ਸਨੌਰ ਵਿਚ ਸਿੱਖ ਨੌਜਵਾਨ ਦੀ ਪੁਲਿਸ ਵਲੋਂ ਕੁੱਟਮਾਰ ਦੀ ਲੌਂਗੋਵਾਲ ਵਲੋਂ ਨਿੰਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਟਿਆਲਾ ਦੇ ਸਨੌਰ ਵਿਚ ਸਿੱਖ ਨੌਜਵਾਨਾਂ ਦੀ ਪੁਲਿਸ ਵੱਲੋਂ ਕੀਤੀ ਗਈ............

Gobind Singh Longowal

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪਟਿਆਲਾ ਦੇ ਸਨੌਰ ਵਿਚ ਸਿੱਖ ਨੌਜਵਾਨਾਂ ਦੀ ਪੁਲਿਸ ਵੱਲੋਂ ਕੀਤੀ ਗਈ ਕੁੱਟਮਾਰ ਦਾ ਸਖਤ ਨੋਟਿਸ ਲਿਆ ਹੈ। ਦਫਤਰ ਸ਼੍ਰੋਮਣੀ ਕਮੇਟੀ ਤੋਂ ਜਾਰੀ ਇੱਕ ਬਿਆਨ ਵਿਚ ਭਾਈ ਲੌਂਗੋਵਾਲ ਨੇ ਆਖਿਆ ਕਿ ਗੁਰਦੁਆਰਾ ਸਾਹਿਬ ਜਾ ਰਹੇ ਸਿੱਖ ਨੌਜਵਾਨਾਂ ਨੂੰ ਬਿਨ੍ਹਾਂ ਕਾਰਨ ਤੰਗ ਪ੍ਰੇਸ਼ਾਨ ਕਰਨਾ ਅਤੇ ਬੇਰਹਿਮੀ ਨਾਲ ਕੁੱਟਣਾ ਮਨੁੱਖੀ ਅਧਿਕਾਰਾਂ ਦਾ ਘਾਣ ਹੈ ਅਤੇ ਇਸ ਘਟਨਾ ਦੇ ਦੋਸ਼ੀ ਪੁਲਿਸ ਮੁਲਾਜਮ ਬਖਸ਼ੇ ਨਹੀਂ ਜਾਣੇ ਚਾਹੀਦੇ। ਪੁਲਿਸ ਲੋਕਾਂ ਦੀ ਸੇਵਾ ਲਈ ਹੈ ਨਾ ਕਿ ਲੋਕਾਂ ਨੂੰ ਤੰਗ ਪ੍ਰੇਸ਼ਾਨ ਕਰਨ ਲਈ।

ਕਿਸੇ ਵੀ ਮਸਲੇ ਵਿਚ ਕੁਟਮਾਰ ਬਿਲਕੁਲ ਗਲਤ ਗੱਲ ਹੈ ਅਤੇ ਪੁਲਿਸ ਮੁਲਾਜਮਾਂ ਨੇ ਅਜਿਹਾ ਕਰਕੇ ਪੁਲਿਸ ਦੇ ਲੋਕਾਂ ਦੀ ਸੇਵਾ ਵਾਲੇ ਅਕਸ ਨੂੰ ਦਾਗਦਾਰ ਕੀਤਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਭਾਵੇਂ ਇਸ ਦੇ ਦੋਸ਼ੀ ਮੁਲਾਜਮ ਏਐਸਆਈ ਨੂੰ ਮੁਅੱਤਲ ਕਰ ਦਿੱਤਾ ਹੈ ਪਰ ਇਹ ਕਾਫੀ ਨਹੀਂ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਘਟਨਾ ਦੇ ਦੋਸ਼ੀ ਪੁਲਿਸ ਮੁਲਾਜਮਾਂ 'ਤੇ ਸਖਤ ਕਾਰਵਾਈ ਕੀਤੀ ਜਾਵੇ ਅਤੇ ਪੀੜਤ ਨੌਜਵਾਨਾਂ ਨੂੰ ਇਨਸਾਫ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤ ਨੌਜਵਾਨਾਂ ਦੇ ਨਾਲ ਹੈ ਅਤੇ ਉਨ੍ਹਾਂ ਦੀ ਹਰ ਤਰ੍ਹਾਂ ਦੀ ਮੱਦਦ ਕੀਤੀ ਜਾਵੇਗੀ।

ਇਸ ਦੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਝਾਰਖੰਡ ਵਿਚ ਇਕ ਪੰਜਾਬੀ ਟਰੱਕ ਡਰਾਇਵਰ ਸ. ਜੋਗਾ ਸਿੰਘ ਨੂੰ ਨਕਸਲੀਆਂ ਵੱਲੋਂ ਮਾਰ ਦੇਣ ਅਤੇ ਉਸ ਦੇ ਟਰੱਕ ਨੂੰ ਅੱਗ ਲਗਾ ਕੇ ਸਾੜਨ ਦੀ ਵੀ ਨਿੰਦਾ ਕੀਤੀ ਹੈ। ਇਸ ਸਬੰਧ ਵਿਚ ਸੂਬੇ ਦੀ ਸਰਕਾਰ ਨੂੰ ਲਿਖਿਆ ਜਾਵੇਗਾ ਤਾਂ ਜੋ ਦੋਸ਼ੀਆਂ ਦਾ ਪਤਾ ਗੱਲ ਸਕੇ। ਸਿੱਖਾਂ ਤੇ ਅਜਿਹੇ ਹਮਲੇ ਮੰਗਭਾਗੇ ਹਨ ਅਤੇ ਸਰਕਾਰਾਂ ਨੂੰ ਅਜਿਹੀਆਂ ਘਟਨਾਵਾਂ ਰੋਕਣ ਲਈ ਸਖਤ ਹੋਣਾ ਚਾਹੀਦਾ ਹੈ।