ਸਿਹਤ ਵਿਭਾਗ ਕੋਵਿਡ-19 ਦੇ ਟਾਕਰੇ ਲਈ ਹਰ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ: ਸਿੱਧੂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਿਹਤ ਮੰਤਰੀ ਵਲੋਂ ਜ਼ਿਲ੍ਹੇ ਦੀਆਂ ਰਾਜਸੀ ਹਸਤੀਆਂ, ਪ੍ਰਸ਼ਾਸਨਿਕ ਤੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ

1

ਅੰਮ੍ਰਿਤਸਰ, 6 ਮਈ (ਅਰਵਿੰਦਰ ਵੜੈਚ): ਬਲਬੀਰ ਸਿੰਘ ਸਿੱਧੂ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਪੰਜਾਬ ਬੁੱਧਵਾਰ ਨੂੰ ਅੰਮ੍ਰਿਤਸਰ ਵਿਚ ਕੋਵਿਡ-19 ਦੀ ਰੋਕਥਾਮ ਲਈ ਕੀਤੇ ਗਏ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਪੁੱਜੇ, ਇਸ ਮੌਕੇ ਉਨ੍ਹਾਂ ਵੱਲੋਂ ਲੋਕ ਸਭਾ ਮੈਂਬਰ, ਵਿਧਾਇਕ ਸਾਹਿਬਾਨ, ਜਿਲ੍ਹਾ ਅਧਿਕਾਰੀਆਂ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ।


ਮੀਟਿੰਗ ਵਿਚ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਮੇਅਰ ਕਰਮਜੀਤ ਸਿੰਘ ਰਿੰਟੂ,  ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਡਾ. ਰਾਜ ਕੁਮਾਰ ਵੇਰਕਾ, ਸੁਨੀਲ ਦੱਤੀ, ਇੰਦਰਬੀਰ ਸਿੰਘ ਬੁਲਾਰੀਆ, ਤਰਸੇਮ ਸਿੰਘ ਡੀ. ਸੀ, ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ, ਮੁੱਖ ਮੰਤਰੀ ਦੇ ਓ ਐਸ ਡੀ ਸੰਦੀਪ ਸਿੰਘ ਸੰਧੂ, ਚੇਅਰਮੈਨ ਦਿਨੇਸ਼ ਬੱਸੀ, ਸਿਵਲ ਸਰਜਨ ਡਾ. ਜੁਗਲ ਕਿਸ਼ੋਰ ਅਤੇ ਹੋਰ ਮੋਹਤਬਰ ਹਾਜ਼ਰ ਸਨ।


ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਸਿੱਧੂ ਨੇ ਦੱਸਿਆ ਕਿ ਕੋਵਿਡ-19 ਦੀ ਰੋਕਥਾਮ ਸਬੰਧੀ ਸਿਹਤ ਵਿਭਾਗ ਵੱਲੋਂ ਜਿਲੇ ਅੰਦਰ ਮੈਡੀਕਲ ਸਹੂਲਤਾਂ, ਹਸਪਤਾਲਾਂ ਵਿਚ ਮਰੀਜ਼ਾਂ ਲਈ ਲੋੜੀਦੇ ਪ੍ਰਬੰਧਾਂ ਅਤੇ ਪੀੜਤ ਮਰੀਜ਼ਾਂ ਦੇ ਇਲਾਜ ਅਤੇ ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ ਕਰਨ ਸਬੰਧੀ ਕੀਤੇ ਉਪਰਾਲਿਆਂ ਦੀ ਸਮੀਖਿਆ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਸੰਕਟ ਦੀ ਘੜੀ ਵਿਚ ਲੋਕਾਂ ਦੀ ਸਿਹਤ ਸੰਭਾਲ ਨੂੰ ਲੈ ਕੇ ਕੋਈ ਮੁਸ਼ਕਿਲ ਨਾ ਆਉਣ ਦੇਣ ਲਈ ਦ੍ਰਿੜ ਹੈ ਅਤੇ ਹਸਪਤਾਲਾਂ ਵਿਚ ਜਿਸ ਵੀ ਮੈਡੀਕਲ ਸਹੂਲਤਾਂ ਦੀ ਜ਼ਰੂਰਤ ਹੋਵੇਗੀ ਉਹ ਤੁਰੰਤ ਪੂਰੀ ਕੀਤੀ ਜਾਵੇਗੀ। ਉਨ੍ਹਾਂ ਕਿ ਹਸਪਤਾਲਾਂ ਵਿਚ ਲੋੜੀਦੀਆਂ ਦਵਾਈਆਂ, ਪੀ.ਪੀ.ਈ ਕਿੱਟਾਂ, ਐਨ-95 ਮਾਸਕ, ਮਾਸਕ (ਟ੍ਰਿਪਲ ਲੇਅਰ), ਸੈਨੀਟਾਈਜ਼ਰ, ਦਸਤਾਨੇ ਆਦਿ ਦੀ ਕੋਈ ਘਾਟ ਨਹੀਂ ਹੈ ਅਤੇ ਮਰੀਜ਼ਾਂ ਦੇ ਇਲਾਜ ਤੇ ਸਿਹਤ ਵਿਭਾਗ ਦੇ ਸਟਾਫ ਵਿਚ ਕਿਸੇ ਕਿਸਮ ਦੀ ਕੋਈ ਘਾਟ ਨਾ ਆਉਣ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਵਿਚ ਸਮੁੱਚੀ ਟੀਮ ਕੋਵਿਡ -19 ਦੀ ਰੋਕਥਾਮ ਲਈ ਸ਼ਲਾਘਾਯੋਗ ਕੰਮ ਕਰ ਰਹੀ ਹੈ।


ਇਕ ਸਵਾਲ ਦੇ ਜਵਾਬ ਵਿਚ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਾਹਰਲੇ ਰਾਜਾਂ ਤੋਂ ਆਏ ਸਾਰੇ ਲੋਕਾਂ ਨੂੰ ਬਹੁਤ ਵਧੀਆ ਤਰੀਕੇ ਨਾਲ ਠਹਿਰਾਉਣ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਜਿਨ੍ਹਾਂ ਦੀ ਰਿਪੋਰਟ ਕੋਰੋਨਾ ਪੋਜ਼ਟਿਵ ਆਈ ਹੈ, ਉਨ੍ਹਾਂ ਨੂੰ ਹਸਪਤਾਲਾਂ ਦੇ ਆਈਸ਼ੋਲੇਸ਼ਨ ਵਾਰਡਾਂ ਵਿਚ ਰੱਖਿਆ ਗਿਆ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਦੱਸਿਆ ਕਿ ਜ਼ਿਲੇ ਅੰਦਰ ਕੋਰੋਨਾ ਵਾਇਰਸ ਬਿਮਾਰੀ ਨਾਲ ਪੀੜਤ ਮਰੀਜਾਂ ਦਾ ਵੱਖ-ਵੱਖ ਹਸਪਤਾਲਾਂ ਦੇ ਆਈਸੋਲੇਸ਼ਨ ਵਾਰਡਾਂ ਵਿਖੇ ਇਲਾਜ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਦੀ ਹਰ ਸੁਖ ਸਹੂਲਤ ਦਾ ਵਿਸ਼ੇਸ ਖਿਆਲ ਰੱਖਿਆ ਜਾ ਰਿਹਾ ਹੈ।