ਨਕਸ਼ੇ ਸਿਰਫ਼ ਆਨਲਾਈਨ ਪੋਰਟਲ ਰਾਹੀਂ ਕੀਤੇ ਜਾਣਗੇ ਮਨਜ਼ੂਰ: ਬ੍ਰਹਮ ਮਹਿੰਦਰਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨਕਸ਼ਿਆਂ ਦੀ ਮਨਜ਼ੂਰੀ ਲੈਣ ਵਿਚ ਵਧੇਰੇ ਪਾਰਦਰਸ਼ਤਾ ਲਿਆਉਣ ਅਤੇ ਲੋਕਾਂ ਦਾ ਸਮਾਂ ਬਚਾਉਣ ਲਈ

Braham Mahindra

ਚੰਡੀਗੜ੍ਹ, 6 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਨਕਸ਼ਿਆਂ ਦੀ ਮਨਜ਼ੂਰੀ ਲੈਣ ਵਿਚ ਵਧੇਰੇ ਪਾਰਦਰਸ਼ਤਾ ਲਿਆਉਣ ਅਤੇ ਲੋਕਾਂ ਦਾ ਸਮਾਂ ਬਚਾਉਣ ਲਈ ਸਥਾਨਕ ਸਰਕਾਰਾਂ ਬਾਰੇ ਮੰਤਰੀ, ਸ਼੍ਰੀ ਬ੍ਰਹਮ ਮਹਿੰਦਰਾ ਨੇ ਨਗਰ ਨਿਗਮਾਂ ਦੇ ਸਮੂਹ ਕਮਿਸ਼ਨਰਾਂ ਅਤੇ ਖੇਤਰੀ ਡਾਇਰੈਕਟਰਾਂ ਨੂੰ 6 ਅਗੱਸਤ, 2020 ਤੋਂ ਸਿਰਫ਼ ਆਨਲਾਈਨ ਪੋਰਟਲ ਰਾਹੀਂ ਨਕਸ਼ਿਆਂ ਨੂੰ ਮਨਜੂਰੀ ਦੇਣ ਲਈ ਨਿਰਦੇਸ਼ ਜਾਰੀ ਕੀਤੇ ਹਨ। ਇਹ ਨਿਰਦੇਸ਼ ਤੁਰਤ ਪ੍ਰਭਾਵ ਨਾਲ ਲਾਗੂ ਹੋਣਗੇ। ਇਸ ਉਪਰਾਲੇ ਨਾਲ ਲੋਕਾਂ ਨੂੰ ਪ੍ਰਵਾਨਗੀ ਲੈਣ ਲਈ ਭਟਕਣਾ ਨਹੀਂ ਪਵੇਗਾ ਅਤੇ ਇਸ ਸਿਸਟਮ ਨਾਲ ਵਿਚੋਲਗੀ ਤੋਂ ਵੀ ਰਾਹਤ ਮਿਲੇਗੀ।

ਅੱਜ ਇਥੇ ਜਾਰੀ ਇਕ ਪ੍ਰੈੱਸ ਬਿਆਨ ਰਾਹੀਂ ਜਾਣਕਾਰੀ ਦਿੰਦਿਆਂ ਸ਼੍ਰੀ ਬ੍ਰਹਮ ਮਹਿੰਦਰਾ ਨੇ ਦਸਿਆ ਕਿ ਪੰਜਾਬ ਸਰਕਾਰ ਈ-ਸਰਵਿਸ ਪ੍ਰੋਗਰਾਮ ਤਹਿਤ ਆਮ ਲੋਕਾਂ ਨੂੰ ਵੱਧ ਤੋਂ ਵੱਧ ਈ-ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਟੀਚੇ ਨੂੰ ਪੂਰਾ ਕਰਨ ਲਈ 15 ਅਗੱਸਤ, 2018 ਨੂੰ ਈ-ਪੋਰਟਲ ਦੀ ਸ਼ੁਰੂਆਤ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਇਸ ਪੋਰਟਲ ਵਿਚ ਕੁਝ ਤਕਨੀਕੀ ਉਣਤਾਈਆਂ ਸਨ, ਜਿਸ ਨੂੰ ਹੁਣ ਠੀਕ ਕਰ ਦਿਤਾ ਗਿਆ ਹੈ ਅਤੇ ਪੋਰਟਲ ਨੂੰ ਸੁਚੱਜੇ ਢੰਗ ਨਾਲ ਮੁੜ ਚਾਲੂ ਕੀਤਾ ਗਿਆ ਹੈ ਤਾਂ ਜੋ ਆਮ ਲੋਕਾਂ ਨੂੰ ਨਕਸ਼ਿਆਂ ਦੀ ਆਨਲਾਈਨ ਪ੍ਰਵਾਨਗੀ ਅਤੇ ਹੋਰ ਸੇਵਾਵਾਂ ਲੈਣ ਵਿਚ ਕੋਈ ਮੁਸ਼ਕਲ ਪੇਸ਼ ਨਾ ਆਵੇ।