Punjab News : ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ‘ਆਪ’ ਵੱਲੋਂ ਭੁੱਖ ਹੜਤਾਲ ,ਸੀਐਮ ਭਗਵੰਤ ਮਾਨ ਰਹਿਣਗੇ ਮੌਜੂਦ
ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਅੱਜ ਦੇਸ਼ ਭਰ ਵਿੱਚ ‘ਆਪ’ ਵੱਲੋਂ ਭੁੱਖ ਹੜਤਾਲ
Punjab News : ਆਮ ਆਦਮੀ ਪਾਰਟੀ (ਆਪ) ਵੱਲੋਂ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਅੱਜ ਦੇਸ਼ ਭਰ ਵਿੱਚ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ਦਿੱਲੀ ਸਰਕਾਰ ਦੇ ਮੰਤਰੀ, ਆਪ ਦੇ ਸਾਰੇ ਸੰਸਦ ਮੈਂਬਰ, ਵਿਧਾਇਕ ਅਤੇ ਕੌਂਸਲਰ ਅੱਜ ਜੰਤਰ-ਮੰਤਰ ਵਿਖੇ ਸਮੂਹਿਕ ਭੁੱਖ ਹੜਤਾਲ ਕਰਨਗੇ। ਉਥੇ ਹੀ ‘ਆਪ’ ਨੇ ਸ਼ਹੀਦੇ ਆਜ਼ਮ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿੱਚ ਸਮੂਹਿਕ ਭੁੱਖ ਹੜਤਾਲ ਕਰਨ ਦੀ ਰਣਨੀਤੀ ਬਣਾਈ ਜਾ ਰਹੀ ਹੈ।
ਸੀਐਮ ਭਗਵੰਤ ਮਾਨ ਕਰਨਗੇ ਅਗਵਾਈ
ਇਸ ਸਮਾਗਮ ਦੀ ਅਗਵਾਈ ਮੁੱਖ ਮੰਤਰੀ ਭਗਵੰਤ ਮਾਨ ਖੁਦ ਕਰਨਗੇ। ਪਾਰਟੀ ਵੱਲੋਂ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਵੀ ਪ੍ਰੋਗਰਾਮ ਉਲੀਕੇ ਜਾਣਗੇ। ਇਸ ਦੇ ਨਾਲ ਹੀ ਲੋਕ ਸਭਾ ਚੋਣਾਂ ਵਿੱਚ ਜਿੱਤ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਨੇ ਆਗੂਆਂ ਦੇ ਨਾਲ-ਨਾਲ ਵਲੰਟੀਅਰਾਂ ਨੂੰ ਵੀ ਸ਼ਾਮਲ ਕਰਨ ਦੀ ਤਿਆਰੀ ਕਰ ਲਈ ਹੈ।
ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਤੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਾਰਟੀ ਵਰਕਰ ਸਰਗਰਮ ਮੋਡ ਵਿੱਚ ਨਜ਼ਰ ਆਏ ਹਨ। ‘ਆਪ’ ਆਗੂ ਕੇਂਦਰ ਸਰਕਾਰ ਖ਼ਿਲਾਫ਼ ਮੋਰਚੇ ’ਤੇ ਆ ਗਏ ਹਨ ਅਤੇ ਮੁੱਖ ਮੰਤਰੀ ਦੀ ਗ੍ਰਿਫ਼ਤਾਰੀ ਖ਼ਿਲਾਫ਼ ਅੰਦੋਲਨ ਛੇੜ ਦਿੱਤਾ ਗਿਆ ਹੈ। ਅਜਿਹੇ 'ਚ ਪਾਰਟੀ ਐਤਵਾਰ ਨੂੰ ਦੇਸ਼ 'ਚ ਹੀ ਨਹੀਂ ਸਗੋਂ ਵਿਦੇਸ਼ਾਂ 'ਚ ਵੀ ਸਮੂਹਿਕ ਵਰਤ ਦੇ ਜ਼ਰੀਏ ਵਿਰੋਧ ਪ੍ਰਦਰਸ਼ਨ ਕਰਨ ਦੀ ਤਿਆਰੀ ਕਰ ਰਹੀ ਹੈ।
'ਕੇਜਰੀਵਾਲ ਨੂੰ ਸਾਜ਼ਿਸ਼ ਤਹਿਤ ਗ੍ਰਿਫਤਾਰ ਕੀਤਾ ਗਿਆ...'
ਸ਼ਨੀਵਾਰ ਨੂੰ ਪਾਰਟੀ ਹੈੱਡਕੁਆਰਟਰ 'ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦਿੱਲੀ ਸਰਕਾਰ ਦੇ ਕੈਬਨਿਟ ਮੰਤਰੀ ਗੋਪਾਲ ਰਾਏ ਨੇ ਕਿਹਾ ਸੀ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸਾਜ਼ਿਸ਼ ਅਤੇ ਏਜੰਸੀਆਂ ਦੀ ਦੁਰਵਰਤੋਂ ਕਰਕੇ ਗ੍ਰਿਫਤਾਰ ਕੀਤਾ ਹੈ।