ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਨਾਲ ਕਿਸੇ ਵੀ ਤਰ੍ਹਾਂ ਨਰਮੀ ਨਹੀਂ ਵਰਤੀ ਜਾਵੇਗੀ : ਹਰਜੋਤ ਸਿੰਘ ਬੈਂਸ  

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਅਹੁਦਾ ਸੰਭਾਲਣ ਤੋਂ ਲੈਕੇ ਹੁਣ ਤੱਕ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ 306 ਵੱਖ ਵੱਖ ਮੁਕੱਦਮੇ ਦਰਜ

Harjot Singh Bains

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗ਼ੈਰ ਕਾਨੂੰਨੀ ਮਾਈਨਿੰਗ  ਕਰਨ ਵਾਲਿਆਂ ਖ਼ਿਲਾਫ਼ ਪਹਿਲੇ ਦਿਨ ਤੋਂ ਹੀ ਬਹੁਤ ਸਪੱਸ਼ਟ ਨੀਤੀ ਤਹਿਤ ਕੰਮ ਕਰ ਰਹੀ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪੰਜਾਬ ਦੇ ਮਾਇਨਜ ਅਤੇ ਜਿਉਲੋਜੀ ਬਾਰੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ 19 ਮਾਰਚ 2022 ਨੂੰ ਅਹੁਦਾ ਸੰਭਾਲਣ ਤੋਂ ਲੈਕੇ  07 ਅਗਸਤ 2022  ਤੱਕ ਗ਼ੈਰ ਕਾਨੂੰਨੀ ਮਾਈਨਿੰਗ ਕਰਨ ਵਾਲਿਆਂ ਖ਼ਿਲਾਫ਼ 306 ਵੱਖ ਵੱਖ ਮੁਕੱਦਮੇ ਦਰਜ ਕੀਤੇ ਗਏ ਹਨ।

ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਮਾਈਨਿੰਗ ਸਬੰਧੀ ਸਬ ਤੋਂ ਵੱਧ 52 ਪਰਚੇ ਦਰਜ ਕੀਤੇ ਗਏ ਹਨ। ਬੈਂਸ ਨੇ ਕਿਹਾ ਕਿ ਗ਼ੈਰ ਕਾਨੂੰਨੀ ਮਾਈਨਿੰਗ ਨੂੰ ਲੈ ਕੇ ਸਾਡੀ ਸਰਕਾਰ ਦਾ ਸਟੈਂਡ ਸਪੱਸ਼ਟ ਹੈ ਅਤੇ ਇਸ ਗਤੀਵਿਧੀ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਭਾਵੇਂ ਉਹ ਸਾਡੀ ਹੀ ਪਾਰਟੀ ਦਾ ਕੋਈ ਆਗੂ ਜਾਂ ਵਰਕਰ ਹੋਵੇ।

 ਉਨ੍ਹਾਂ ਕਿਹਾ ਕਿ ਜੇ ਕੋਈ ਮੇਰਾ  ਪਰਿਵਾਰਕ ਮੈਂਬਰ  ਜਾਂ ਰਿਸ਼ਤੇਦਾਰ ਵੀ ਇਸ ਕੰਮ ਵਿੱਚ ਸ਼ਾਮਲ ਹੋਇਆ ਤਾਂ ਉਸ ਖ਼ਿਲਾਫ਼ ਉਹ ਖੁਦ ਕਾਰਵਾਈ ਹੋਣ ਨੂੰ  ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਦੇ ਹਲਕੇ ਅਧੀਨ ਆਉਂਦੇ ਪਿੰਡ ਕਾਹੀਵਾਲ ਵਿੱਚ ਨਾਜਾਇਜ਼ ਮਾਈਨਿੰਗ ਸਬੰਧੀ ਕੁਝ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ।

ਇਸ 'ਤੇ ਤੁਰੰਤ ਕਾਰਵਾਈ ਕਰਦਿਆਂ ਪੁਲਸ ਅਤੇ ਸਬੰਧਤ ਮਹਿਕਮੇ ਨੂੰ ਮੌਕੇ ਤੇ ਪੜਤਾਲ ਕਰਨ ਲਈ ਭੇਜਿਆ ਅਤੇ ਪੜਤਾਲ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖਿਲਾਫ਼ ਤੁਰੰਤ ਕਾਨੂੰਨੀ ਕਾਰਵਾਈ ਕਰਦਿਆਂ ਥਾਣਾ ਆਨੰਦਪੁਰ ਸਾਹਿਬ ਵਿਖੇ ਮੁਕੱਦਮੇ ਦਰਜ ਕੀਤੇ ਗਏ ।ਕਿਹਾ ਕਿ  ਉਨ੍ਹਾਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਹੋਈ ਹੈ ਕਿ ਅਗਰ ਕਿਤੇ ਵੀ ਕੋਈ ਨਾਜਾਇਜ਼ ਮਾਈਨਿੰਗ ਸਬੰਧੀ ਸ਼ਿਕਾਇਤ ਪ੍ਰਾਪਤ ਹੋਵੇ  ਤਾਂ ਇਸ ਉੱਤੇ ਤੁਰੰਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇ।

ਉਨ੍ਹਾਂ ਕਿਹਾ ਮਾਈਨਿੰਗ ਵਿਭਾਗ ਦੇ  ਵੀ ਕੁਝ ਭ੍ਰਿਸ਼ਟ ਅਫ਼ਸਰਾਂ ਇਸ ਗ਼ੈਰ ਕਾਨੂੰਨੀ ਕੰਮ ਨੂੰ ਰੋਕਣ ਲਈ ਇਮਾਨਦਾਰੀ ਨਾਲ ਆਪਣੀ ਡਿਊਟੀ ਨਹੀਂ ਨਿਭਾਅ ਰਹੇ ਸਨ । ਜਿਨ੍ਹਾਂ ਉੱਤੇ ਕਾਰਵਾਈਆਂ ਅਮਲ ਵਿੱਚ ਲਿਆਂਦੀ ਗਈ ਅਤੇ   ਰੂਪਨਗਰ ਅਤੇ ਪਠਾਨਕੋਟ ਦੇ ਮਾਈਨਿੰਗ ਅਫਸਰਾਂ ਨੂੰ ਸਸਪੈਂਡ ਕੀਤਾ ਗਿਆ ਸੀ। ਬੈਂਸ ਨੇ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਸਪਸ਼ਟ ਹਦਾਇਤ ਕਰ ਦਿੱਤੀ ਗਈ ਹੈ ਕਿ ਪੂਰੀ ਆਜ਼ਾਦੀ ਅਤੇ ਬਿਨਾਂ ਕਿਸੇ ਰਾਜਨੀਤਕ ਦਬਾਅ ਤੋਂ ਆਪਣੀ ਡਿਊਟੀ ਕਾਨੂੰਨੀ ਦੀ ਪਾਲਣਾ ਕਰਦੇ ਹੋਏ ਕਰਨ ।