ਜਲੰਧਰ ਲੋਕ ਸਭਾ ਜ਼ਿਮਨੀ ਚੋਣ: AAP ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਲਗਾਇਆ ਚੋਣ ਇੰਚਾਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਜ਼ਰੀਏ ਸਾਂਝੀ ਕੀਤੀ ਜਾਣਕਾਰੀ

Harpal Singh Cheema

 

ਚੰਡੀਗੜ੍ਹ:  ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਚੋਣ ਇੰਚਾਰਜ ਲਗਾਇਆ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਜ਼ਰੀਏ ਸਾਂਝੀ ਕੀਤੀ। ਮੁੱਖ ਮੰਤਰੀ ਨੇ ਲਿਖਿਆ,” ਮਾਣਯੋਗ ਵਿੱਤ ਮੰਤਰੀ ਪੰਜਾਬ ਸਰਕਾਰ ਹਰਪਾਲ ਚੀਮਾ ਜੀ ਨੂੰ ਲੋਕ ਸਭਾ ਹਲਕਾ ਜਲੰਧਰ ਦੀ ਜ਼ਿਮਨੀ ਚੋਣ ਦੇ ਇੰਚਾਰਜ ਦੀ ਜ਼ਿੰਮੇਵਾਰੀ ਦਿੱਤੀ ਜਾਂਦੀ ਹੈ...ਬਹੁਤ ਬਹੁਤ ਮੁਬਾਰਕਾਂ...ਉਮੀਦ ਹੈ ਚੀਮਾ ਸਾਬ੍ਹ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣਗੇ... ਸ਼ੁੱਭਕਾਮਨਾਵਾਂ”।

ਇਸ ਮਗਰੋਂ ਹਰਪਾਲ ਸਿੰਘ ਚੀਮਾ ਨੇ ਟਵੀਟ ਕੀਤਾ, “ਜਲੰਧਰ ਜ਼ਿਮਨੀ ਚੋਣ ਵਿਚ ਇਹ ਅਹਿਮ ਜ਼ਿੰਮੇਵਾਰੀ ਦੇਣ ਲਈ ਮੁੱਖ ਮੰਤਰੀ ਭਗਵੰਤ ਮਾਨ ਸਾਬ੍ਹ ਦਾ ਧੰਨਵਾਦ। ਅਸੀਂ ਅਰਵਿੰਦ ਕੇਜਰੀਵਾਲ ਜੀ ਦੀ ਯੋਗ ਅਗਵਾਈ ਵਿਚ ਆਪਣੀ ਪੂਰੀ ਤਾਕਤ ਨਾਲ ਲੜਾਂਗੇ ਅਤੇ ਜਲੰਧਰ ਦੇ ਲੋਕਾਂ ਦੇ ਪਿਆਰ ਸਦਕਾ ਭਾਰੀ ਬਹੁਮਤ ਨਾਲ ਇਹ ਚੋਣ ਜਿੱਤਾਂਗੇ”।

ਇਹ ਵੀ ਪੜ੍ਹੋ: ਲਾਰੈਂਸ ਬਿਸ਼ਨੋਈ ਦੇ ਸਾਥੀ ਗੈਂਗਸਟਰ ਨੇ ਕੰਨ ਫੜ ਕੇ ਮੰਗੀ ਮੁਆਫ਼ੀ, “ਮੈਨੂੰ ਮੁਆਫ਼ ਕਰ ਦਿਓ, ਮੈਂ ਗੰਦਾ ਆਦਮੀ ਹਾਂ”

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਐਲਾਨਿਆ ਹੈ। ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ ਬੀਤੇ ਦਿਨ ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਸਨ। ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਦਾ ਪਾਰਟੀ ਵਿਚ ਸਵਾਗਤ ਕੀਤਾ ਸੀ।

ਇਹ ਵੀ ਪੜ੍ਹੋ: ਹਾਲ ਹੀ ਦੇ ਬਜਟ ਸੈਸ਼ਨ ਦੌਰਾਨ ਸੰਸਦ ਦੀ ਕਾਰਵਾਈ ਨਾ ਹੋਣਾ ਮੰਦਭਾਗਾ : ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ

ਜ਼ਿਕਰਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ’ਤੇ ਜ਼ਿਮਨੀ ਚੋਣ 10 ਮਈ ਨੂੰ ਹੋਵੇਗੀ ਅਤੇ 13 ਮਈ ਨੂੰ ਇਸ ਦੇ ਨਤੀਜੇ ਐਲਾਨੇ ਜਾਣਗੇ। ਕਾਂਗਰਸ ਵੱਲੋਂ ਮਰਹੂਮ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਇਥੋਂ ਉਮੀਦਵਾਰ ਐਲਾਨਿਆ ਗਿਆ ਹੈ। ਜਦਕਿ ਅਕਾਲੀ ਦਲ-ਬਸਪਾ ਗਠਜੋੜ ਤੇ ਭਾਜਪਾ ਵੱਲੋਂ ਅਜੇ ਤੱਕ ਆਪਣੇ ਪੱਤੇ ਨਹੀਂ ਖੋਲ੍ਹੇ ਗਏ ਹਨ।