ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ ਰੱਦ ਕੀਤਾ ਕੇਂਦਰ ਸਰਕਾਰ ਵੱਲੋਂ ਗੱਲਬਾਤ ਦਾ ਸੱਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਖੇਤੀ ਕਾਨੂੰਨਾਂ ਖਿਲਾਫ਼ ਅਪਣਾ ਸੰਘਰਸ਼ ਜਾਰੀ ਰੱਖਣਗੀਆਂ ਕਿਸਾਨ ਜਥੇਬੰਦੀਆਂ

Farmer Protest

ਚੰਡੀਗੜ੍ਹ: ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ ਨਵੇਂ ਖੇਤੀ ਕਾਨੂੰਨਾਂ 'ਤੇ ਗੱਲਬਾਤ ਕਰਨ ਲਈ ਕੇਂਦਰ ਸਰਕਾਰ ਵੱਲੋਂ ਸੱਦੀ ਗਈ ਬੈਠਕ ਵਿਚ ਸ਼ਾਮਲ ਨਾ ਹੋਣ ਦਾ ਫੈਸਲਾ ਕੀਤਾ ਹੈ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ ਖੇਤੀ ਕਾਨੂੰਨਾਂ ਖਿਲਾਫ਼ ਅਪਣਾ ਸੰਘਰਸ਼ ਜਾਰੀ ਰੱਖਣਗੀਆਂ। 

ਦੱਸ ਦਈਏ ਕਿ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੀ ਸੂਬੇ ਵਿਚ ਨਵੇਂ ਖੇਤੀ ਕਾਨੂੰਨਾਂ ਕਾਰਨ ਚੱਲ ਰਹੇ ਅੰਦੋਲਨ ਸਬੰਧੀ ਮੀਟਿੰਗ ਕੀਤੀ ਜਾ ਰਹੀ ਹੈ। ਮੀਟਿੰਗ ਉਪਰੰਤ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਵੱਲੋਂ 3:30 ਵਜੇ ਪ੍ਰੈੱਸ-ਕਾਨਫਰੰਸ ਕੀਤੀ ਜਾਵੇਗੀ, ਜਿਸ ਦੌਰਾਨ ਕਿਸਾਨ-ਜਥੇਬੰਦੀਆਂ ਵੱਲੋਂ ਸੰਘਰਸ਼ ਦੀ ਅਗਲੀ ਰੂਪ-ਰੇਖਾ ਦਾ ਐਲਾਨ ਕੀਤਾ ਜਾਵੇਗਾ। 

ਇਸ ਤੋਂ ਪਹਿਲਾਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਵੀ ਕੇਂਦਰ ਸਰਕਾਰ ਦੇ ਖੇਤੀਬਾੜੀ ਵਿਭਾਗ ਵੱਲੋਂ 8 ਅਕਤੂਬਰ ਨੂੰ ਹੋਣ ਵਾਲੀ ਬੈਠਕ ਲਈ ਦਿੱਤੇ ਗਏ ਸੱਦੇ ਨੂੰ ਅਸਵਿਕਾਰ ਕਰ ਦਿੱਤਾ ਹੈ। 

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਉਹ ਕੇਂਦਰ ਸਰਕਾਰ ਵੱਲੋਂ ਨਵੀ ਦਿੱਲੀ ਵਿਖੇ ਸੱਦੀ ਮੀਟਿੰਗ 'ਚ ਨਹੀ ਜਾਣਗੇ। ਉਹਨਾਂ ਕਿਹਾ ਕਿ ਇਸ ਮੀਟਿੰਗ 'ਚ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਸੱਦਾ ਦੇ ਕੇ ਕਿਸਾਨਾਂ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।