ਹਾਂ ਕਦਮਾਂ ਉਪਰ ਚਲਦੇ ਹੋਏ ਕੇਂਦਰ ਦੀ ਮੋਦੀ ਸਰਕਾਰ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਤੋਂ ਬਦਲਾ ਲੈਂਦੀ ਹੋਈ ਪੰਜਾਬ ਵਿਰੋਧੀ ਫੈਸਲੇ ਲੈ ਰਹੀ ਹੈ, ਉਸੇ ਤਰ੍ਹਾਂ ਹੀ ਕਰਜ਼ੇ ਦੇ ਮਾਰ ਹੇਠ ਦਬੇ ਲੋਕਾਂ ਉਤੇ ਹੋਰ ਬੋਝ ਪਾਉਣ ਲਈ ਕੈਪਟਨ ਟੈਕਸਾਂ ਵਿੱਚ ਵਾਧਾ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੇ ਵਾਧੇ ਨਾਲ ਹਰ ਚੀਜ਼ ਦੀਆਂ ਕੀਮਤਾਂ ਵਿੱਚ ਵਾਧਾ ਹੋਵੇਗਾ, ਜਿਸ ਨਾਲ ਗਰੀਬ, ਮੱਧ ਵਰਗ ਅਤੇ ਹਰੇਕ ਉਤੇ ਇਸਦਾ ਬੋਝ ਪਵੇਗਾ।

ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਸਹੂਲਤਾਂ ਦੇਣ ਦਾ ਵਾਅਦਾ ਕੀਤਾ ਸੀ, ਪ੍ਰੰਤੂ ਸੱਤਾ ਵਿੱਚ ਆਉਣ ਤੋਂ ਬਾਅਦ ਉਸਦੇ ਉਲਟ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕੈਪਟਨ ਸਰਕਾਰ ਤੋਂ ਲੋਕ ਵਿਰੋਧੀ ਨੀਤੀਆਂ ਦਾ ਬਦਲਾ ਜ਼ਰੂਰ ਲੈਣਗੇ।