ਪੰਜਾਬ ’ਚ ਖ਼ਤਮ ਹੋਵੇਗਾ ਵਧੀਕ ਡਿਪਟੀ ਕਮਿਸ਼ਨਰ ਦਾ ਅਹੁਦਾ, ਨੋਟੀਫਿਕੇਸ਼ਨ ਜਾਰੀ

ਏਜੰਸੀ

ਖ਼ਬਰਾਂ, ਪੰਜਾਬ

2 ਦਿਨ ਪਹਿਲਾਂ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ’ਚ ਲਿਆ ਗਿਆ ਫ਼ੈਸਲਾ

The post of Additional Deputy Commissioner will end in Punjab

 


ਜਲੰਧਰ: ਪੰਜਾਬ ਸਰਕਾਰ ਨੇ ਸ਼ਹਿਰੀ ਖੇਤਰਾਂ ’ਚੋਂ ਵਧੀਕ ਡਿਪਟੀ ਕਮਿਸ਼ਨਰ, ਅਰਬਨ ਡਿਵੈਲਪਮੈਂਟ ਦੇ ਅਹੁਦੇ ਨੂੰ ਖ਼ਤਮ ਕਰਨ ਦਾ ਫ਼ੈਸਲਾ ਲਿਆ ਹੈ। ਜਿਸ ਲਈ ਪੰਜਾਬ ਸਰਕਾਰ ਨੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਪਿਛਲੀ ਕਾਂਗਰਸ ਸਰਕਾਰ ਦੇ ਰਾਜ ’ਚ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਦਾ ਅਹੁਦਾ ਬਣਾਇਆ ਗਿਆ ਸੀ ਅਤੇ ਪੂਰੇ ਸੂਬੇ ’ਚ ਵਧੀਕ ਡਿਪਟੀ ਕਮਿਸ਼ਨਰ ਨਿਯੁਕਤ ਕੀਤੇ ਗਏ ਸਨ, ਪਰ 2 ਦਿਨ ਪਹਿਲਾਂ ਹੋਈ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ’ਚ ਇਸ ਮੁੱਦੇ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ।

ਮੀਟਿੰਗ ’ਚ ਫ਼ੈਸਲਾ ਲਿਆ ਗਿਆ ਕਿ ਇਸ ਅਹੁਦੇ ਦੀ ਕੋਈ ਲੋੜ ਨਹੀਂ ਹੈ ਅਤੇ ਇਹ ਅਹੁਦਾ ਪੰਜਾਬ ਦੇ ਖਜ਼ਾਨੇ ’ਤੇ ਵਾਧੂ ਬੋਝ ਹੈ। ਸਥਾਨਕ ਸਰਕਾਰਾਂ ਵਿਭਾਗ ਨੇ ਇਕ ਨੋਟੀਫਿਕੇਸ਼ਨ ਜਾਰੀ ਕਰਦਿਆਂ ਕਿਹਾ ਹੈ ਕਿ ਪੰਜਾਬ ਦੇ ਰਾਜਪਾਲ ਦੀ ਮਨਜ਼ੂਰੀ ਨਾਲ ਵਧੀਕ ਡਿਪਟੀ ਕਮਿਸ਼ਨਰ, ਸ਼ਹਿਰੀ ਵਿਕਾਸ ਦੇ ਅਹੁਦੇ ਨੂੰ ਖ਼ਤਮ ਕੀਤਾ ਜਾਂਦਾ ਹੈ।
ਇਹ ਅਹੁਦਾ ਸਿਰਫ਼ ਅੰਮ੍ਰਿਤਸਰ, ਜਲੰਧਰ, ਲੁਧਿਆਣਾ, ਪਟਿਆਲਾ, ਬਠਿੰਡਾ ਅਤੇ ਮੋਹਾਲੀ ’ਚ ਰਹੇਗਾ ਅਤੇ ਬਾਕੀ ਸ਼ਹਿਰਾਂ ’ਚ ਇਸ ਅਹੁਦੇ ਨੂੰ ਖ਼ਤਮ ਕਰਨ ਦਾ ਫ਼ੈਸਲਾ ਲਿਆ ਗਿਆ ਹੈ।