ਬਾਦਲ ਨੂੰ ਆਪਣੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ : ਕੈਪਟਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਜਸਵੀਰ ਸਿੰਘ ਡਿੰਪਾ ਲਈ ਚੋਣ ਪ੍ਰਚਾਰ ਕਰਨ ਜ਼ੀਰਾ ਪੁੱਜੇ ਕੈਪਟਨ ਅਮਰਿੰਦਰ ਸਿੰਘ

Captain Amarinder Singh rally at Dana Mandi Zira

ਜ਼ੀਰਾ : ਸ਼੍ਰੋਮਣੀ ਅਕਾਲੀ ਦਲ ਨੇ ਆਪਣੇ ਕਾਰਜਕਾਲ ਦੌਰਾਨ ਸਿਵਾਏ ਪੰਜਾਬ ਦੀ ਲੁੱਟ-ਖਸੁੱਟ ਤੋਂ ਕੁਝ ਨਹੀਂ ਕੀਤਾ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਬਰਗਾੜੀ ਗੋਲੀ ਕਾਂਡ ਜਿਹੇ ਘਿਨੌਣੇ ਕਾਰੇ ਲਈ ਪਰਕਾਸ਼ ਸਿੰਘ ਬਾਦਲ ਨੂੰ ਲੋਕ ਕਦੇ ਮਾਫ਼ ਨਹੀਂ ਕਰਨਗੇ। ਉਨ੍ਹਾਂ ਨੂੰ ਆਪਣੇ ਗੁਨਾਹਾਂ ਦਾ ਹਿਸਾਬ ਦੇਣਾ ਪਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ।

ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਜਸਵੀਰ ਸਿੰਘ ਡਿੰਪਾ ਲਈ ਚੋਣ ਪ੍ਰਚਾਰ ਕਰਨ ਜ਼ੀਰਾ ਪੁੱਜੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਦੇਸ਼ 'ਚ ਬੇਰੁਜ਼ਗਾਰੀ, ਗ਼ਰੀਬੀ, ਭ੍ਰਿਸ਼ਟਾਚਾਰ ਆਦਿ ਦੇ ਖ਼ਾਤਮੇ ਦਾ ਸੰਕਲਪ ਲੈ ਕੇ ਚੋਣਾਂ ਲੜ ਰਹੀ ਹੈ, ਜਦਕਿ ਭਾਜਪਾ-ਅਕਾਲੀ ਦਲ ਫ਼ੌਜ ਦੇ ਨਾਂ 'ਤੇ ਵੋਟਾਂ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲਾਂ ਨੇ ਹਮੇਸ਼ਾ ਪੰਜਾਬੀਆਂ ਨੂੰ ਵੰਡਣ ਦਾ ਕੰਮ ਕੀਤਾ ਹੈ। ਆਪਣੇ ਹੱਕਾਂ ਪ੍ਰਤੀ ਸੁਹਿਰਦ ਹੋ ਚੁੱਕੇ ਲੋਕ ਹੁਣ ਬਾਦਲ ਨੂੰ ਕਦੇ ਵੀ ਮੂੰਹ ਨਹੀਂ ਲਾਉਣਗੇ।

ਅਕਾਲੀਆਂ ਵੱਲੋਂ ਕਾਂਗਰਸ 'ਤੇ ਸ਼੍ਰੋਮਣੀ ਕਮੇਟੀ ਨੂੰ ਆਪਣੇ ਕਬਜ਼ੇ ਵਿਚ ਲੈਣ ਦੇ ਦੋਸ਼ਾਂ ਦਾ ਜਵਾਬ ਦਿੰਦਿਆਂ ਕੈਪਟਨ ਨੇ ਕਿਹਾ ਕਿ ਉਹ ਸਿੱਖ ਪਰਿਵਾਰ ਨਾਲ ਸਬੰਧਤ ਹਨ ਅਤੇ ਸਿੱਖ ਹੋਣ ਦੇ ਨਾਤੇ ਉਹ ਸ਼੍ਰੋਮਣੀ ਕਮੇਟੀ ਚੋਣਾਂ ਵਿਚ ਸ਼ਿਰਕਤ ਕਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਸਰਕਾਰ ਨੇ ਹਮੇਸ਼ਾ ਪੰਜਾਬੀਆਂ ਨੂੰ ਵੰਡਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਪ੍ਰਤੀ ਸੁਹਿਰਦ ਹੋ ਚੁੱਕੇ ਲੋਕ ਹੁਣ ਬਾਦਲ ਨੂੰ ਕਦੇ ਵੀ ਮੂੰਹ ਨਹੀਂ ਲਾਉਣਗੇ।

ਕੈਪਟਨ ਨੇ ਕਿਹਾ ਕਿ ਸਰਹੱਦ ਪਾਰ ਕਾਰਵਾਈ ਕਰਨ ਲਈ ਕੀਤੇ ਹਵਾਈ ਹਮਲੇ ਭਾਜਪਾ ਦਾ ਮਹਿਜ਼ ਇਕ ਨਵਾਂ ਜੁਮਲਾ ਹੈ ਜਦਕਿ ਅਜਿਹੀਆਂ ਕਾਰਵਾਈਆਂ ਪਿਛਲੇ 70 ਸਾਲਾਂ ਤੋਂ ਹੋ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਦੀਆਂ ਫ਼ੌਜਾਂ ਦੇ ਬਹਾਦਰੀ ਭਰੇ ਕਾਰਨਾਮਿਆਂ 'ਤੇ ਮੋਦੀ ਆਪਣੀ ਮੋਹਰ ਲਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤੀ ਫ਼ੌਜ ਕਿਸੇ ਦੀ ਨਿੱਜੀ ਜਾਗੀਰ ਨਹੀਂ ਹੈ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਅਜੇ ਤਿੰਨ ਸਾਲ ਹੋਰ ਪਏ ਹਨ ਅਤੇ ਲੋਕਾਂ ਨਾਲ ਕੀਤਾ ਗਿਆ ਹਰ ਵਾਅਦਾ ਪੂਰਾ ਕੀਤਾ ਜਾਵੇਗਾ। ਪੰਜਾਬ ਨੂੰ ਮੁੜ ਦੇਸ਼ ਦੇ ਸਿਖਰਲੇ ਸੂਬਿਆਂ 'ਚ ਸ਼ਾਮਲ ਕੀਤਾ ਜਾਵੇਗਾ।