ਬਾਬੇ ਨਾਨਕ ਦਾ ਫ਼ਲਸਫ਼ਾ ਮਨੁੱਖਤਾ ਨੂੰ ਜੋੜਨ ਵਾਲਾ : ਨਿਤੀਸ਼ ਕੁਮਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ

Bihar CM Nitish Kumar pays obeisance at Sultanpur Lodhi gurdwara

ਅੰਮ੍ਰਿਤਸਰ : ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਚਲ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਮਗਰੋਂ ਇਥੇ ਪੁੱਜੇ। ਉਨ੍ਹਾਂ ਨਾਲ ਬਿਹਾਰ ਵਿਧਾਨ ਸਭਾ ਦੇ ਸਪੀਕਰ ਵਿਜੈ ਕੁਮਾਰ ਚੌਧਰੀ ਸਮੇਤ ਕੈਬਨਿਟ ਮੰਤਰੀ ਅਤੇ ਪ੍ਰਸ਼ਾਸਨਿਕ ਅਧਿਕਾਰੀ ਵੀ ਮੌਜੂਦ ਸਨ। ਨਿਤੀਸ਼ ਕੁਮਾਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮੌਕੇ ਕੁੱਝ ਸਮਾਂ ਗੁਰਬਾਣੀ ਕੀਰਤਨ ਵੀ ਸਰਵਣ ਕੀਤਾ।

ਇਸੇ ਦੌਰਾਨ ਬਿਹਾਰ ਦੇ ਮੁੱਖ ਮੰਤਰੀ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਾਬਕਾ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ ਨੇ ਸਾਂਝੇ ਤੌਰ 'ਤੇ ਗੁਰੂ ਬਖ਼ਸ਼ਿਸ਼ ਸਿਰਪਾਉ, ਲੋਈ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਕ ਪੁਸਤਕਾਂ ਦੇ ਕੇ ਸਨਮਾਨਤ ਕੀਤਾ। ਇਸ ਮੌਕੇ ਨਿਤਿਸ਼ ਕੁਮਾਰ ਨੇ ਕਿਹਾ ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕਰਨ ਲਈ ਪੁੱਜੇ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦਾ ਫ਼ਲਸਫ਼ਾ ਮਨੁੱਖਤਾ ਨੂੰ ਜੋੜਨ ਵਾਲਾ ਹੈ। ਵਿਸ਼ਵ ਸ਼ਾਂਤੀ ਅਤੇ ਆਪਸੀ ਸਾਂਝ ਪਹਿਲੇ ਪਾਤਸ਼ਾਹ ਜੀ ਦੇ ਉਪਦੇਸ਼ਾਂ ਦਾ ਮੁੱਖ ਸੂਰਤ ਹੈ।

ਬਿਹਾਰ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮਾਂ ਗੁਰੂ ਸਾਹਿਬ ਦੀਆਂ ਸਿਖਿਆਵਾਂ ਨੂੰ ਧਾਰਨ ਕਰਨ ਦਾ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਕਿਹਾ ਕਿ ਨਿਤਿਸ਼ ਕੁਮਾਰ ਦਾ ਸਿੱਖ ਜਗਤ ਅੰਦਰ ਵਿਸ਼ੇਸ਼ ਸਨਮਾਨ ਹੈ, ਕਿਉਂਕਿ ਇਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਮੌਕੇ ਅਥਾਹ ਸ਼ਰਧਾ ਵਿਖਾਉਂਦਿਆਂ ਸਮਾਗਮਾਂ ਨੂੰ ਸਫ਼ਲਤਾ ਪੂਰਵਕ ਨੇਪੜੇ ਚਾੜ੍ਹਿਆ। ਇਸ ਦੌਰਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਨਿਤੀਸ਼ ਕੁਮਾਰ ਗੁਰੂ ਸਾਹਿਬ ਦੇ ਅਨਿੰਨ ਸ਼ਰਧਾਲੂ ਹਨ। ਇਸ ਦਾ ਪ੍ਰਮਾਣ ਉਨ੍ਹਾਂ ਵਲੋਂ ਅਪਣੀ ਸਰਕਾਰ ਸਮੇਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਨਤਮਸਤਕ ਹੋਣ ਪੁੱਜਣਾ ਹੈ।