ਪੰਜਾਬ ਸਰਕਾਰ ਨੇ ਕੇਂਦਰ ਦੇ ਐਨਸੀਐਸ ਪੋਰਟਲ ਨਾਲ ਜੋੜਿਆ ‘ਘਰ ਘਰ ਰੁਜ਼ਗਾਰ’ ਪੋਰਟਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਨੌਜਵਾਨਾਂ ਨੂੰ ਵਧੇਰੇ ਰੁਜ਼ਗਾਰ ਦੇ ਮੌਕੇ ਉਪਲਬਧ ਕਰਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ

ਪੰਜਾਬ ਘਰ-ਘਰ ਰੁਜ਼ਗਾਰ

ਚੰਡੀਗੜ੍ਹ, 6 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਨੌਜਵਾਨਾਂ ਨੂੰ ਵਧੇਰੇ ਰੁਜ਼ਗਾਰ ਦੇ ਮੌਕੇ ਉਪਲਬਧ ਕਰਾਉਣ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ  ਪੰਜਾਬ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਪੋਰਟਲ ਨੂੰ ਕੌਮੀ ਕੈਰੀਅਰ ਸਰਵਿਸ (ਐਨ.ਸੀ.ਐਸ) ਨਾਲ ਜੋੜ ਦਿਤਾ ਹੈ ਜੋ ਕਿ ਭਾਰਤ ਸਰਕਾਰ ਦਾ ਅਧਿਕਾਰਤ ਪੋਰਟਲ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂਂ ਪੰਜਾਬ ਦੇ ਤਕਨੀਕੀ ਸਿਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਸ ਨਾਲ ਪੰਜਾਬ ਦੇ ਹੁਨਰਮੰਦ ਨੌਜਵਾਨਾਂ ਲਈ ਪੂਰੇ ਭਾਰਤ ਵਿਚ ਨੌਕਰੀ ਦੇ ਨਵੇਂ ਰਾਹ ਖੁਲ੍ਹਣਗੇ।

ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਉਹ ਪਹਿਲੀ ਸਰਕਾਰ ਹੈ ਜਿਸ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਦਰਸ਼ੀ ਅਗਵਾਈ ਵਿਚ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ ਰੁਜ਼ਗਾਰ ਮੁਹਈਆ ਕਰਵਾਉਣ ਲਈ ਰੁਜ਼ਗਾਰ ਮੇਲਿਆਂ ਦੀ ਸ਼ੁਰੂਆਤ ਕੀਤੀ ਸੀ। ਉਨ੍ਹਾਂ ਕਿਹਾ ਕਿ ਦੂਸਰੇ ਰਾਜ, ਇਥੋਂ ਤਕ ਕਿ ਭਾਰਤ ਸਰਕਾਰ ਨੇ ਵੀ ਨਿੱਜੀ ਖੇਤਰ ਵਿਚ ਨੌਕਰੀ ਲਭਣ ਵਾਲਿਆਂ ਅਤੇ ਪ੍ਰਾਈਵੇਟ ਅਦਾਰਿਆਂ ਨੂੰ ਇਕ ਮੰਚ ਮੁਹਈਆ ਕਰਵਾਉਣ ਲਈ ਪੰਜਾਬ ਮਾਡਲ ਅਪਣਾਉਣਾ ਸ਼ੁਰੂ ਕਰ ਦਿਤਾ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਪਹਿਲਾਂ ਹੀ ਪੰਜ ਮੈਗਾ ਜਾਬ ਫ਼ੇਅਰ (ਰੁਜ਼ਗਾਰ ਮੇਲੇ) ਲਗਾ ਚੁੱਕਾ ਹੈ ਅਤੇ ਰਾਜ ਦੇ 12 ਲੱਖ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ ਰੁਜ਼ਗਾਰ ਮੁਹਈਆ ਕਰਵਾਇਆ ਗਿਆ ਹੈ ਅਤੇ ਪੰਜਾਬ ਘਰ ਘਰ ਰੁਜ਼ਗਾਰ ਮਿਸ਼ਨ ਤਹਿਤ ਛੇਵੇਂ ਮੈਗਾ ਜਾਬ ਫੇਅਰ ਰਾਹੀਂ ਨੌਜਵਾਨਾਂ ਨੂੰ ਇਕ ਲੱਖ ਨੌਕਰੀਆਂ ਦੇ ਮੌਕੇ ਪ੍ਰਦਾਨ ਕਰਨ ਲਈ ਤਿਆਰ ਹੈ। ਇਹ ਛੇਵਾਂ ਰੁਜ਼ਗਾਰ ਮੇਲਾ ਇਸ ਸਾਲ ਸਤੰਬਰ ਮਹੀਨੇ ਵਿਚ ਆਯੋਜਿਤ ਕਰਵਾਇਆ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਇਸ ਵੇਲੇ ‘ਪੰਜਾਬ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਪੋਰਟਲ ਉੱਤੇ ਲਗਭਗ 8 ਲੱਖ ਨੌਜਵਾਨਾਂ ਦੇ ਵੇਰਵੇ ਦਰਜ ਹਨ।