ਪੋਸਟਰ ਵਿਵਾਦ ਨੂੰ ਲੈ ਕੇ ਪੰਜਾਬ SC ਕਮਿਸ਼ਨ ਨੇ ਲਿਆ ਨੋਟਿਸ
ਪ੍ਰਤਾਪ ਸਿੰਘ ਬਾਜਵਾ ਨੂੰ 10 ਨਵੰਬਰ ਨੂੰ ਕੀਤਾ ਤਲਬ
ਚੰਡੀਗੜ੍ਹ: ਤਰਨਤਾਰਨ ਉਪ ਚੋਣ ਦੌਰਾਨ ਇੱਕ ਰੈਲੀ ਵਿੱਚ ਭਾਈ ਜੈਤਾ ਜੀ ਦੀ ਤਸਵੀਰ ਦੇ ਉੱਪਰ ਕਾਂਗਰਸੀ ਆਗੂਆਂ ਦੀਆਂ ਫੋਟੋਆਂ ਲਗਾਉਣ ਨੂੰ ਲੈ ਕੇ ਵਿਵਾਦ ਹੋਰ ਡੂੰਘਾ ਹੁੰਦਾ ਜਾ ਰਿਹਾ ਹੈ। ਪੰਜਾਬ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਬੀਰ ਸਿੰਘ ਗਾਦੀ ਨੇ ਇਸ ਮਾਮਲੇ ਵਿੱਚ ਕਾਂਗਰਸ ਪਾਰਟੀ ਨੂੰ ਇੱਕ ਹੋਰ ਨੋਟਿਸ ਜਾਰੀ ਕੀਤਾ ਹੈ।
ਕਮਿਸ਼ਨ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ 10 ਨਵੰਬਰ ਨੂੰ ਨਿੱਜੀ ਤੌਰ 'ਤੇ ਅਤੇ ਤਰਨਤਾਰਨ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ 17 ਨਵੰਬਰ ਨੂੰ ਨਿੱਜੀ ਤੌਰ 'ਤੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਵਿੱਚ ਕਮਿਸ਼ਨ ਦਾ ਇਹ ਦੂਜਾ ਨੋਟਿਸ ਹੈ। ਇਸ ਤੋਂ ਪਹਿਲਾਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਵੀ ਨੋਟਿਸ ਜਾਰੀ ਕੀਤਾ ਗਿਆ ਸੀ।
ਐਸਸੀ ਕਮਿਸ਼ਨ ਨੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਐਕਟ, 2004 ਦੀ ਧਾਰਾ 10(2)(h) ਦੇ ਤਹਿਤ ਮਾਮਲੇ ਦੀ ਖੁਦ ਜਾਂਚ ਸ਼ੁਰੂ ਕਰ ਦਿੱਤੀ ਹੈ। ਕਮਿਸ਼ਨ ਨੇ ਕਿਹਾ ਕਿ ਰਾਜਨੀਤਿਕ ਲਾਭ ਲਈ ਭਾਈ ਜੀਵਨ ਸਿੰਘ (ਭਾਈ ਜੈਤਾ) ਅਤੇ 9ਵੀਂ ਪਾਤਸ਼ਾਹੀ, ਸ੍ਰੀ ਗੁਰੂ ਤੇਗ ਬਹਾਦਰ ਦੀਆਂ ਤਸਵੀਰਾਂ ਦੀ ਅਪਮਾਨਜਨਕ ਵਰਤੋਂ ਸੰਬੰਧੀ ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ। ਇਸ ਦੇ ਆਧਾਰ 'ਤੇ ਦੋਵਾਂ ਧਿਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।
ਕਮਿਸ਼ਨ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਜੇਕਰ ਨਿਰਧਾਰਤ ਮਿਤੀ ਤੱਕ ਜਵਾਬ ਅਤੇ ਰਿਪੋਰਟ ਜਮ੍ਹਾਂ ਨਹੀਂ ਕਰਵਾਈ ਜਾਂਦੀ ਹੈ, ਤਾਂ ਕਮਿਸ਼ਨ ਧਾਰਾ 10(1) ਦੇ ਤਹਿਤ ਆਪਣੀਆਂ ਸਿਵਲ ਅਦਾਲਤ ਵਰਗੀਆਂ ਸ਼ਕਤੀਆਂ ਦੀ ਵਰਤੋਂ ਕਰਨ ਲਈ ਮਜਬੂਰ ਹੋਵੇਗਾ।