ਅਕਾਲੀ ਆਗੂ ਸ਼ਰਧਾਲੂਆਂ ਦੇ ਗੰਭੀਰ ਮੁੱਦੇ 'ਤੇ ਸੌੜੀ ਸਿਆਸਤ ਕਰਨ ਤੋਂ ਗੁਰੇਜ਼ ਕਰਨ : ਰਾਣਾ ਸੋਢੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼ਰਧਾਲੂਆਂ ਦੇ ਗੰਭੀਰ ਮੁੱਦੇ 'ਤੇ ਅਕਾਲੀ ਆਗੂਆਂ ਨੂੰ ਸੌੜੀ ਸਿਆਸਤ ਨਾ ਕਰਨ ਦੀ ਸਲਾਹ ਦਿੰਦਿਆਂ, ਪੰਜਾਬ ਖੇਡ ਤੇ ਯੁਵਕ

File Photo

ਚੰਡੀਗੜ੍ਹ, 6 ਮਈ (ਸਪੋਕਸਮੈਨ ਸਮਾਚਾਰ ਸੇਵਾ) : ਸ਼ਰਧਾਲੂਆਂ ਦੇ ਗੰਭੀਰ ਮੁੱਦੇ 'ਤੇ ਅਕਾਲੀ ਆਗੂਆਂ ਨੂੰ ਸੌੜੀ ਸਿਆਸਤ ਨਾ ਕਰਨ ਦੀ ਸਲਾਹ ਦਿੰਦਿਆਂ, ਪੰਜਾਬ ਖੇਡ ਤੇ ਯੁਵਕ ਮਾਮਲੇ ਅਤੇ ਐਨ.ਆਰ.ਆਈਜ਼ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅਕਾਲੀ ਆਗੂਆਂ 'ਤੇ ਨਾਂਦੇੜ (ਹਜ਼ੂਰ ਸਾਹਿਬ) ਤੋਂ ਵਾਪਸ ਪਰਤੇ ਸ਼ਰਧਾਲੂਆਂ ਦੇ ਮੁੱਦੇ 'ਤੇ ਸਿਆਸੀਕਰਨ ਦੀਆਂ ਵਿਅਰਥ ਕੋਸ਼ਿਸ਼ਾਂ ਕਰਨ ਦਾ ਦੋਸ਼ ਲਾਇਆ।

ਬੁਧਵਾਰ ਨੂੰ ਇਥੇ ਜਾਰੀ ਇਕ ਬਿਆਨ ਵਿਚ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕ ਨਾਕਾਰਾਤਮਕ ਰਾਜਨੀਤੀ ਵਿਚ ਲੱਗੇ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਨੇ ਅਕਾਲੀ ਲੀਡਰਾਂ ਨੂੰ ਇਹ ਸਲਾਹ ਦਿਤੀ ਕਿ ਹੋਛੀ ਰਾਜਨੀਤੀ ਰਾਹੀਂ ਲੋਕਾਂ ਦੀ ਸੇਵਾ ਨਹੀਂ ਕੀਤੀ ਜਾ ਸਕਦੀ ਅਤੇ ਸੰਵੇਦਨਸ਼ੀਲ ਮੁੱਦਿਆਂ ਨੂੰ ਨਕਾਰਾਤਮਕ ਢੰਗ ਨਾਲ ਨਹੀਂ ਉਠਾਇਆ ਜਾਣਾ ਚਾਹੀਦਾ।

ਉਨ੍ਹਾਂ ਅੱਗੇ ਕਿਹਾ ਕਿ ਮਨੁੱਖਤਾ ਦੀ ਸੇਵਾ ਲਈ ਉਨ੍ਹਾਂ ਨੂੰ ਨਾਲ ਖੜ੍ਹੇ ਹੋ ਕੇ ਕੰਮ ਕਰਨਾ ਚਾਹੀਦਾ ਹੈ। ਰਾਣਾ ਸੋਢੀ ਨੇ ਜ਼ੋਰ ਦੇ ਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਕਾਲੀ ਲੀਡਰਾਂ ਵਾਂਗ ਇਸ ਮਹਾਂਮਾਰੀ ਦੌਰਾਨ ਲੋਕਾਂ ਨੂੰ ਇਕੱਲੇ ਨਹੀਂ ਛੱਡਿਆ, ਜੋ ਸਿਰਫ਼ ਬਿਆਨ ਦੇ ਕੇ ਹੀ ਸੰਤੁਸ਼ਟ ਹੋ ਜਾਂਦੇ ਸਨ। ਉਨ੍ਹਾਂ ਅਫ਼ਸੋਸ ਜ਼ਾਹਰ ਕੀਤਾ ਕਿ ਵਿਰੋਧੀ ਪਾਰਟੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਉਹ ਸਿਰਫ਼ ਅਪਣੇ ਨਿਜੀ ਹਿੱਤਾਂ ਦੀ ਪੂਰਤੀ ਕਰਨਾ ਚਾਹੁੰਦੀਆਂ ਹਨ ਜਦੋਂ ਕਿ ਇਸ ਸਮੇਂ ਉਨ੍ਹਾਂ ਨੂੰ ਸਿਆਸੀਕਰਨ ਤੋਂ ਉਪਰ ਉਠਣਾ ਚਾਹੀਦਾ ਸੀ।

ਉਨ੍ਹਾਂ ਕਿਹਾ ਕਿ ਮਹਾਮਾਰੀ ਨੇ ਪੂਰੀ ਦੁਨੀਆ ਨੂੰ ਬਿਲਕੁਲ ਬਦਲ ਦਿਤਾ ਹੈ ਪਰ ਵਿਰੋਧੀ ਧਿਰ ਦੀ ਨਾਕਾਰਾਤਮਕ ਰਾਜਨੀਤੀ ਅਜੇ ਵੀ ਕਾਇਮ ਹੈ। ਉਨ੍ਹਾਂ ਟਿੱਪਣੀ ਕੀਤੀ ਕਿ ਵਿਰੋਧੀ ਧਿਰ ਵਲੋਂ ਭਾਈਚਾਰੇ ਨੂੰ ਵੰਡਣ ਦੀ ਕੋਸ਼ਿਸ਼ ਅਫ਼ਸੋਸਜਨਕ ਹੈ। ਮੰਤਰੀ ਨੇ ਅਫ਼ਸੋਸ ਜ਼ਾਹਰ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਵਿਰੋਧੀ ਪਾਰਟੀਆਂ ਨੇ ਸਿਰਫ਼ ਬਿਆਨ ਦੇਣ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਕੁੱਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ''ਲੋਕਾਂ ਦਾ ਸਾਥ ਦੇਣ ਦੀ ਬਜਾਏ, ਉਨ੍ਹਾਂ ਨੂੰ ਵੰਡਣ ਦੀ ਕੋਸ਼ਿਸ਼ ਕੀਤੀ ਗਈ।

ਮੌਜੂਦਾ ਹਾਲਾਤ ਵਿਚ ਉਨ੍ਹਾਂ ਦੁਆਰਾ ਨਿਭਾਈ ਨਕਾਰਾਤਮਕ ਭੂਮਿਕਾ ਨਿੰਦਣਯੋਗ ਹੈ।'' ਉਨ੍ਹਾਂ ਦੁਹਰਾਇਆ ਕਿ ਇਨ੍ਹਾਂ ਨੇਤਾਵਾਂ ਦਾ ਕੋਰੋਨਾ ਵਾਇਰਸ ਨਾਲ ਨਜਿੱਠਣ ਦਾ ਕੋਈ ਏਜੰਡਾ ਨਹੀਂ ਸੀ ਅਤੇ ਅਜਿਹੇ ਗੰਭੀਰ ਮੁੱਦੇ 'ਤੇ ਰਾਜਨੀਤੀ ਦੇਸ਼ ਅਤੇ ਵਿਸ਼ੇਸ਼ ਤੌਰ 'ਤੇ ਪੰਜਾਬ ਰਾਜ ਦੇ ਹਿੱਤ ਵਿਚ ਨਹੀਂ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸੂਬੇ ਨੂੰ ਪਹਿਲਾਂ ਨਾਲੋਂ ਵੀ ਵੱਧ ਏਕਤਾ ਅਤੇ ਭਾਈਚਾਰੇ ਦੀ ਲੋੜ ਹੈ।