ਇਨਸਾਨੀਅਤ ਸ਼ਰਮਸਾਰ: ਕੂੜੇ ਦੇ ਢੇਰ ’ਚੋਂ ਮਿਲੀ ਨਵ-ਜਨਮੀ ਬੱਚੀ ਦੀ ਲਾਸ਼
ਪੁਲਿਸ ਨੇ ਬੱਚੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਕੀਤੀ ਸ਼ੁਰੂ
ਤਰਨਤਾਰਨ : ਕਹਿੰਦੇ ਹਨ ਕਿ ਪੁੱਤ ਕਪੁੱਤ ਹੋ ਜਾਂਦੇ ਹਨ, ਪਰ ਮਾਪੇ ਕੁਮਾਪੇ ਨਹੀਂ ਹੁੰਦੇ। ਇਹ ਗੱਲ ਕਹਿਣ ਨੂੰ ਹੀ ਹੈ। ਅਸਲ ਵਿੱਚ ਕਈ ਮਾਪੇ ਵੀ ਕੁਮਾਪੇ ਹੋ ਜਾਂਦੇ ਹਨ। ਅਜਿਹੀ ਹੀ ਖਬਰ ਤਰਨਤਾਰਨ ਤੋਂ ਸਾਹਮਣੇ ਆਈ ਹੈ ਜਿਥੇ ਇਕ ਬੇਰਹਿਮ ਮਾਂ ਨੇ ਆਪਣੀ ਬੱਚੀ ਨਵ-ਜਨਮੀ ਬੱਚੀ ਦੀ ਲਾਸ਼ ਨੂੰ ਕੂੜੇ ਦੇ ਢੇਰ 'ਚ ਸੁੱਟ ਦਿੱਤਾ।
ਮਿਲੀ ਜਾਣਕਾਰੀ ਅਨੁਸਾਰ ਸਥਾਨਕ ਸਰਹਾਲੀ ਰੋਡ ਪੁਲ ਵਿਖੇ ਇਕ ਕੂੜੇ ਦੇ ਵੱਡੇ ਡੰਪ ’ਚੋਂ ਸ਼ਨੀਵਾਰ ਸਵੇਰੇ ਕਰੀਬ 10 ਸਫ਼ਾਈ ਕਰਮਚਾਰੀਆਂ ਨੂੰ ਇਕ ਕਾਲੇ ਰੰਗ ਦੇ ਲਿਫਾਫੇ ’ਚ ਮੌਜੂਦ ਨਵ-ਜਨਮੀ ਬੱਚੀ ਦੀ ਲਾਸ਼ ਬਰਾਮਦ ਹੋਈ। ਬੱਚੀ ਮਿਲਣ ’ਤੇ ਇਲਾਕੇ ’ਚ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ।
ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਨੇ ਮੌਕੇ 'ਤੇ ਪੁੱਜ ਕੇ ਬੱਚੀ ਦੀ ਲਾਸ਼ ਨੂੰ ਕਬਜ਼ੇ ’ਚ ਲੈਂਦੇ ਹੋਏ ਅਗਲੇਰੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਸਿਟੀ ਜਸਪਾਲ ਸਿੰਘ ਨੇ ਦੱਸਿਆ ਕਿ ਬਰਾਮਦ ਕੀਤੀ ਗਈ ਬੱਚੀ ਦੀ ਲਾਸ਼ ਨੂੰ ਡੈਡ ਰੂਮ ’ਚ 72 ਘੰਟੇ ਲਈ ਰੱਖ ਦਿੱਤਾ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਦੇ ਹੋਏ ਉਨ੍ਹਾਂ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ਹੈ।