Tarn Taran News : ਪਹੁਵਿੰਡ 'ਚ ਤੇਜ਼ ਰਫਤਾਰ ਕਾਰ ਨੇ ਦਰੜੇ ਪੰਜ ਵਿਅਕਤੀ, ਐਕਟਿਵਾ ਸਵਾਰ ਪਿਉ ਪੁੱਤਰ ਦੀ ਮੌਤ, ਤਿੰਨ ਗੰਭੀਰ ਜ਼ਖ਼ਮੀ

ਏਜੰਸੀ

ਖ਼ਬਰਾਂ, ਪੰਜਾਬ

ਪੁਲਿਸ ਨੇ ਡਰਾਈਵਰ ਨੂੰ ਮੌਕੇ ਤੋਂ ਕਾਬੂ ਕਰ ਮਾਮਲੇ ਦੀ ਜਾਂਚ ਕੀਤੀ ਸ਼ੁਰੂ 

Tarn Taran News: Father and son killed in Activa hit by speeding car in Pahuwind

ਭਿੱਖੀਵਿੰਡ  : ਸੋਮਵਾਰ ਰਾਤ 8 ਵਜੇ ਦੇ ਕਰੀਬ ਥਾਣਾ ਭਿੱਖੀਵਿੰਡ ਅਧੀਨ ਪੈਂਦੇ ਪਿੰਡ ਪਹੁਵਿੰਡ ਨਜ਼ਦੀਕ ਸੜਕ 'ਤੇ ਤਬਾਹੀ ਦਾ ਕਹਿਰ ਉਸ ਵਕਤ ਦੇਖਣ ਨੂੰ ਮਿਲਿਆ, ਜਦੋਂ ਨਸ਼ੇ ਦੀ ਹਾਲਤ ਵਿੱਚ ਇੱਕ ਸਵਿਫਟ ਕਾਰ ਸਵਾਰ ਵਿਅਕਤੀ ਵੱਲੋਂ ਸੜਕ ਤੇ ਜਾ ਰਹੇ ਲੋਕਾਂ ਨੂੰ ਬੁਰੀ ਤਰ੍ਹਾਂ ਕੁਚਲ ਦਿੱਤਾ। ਇਸ ਹਾਦਸੇ ਵਿੱਚ ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਇੱਕ ਸਕੂਟਰੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਤੇ ਸਵਾਰ ਦੋ ਪਿਓ ਪੁੱਤਰਾਂ ਦੀ ਮੌਕੇ ਤੇ ਹੀ ਜਾਨ ਚਲੀ ਗਈ, ਜਿਨਾਂ ਦੀ ਪਛਾਣ ਦਿਲਪ੍ਰੀਤ ਸਿੰਘ (32) ਪੁੱਤਰ ਗੁਰਦਿਆਲ ਸਿੰਘ ਅਤੇ ਅਰਮਾਨਦੀਪ ਸਿੰਘ (10) ਪੁੱਤਰ ਦਿਲਪ੍ਰੀਤ ਸਿੰਘ ਵਾਸੀ ਪਿੰਡ ਕਲਸੀਆਂ ਖੁਰਦ ਵਜੋਂ ਹੋਈ ਹੈ। ਜਦਕਿ ਇਹਨਾਂ ਦਾ ਇੱਕ ਤੀਜਾ ਸਾਥੀ ਸੁਖਬੀਰ ਸਿੰਘ ਪੁੱਤਰ ਸੁਖਵੰਤ ਸਿੰਘ ਵਾਸੀ ਮਾੜੀ ਗੌੜ ਸਿੰਘ ਅਤੇ ਦੋ ਹੋਰ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹਨ।  ਹਾਦਸਾ ਇੰਨਾ ਭਿਆਨਕ ਸੀ  ਤੇਜ਼ ਰਫਤਾਰ ਕਾਰ ਲੋਕਾਂ ਨੂੰ ਦੂਰ ਤੱਕ ਦਰੜਦੀ ਗਈ। ਇਸ ਤੋਂ  ਬਾਅਦ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਖੜ ਗਈ। ਜਿਸ ਤੋਂ ਬਾਅਦ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਪਹਿਲਾਂ ਐਕਸੀਡੈਂਟ ਵਿੱਚ ਜਖਮੀ ਹੋਏ ਲੋਕਾਂ ਨੂੰ 112 ਸੜਕ ਸੁਰੱਖਿਆ ਫੋਰਸ ਦੀ ਮਦਦ ਨਾਲ ਭਿੱਖੀ ਵਿੰਡ ਦੇ ਨਿੱਜੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। 

ਮੌਕੇ ਤੇ ਪਹੁੰਚੇ ਥਾਣਾ ਭਿੱਖੀਵਿੰਡ ਦੇ ਐਸਐਚ ਓ ਮਨੋਜ ਕੁਮਾਰ ਸ਼ਰਮਾ ਵੱਲੋਂ ਸਮੇਤ ਪੁਲਿਸ ਪਾਰਟੀ ਮੌਕੇ 'ਤੇ ਪਹੁੰਚ ਕੇ ਸਥਿਤੀ 'ਤੇ ਕਾਬੂ ਪਾਇਆ ਅਤੇ ਦੋਸ਼ੀ ਡਰਾਈਵਰ ਨੂੰ ਹਿਰਾਸਤ 'ਚ ਲੈ ਲਿਆ। ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਥਾਣਾ ਭਿੱਖੀਵਿੰਡ ਤੇ ਐਸਐਚ ਓ ਮਨੋਜ ਕੁਮਾਰ ਸ਼ਰਮਾ ਨੇ ਕਿਹਾ ਕਿ ਪੁਲਿਸ ਨੇ ਡਰਾਈਵਰ ਖ਼ਿਲਾਫ਼ ਲਾਪਰਵਾਹੀ, ਤੇਜ਼ ਡਰਾਈਵਿੰਗ ਅਤੇ ਸੜਕ ਹਾਦਸਿਆਂ ਸਬੰਧੀ ਮ੍ਰਿਤਕਾ ਦੇ ਵਾਰਸਾਂ ਦੇ ਬਿਆਨਾਂ ਦੇ ਅਧਾਰ ਤੇ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਾਦਸੇ ਦੇ ਸਮੇਂ ਡਰਾਈਵਰ ਦੀ ਮਾਨਸਿਕ ਸਥਿਤੀ ਕੀ ਸੀ ਅਤੇ ਕੀ ਉਹ ਸ਼ਰਾਬੀ ਸੀ?

ਹਾਦਸੇ ਦੇ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਸਵਿਫਟ ਕਾਰ ਦੀ ਰਫ਼ਤਾਰ ਇੰਨੀ ਤੇਜ਼ ਸੀ ਕਿ ਡਰਾਈਵਰ ਲਈ ਉਸ ਨੂੰ ਸੰਭਾਲਣਾ ਔਖਾ ਹੋ ਗਿਆ। ਇਕ ਚਸ਼ਮਦੀਦ ਨੇ ਦੱਸਿਆ ਕਿ ਟੱਕਰ ਦੀ ਆਵਾਜ਼ ਇੰਨੀ ਤੇਜ਼ ਸੀ ਕਿ ਆਸ-ਪਾਸ ਦੇ ਘਰਾਂ ਦੇ ਲੋਕ ਜਾਗ ਗਏ। ਹਾਦਸੇ ਤੋਂ ਬਾਅਦ ਸੜਕ 'ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਇਹ ਘਟਨਾ ਇਲਾਕ਼ੇ ਵਿੱਚ ਵੱਧ ਰਹੇ ਸੜਕ ਹਾਦਸਿਆਂ ਅਤੇ ਤੇਜ਼ ਰਫ਼ਤਾਰ ਵਾਹਨਾਂ ’ਤੇ ਕਾਬੂ ਨਾ ਹੋਣ ’ਤੇ ਗੰਭੀਰ ਸਵਾਲ ਖੜ੍ਹੇ ਕਰ ਰਹੀ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ ਅਤੇ ਇਲਾਕੇ ਵਿੱਚ ਲੱਗੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਸ਼ੁਰੂ ਕਰ ਦਿੱਤੀ ਹੈ।