ਬਾਜਵਾ ਨੇ ਮੁੜ ਵਿਖਾਏ ਤੇਵਰ, ਜਾਖੜ 'ਤੇ ਨਿਸ਼ਾਨਾ ਸਾਧਦਿਆਂ ਸੀਬੀਆਈ ਜਾਂਚ ਦੀ ਮੰਗ ਦੁਹਰਾਈ!
ਪੀੜਤਾਂ ਨੂੰ 10-10 ਲੱਖ ਮੁਆਵਜ਼ਾ ਦੇਣ ਦੀ ਕੀਤੀ ਮੰਗ
ਚੰਡੀਗੜ੍ਹ : ਪੰਜਾਬ ਦੇ ਮਾਝਾ ਏਰੀਏ ਅੰਦਰ ਵਾਪਰੇ ਜ਼ਹਿਰੀਲੀ ਸ਼ਰਾਬ ਕਾਂਡ ਤੋਂ ਬਾਅਦ ਪੰਜਾਬ ਅੰਦਰ ਸਿਆਸੀ ਘਮਾਸਾਨ ਵਧਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਸਰਕਾਰ 'ਤੇ ਚੌਤਰਫ਼ਾ ਹਮਲੇ ਜਾਰੀ ਹਨ। ਇਸ ਮਾਮਲੇ 'ਚ ਆਪਣੀ ਹੀ ਸਰਕਾਰ ਖਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਸੀਨੀਅਰ ਆਗੂਆਂ ਸਮਸ਼ੇਰ ਸਿੰਘ ਦੂਲੋਂ ਅਤੇ ਪ੍ਰਤਾਪ ਸਿੰਘ ਬਾਜਵਾ ਖਿਲਾਫ਼ ਅਨੁਸਾਸ਼ਨੀ ਕਾਰਵਾਈ ਦਾ ਮੁੱਦਾ ਵੀ ਤੁਲ ਫੜਦਾ ਜਾ ਰਿਹਾ ਹੈ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਪਹਿਲਾਂ ਹੀ ਇਸ ਸਬੰਧੀ ਕਮਾਡ ਵੱਲ ਪੱਤਰ ਲਿਖ ਚੁੱਕੇ ਹਨ।
ਦੂਜੇ ਪਾਸੇ ਪ੍ਰਤਾਪ ਸਿੰਘ ਬਾਜਵਾ ਅਪਣੇ ਸਟੈਂਡ 'ਤੇ ਅਜੇ ਵੀ ਕਾਇਮ ਹਨ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਨੀਲ ਜਾਖੜ 'ਤੇ ਮੋੜਵਾਂ ਹਮਲਾ ਕਰਦਿਆਂ ਖੁਦ 'ਤੇ ਲੱਗ ਰਹੇ ਦੋਸ਼ਾਂ ਨੂੰ ਬੇਬੁਨਿਆਦ ਦਸਿਆ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਸੁਨੀਲ ਜਾਖੜ ਜਾਂ ਕੋਈ ਹੋਰ ਕੌਣ ਹੁੰਦਾ ਹੈ, ਉਨ੍ਹਾਂ ਨੂੰ ਪਾਰਟੀ 'ਚੋਂ ਬਾਹਰ ਕੱਢਣ ਵਾਲਾ।
ਉਨ੍ਹਾਂ ਕਿਹਾ ਕਿ ਉਹ ਪਾਰਟੀ ਪ੍ਰਤੀ ਵਫਾਦਾਰ ਹਨ ਅਤੇ ਹਮੇਸ਼ਾ ਹੀ ਰਹਿਣਗੇ। ਉਨ੍ਹਾਂ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਕੈਪਟਨ ਸਰਕਾਰ 'ਤੇ ਮੁੜ ਹਮਲਾ ਬੋਲਦਿਆਂ ਕਿਹਾ ਕਿ ਇਸ ਮਾਮਲੇ ਦੀ ਸੀਬੀਆਈ ਜਾਂਚ ਕਰਵਾਈ ਜਾਣੀ ਚਾਹੀਦੀ ਹੈ।
ਬਾਜਵਾ ਅੱਜ ਬਟਾਲਾ ਵਿਖੇ ਜ਼ਹਿਰੀਲੀ ਸ਼ਰਾਬ ਨਾਲ ਜਾਨ ਗੁਆਉਣ ਵਾਲਿਆਂ ਦੇ ਪਰਵਾਰਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਪੀੜਤ ਪਰਵਾਰਾਂ ਲਈ ਸਰਕਾਰ ਤੋਂ 10-10 ਲੱਖ ਰੁਪਏ ਮੁਆਵਜ਼ਾ ਦੇਣ ਦੀ ਮੰਗ ਵੀ ਕੀਤੀ।
ਬੀਤੇ ਦਿਨੀਂ ਪਾਰਟੀ ਪ੍ਰਧਾਨ ਸੁਨੀਲ ਜਾਖੜ ਵਲੋਂ ਸਕਿਊਰਟੀ 'ਚ ਵਾਧੇ ਸਬੰਧੀ ਉਠਾਏ ਗਏ ਸਵਾਲਾਂ ਸਬੰਧੀ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜੋ ਸਕਿਊਰਟੀ ਮਿਲੀ ਹੋਈ ਹੈ, ਉਹ ਕੋਈ ਨਵੀਂ ਨਹੀਂ ਹੈ। ਇਹ ਸਕਿਊਰਟੀ ਤਾਂ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਮਿਲੀ ਹੋਈ ਹੈ। ਬਾਜਵਾ ਨੇ ਕਿਹਾ ਕਿ ਉਨ੍ਹਾਂ ਨੂੰ ਸਕਿਊਰਟੀ ਦੇਣ ਸਬੰਧੀ ਗੁਲਾਮ ਨਬੀ ਆਜ਼ਾਦ ਨੇ ਵੀ ਕੇਂਦਰ ਸਰਕਾਰ ਵੱਲ ਪੱਤਰ ਲਿਖਿਆ ਸੀ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।