ਨਸ਼ੇ ਦੇ ਆਦੀ ਨੌਜਵਾਨਾਂ ਦਾ ਜਲਦ ਕਰੋ ਇਲਾਜ : ਬ੍ਰਹਮ ਮਹਿੰਦਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਸ਼ਾ ਪੀੜਤ ਨੌਜਵਾਨਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਸਾਰੇ ਸਿਵਲ ਸਰਜਨਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ.....

Brahm Mohindra

ਚੰਡੀਗੜ - ਨਸ਼ਾ ਪੀੜਤ ਨੌਜਵਾਨਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬ੍ਰਹਮ ਮਹਿੰਦਰਾ ਨੇ ਸਾਰੇ ਸਿਵਲ ਸਰਜਨਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਮੰਤਰੀ ਦੀ ਤਰਫੋਂ ਸਬੰਧਿਤ ਵਿਭਾਗ ਨੇ ਇਕ ਬਿਆਨ ਵਿਚ ਕਿਹਾ  ਹੈ ਕਿ ਨਸ਼ੇ ਦੇ ਆਦੀ ਮਰੀਜ਼ਾਂ ਨੂੰ ਤਰਜੀਹੀ ਤੌਰ 'ਤੇ ਜਾਂਚਣਾ ਹੁਣ ਸਿਹਤ ਵਿਭਾਗ ਦੀ ਮੁੱਖ ਜ਼ਿੰਮੇਵਾਰੀ ਹੋਵੇਗੀ। ਜੇਕਰ ਕਿਸੇ ਵੀ ਪੱਧਰ 'ਤੇ ਕਿਸੇ ਕਿਸਮ ਦੀ ਕੋਈ ਕੁਤਾਹੀ ਜਾਂ ਲਾਪ੍ਰਵਾਹੀ ਵਰਤੀ ਜਾਂਦੀ ਹੈ ਤਾਂ ਸਬੰਧਤ ਸਿਵਲ ਸਰਜਨ ਵਿਰੁਧ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਦੱਸਿਆ ਕਿ ਸੂਬਾ ਸਰਕਾਰ ਸੂਬੇ ਦੀ ਨਸ਼ੇ ਸਬੰਧੀ ਸਮੱਸਿਆਵਾਂ ਤੋਂ ਭਲੀ-ਭਾਂਤ ਜਾਣੂ ਹੈ ਅਤੇ ਇਸ ਨੂੰ ਨਜਿੱਠਣ ਲਈ ਆਪਣੀ ਨੈਤਿਕ ਤੇ ਸੰਵਿਧਾਨਿਕ ਜਿੰਮੇਵਾਰੀ ਨਿਭਾ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਖੁੱਲ੍ਹੇ ਨਸ਼ਾ ਮੁਕਤੀ ਕੇਂਦਰਾਂ/ਮੁੜ ਵਸੇਬਾ ਕੇਂਦਰਾਂ ਕੋਲ ਲੋੜੀਂਦਾ ਸਟਾਫ ਅਤੇ ਦਵਾਈਆਂ ਉਪਲਬੱਧ ਹਨ ਤਾਂ ਜੋ ਨਸ਼ੇ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਤਰੀਕੇ ਨਾਲ ਇਲਾਜ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਸਮਾਜਿਕ ਤੌਰ 'ਤੇ ਹੀਣ ਭਾਵਨਾ ਕਾਰਨ ਨਸ਼ਾ ਕਰਨ ਵਾਲੇ ਮਰੀਜ ਖੁੱਲ੍ਹ ਕੇ ਸਾਹਮਣੇ ਨਹੀਂ ਆਉਂਦੇ ਜੋ  ਬਹੁਤ ਵੱਡੀ ਸਮੱਸਿਆ ਹੈ।