ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਭਲਕੇ ਹੋ ਸਕਦੀ ਹੈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ

A gathering of five Singh Sahibans led by Giani Kuldeep Singh Gargajj

ਅੰਮ੍ਰਿਤਸਰ: ਤਖਤਾਂ ਦੇ ਸਿੰਘ ਸਾਹਿਬਾਨ ਦੀ ਮੀਟਿੰਗ ਸੋਮਵਾਰ, 8 ਦਸੰਬਰ ਨੂੰ ਸਵੇਰੇ 9 ਵਜੇ ਹੋਣ ਦੀ ਉਮੀਦ ਹੈ। ਹਾਲਾਂਕਿ ਸ੍ਰੀ ਅਕਾਲ ਤਖ਼ਤ ਸਕੱਤਰੇਤ ਨੇ ਇਸ ਦੀ ਪੁਸ਼ਟੀ ਨਹੀਂ ਕੀਤੀ ਹੈ, ਪਰ ਪੰਥਕ ਸੂਤਰਾਂ ਅਨੁਸਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਵਿੱਚ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਮਿਤੀ 8 ਤਰੀਕ ਨੂੰ ਹੋ ਸਕਦੀ ਹੈ।

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਇਸ ਮੀਟਿੰਗ ਵਿੱਚ ਸ਼ਾਮਲ ਹੋ ਸਕਦੇ ਹਨ। 18 ਨਵੰਬਰ ਨੂੰ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਜਾਰੀ ਕੀਤੇ ਗਏ ਇੱਕ ਫ਼ਰਮਾਨ ਵਿੱਚ, ਉਨ੍ਹਾਂ ਨੂੰ ਇੱਕ ਹਫ਼ਤੇ ਦੇ ਅੰਦਰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੀ ਹਦਾਇਤ ਕੀਤੀ ਗਈ ਸੀ, ਪਰ ਉਨ੍ਹਾਂ ਨੇ ਗੁਰੂ ਤੇਗ ਬਹਾਦਰ ਸਾਹਿਬ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸਮਾਗਮਾਂ ਕਾਰਨ ਸਮਾਂ ਵਧਾਉਣ ਦੀ ਬੇਨਤੀ ਕੀਤੀ ਸੀ। ਹੁਣ ਜਦੋਂ ਮੁੱਖ ਸਮਾਗਮ ਸਮਾਪਤ ਹੋ ਗਏ ਹਨ, ਤਾਂ ਉਹ 8 ਦਸੰਬਰ ਨੂੰ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋ ਸਕਦੇ ਹਨ। ਇਹ ਗੱਲ ਧਿਆਨ ਦੇਣ ਯੋਗ ਹੈ ਕਿ ਕੈਬਨਿਟ ਮੰਤਰੀ ਸੌਂਧ 'ਤੇ ਦੋਸ਼ ਲਗਾਇਆ ਗਿਆ ਸੀ ਕਿ ਉਨ੍ਹਾਂ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਦੌਰਾਨ 25 ਨਵੰਬਰ ਨੂੰ ਹੋਣ ਵਾਲੇ ਮੁੱਖ ਸਮਾਗਮ ਲਈ ਪੰਜਾਬ ਸਰਕਾਰ ਵੱਲੋਂ ਲਗਾਏ ਗਏ ਆਪਣੇ ਹੋਰਡਿੰਗਾਂ ਵਿੱਚ ਭਾਈ ਜੈਤੋ ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸੀਸ ਫੜ ਕੇ ਜੁੱਤੀਆਂ ਪਹਿਨ ਕੇ ਦਿਖਾ ਕੇ ਮਰਿਆਦਾ ਦੀ ਘੋਰ ਉਲੰਘਣਾ ਕੀਤੀ ਸੀ। ਅਜਿਹੇ ਕਈ ਦੋਸ਼ਾਂ ਕਾਰਨ, ਉਨ੍ਹਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਪੱਸ਼ਟੀਕਰਨ ਦੇਣ ਲਈ ਤਲਬ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਕਈ ਹੋਰ ਪੰਥਕ ਮਾਮਲੇ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰ ਅਧੀਨ ਚਲ ਰਹੇ ਹਨ, ਜਿਸ ਦਾ ਫੈਸਲਾ ਕੱਲ ਹੋ ਸਕਦਾ ਹੈ। ਭਾਈ ਹਰਿੰਦਰ ਸਿੰਘ ਜੀ (ਨਿਰਵੈਰ ਖ਼ਾਲਸਾ ਜੱਥਾ UK) ਵੀ ਪਿਛਲੇ ਦਿਨੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚੇ ਸਨ, ਜਿਨ੍ਹਾਂ ਵੱਲੋਂ ਵੀ ਪਵਿੱਤਰ ਦਰ ਤੇ ਹਾਜ਼ਰੀ ਲਗਾਕੇ ਮਾਫ਼ੀ ਮੰਗੀ ਜਾਣੀ ਹੈ।

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ.ਸੀ ਵੱਲੋਂ ਵੀ  ਹੋਈ ਗਲਤੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪਸ਼ਟੀਕਰਨ ਦਿੱਤਾ ਗਿਆ ਸੀ, ਹੋ ਸਕਦਾ ਹੈ ਕੱਲ ਉਹ ਵੀ ਇਸ ਇਕੱਤਰਤਾ ਵਿੱਚ ਪੇਸ਼ ਹੋਣ।

ਫਖ਼ਰ-ਏ-ਕੌਮ ਦਾ ਖਿਤਾਬ ਮਰਹੂਮ ਬਾਦਲ ਨੂੰ ਵਾਪਸ ਕੀਤਾ ਜਾ ਸਕਦਾ ਹੈ।

ਮਿਤੀ 02 ਦਸੰਬਰ, 2024 ਨੂੰ ਸ਼੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਜਾਰੀ ਕੀਤੇ ਗਏ ਇੱਕ ਫੈਸਲੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਪਹਿਲਾਂ ਦਿੱਤਾ ਗਿਆ ਫਖ਼ਰ-ਏ-ਕੌਮ ਖਿਤਾਬ ਵਾਪਸ ਲੈਣ ਦਾ ਵੀ ਹੁਕਮ ਦਿੱਤਾ ਸੀ।ਪਿਛਲੀ ਅਕਾਲੀ ਸਰਕਾਰ (2007-2017) ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਸਹੀ ਨੁਮਾਇੰਦਗੀ ਕਰਨ ਵਿੱਚ ਅਸਫਲ ਰਹਿਣ ਕਾਰਨ ਵਾਪਸ ਲੈ ਲਿਆ ਗਿਆ ਸੀ। ਸੂਤਰਾਂ ਮੁਤਾਬਕ ਇਹ ਫਖਰ-ਏ-ਕੌਮ ਦਾ ਖਿਤਾਬ ਮਿਤੀ 8 ਦਸੰਬਰ ਦੀ ਮੀਟਿੰਗ ਵਿੱਚ ਪੰਜ ਸਿੰਘ ਸਾਹਿਬਾਨ ਵੱਲੋਂ ਬਾਦਲ ਪਰਿਵਾਰ ਨੂੰ ਵਾਪਸ ਕੀਤਾ ਜਾ ਸਕਦਾ ਹੈ।

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 5 ਜਨਵਰੀ ਜਾਂ ਕਿਸੇ ਹੋਰ ਤਰੀਕ ਨੂੰ ਮਨਾਉਣ ਬਾਰੇ ਫੈਸਲਾ ਲਿਆ ਜਾ ਸਕਦਾ ਹੈ।

ਇਸ ਸਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਦੋ ਵਾਰ ਮਨਾਇਆ ਜਾ ਰਿਹਾ ਹੈ। ਪਹਿਲਾ 5 ਜਨਵਰੀ, 2025 ਨੂੰ ਮਨਾਇਆ ਗਿਆ ਸੀ, ਅਤੇ ਹੁਣ ਨਾਨਕਸ਼ਾਹੀ ਕੈਲੰਡਰ ਵਿਵਾਦ ਕਾਰਨ ਇਸਨੂੰ ਦੁਬਾਰਾ 27 ਦਸੰਬਰ ਨੂੰ ਮਨਾਉਣ ਦਾ ਪ੍ਰਸਤਾਵ ਹੈ। ਸੋਧੇ ਹੋਏ ਨਾਨਕਸ਼ਾਹੀ ਕੈਲੰਡਰ ਅਨੁਸਾਰ, 27 ਤਰੀਕ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਵਸ ਵੀ ਹੈ। ਇਸ ਕਾਰਨ ਸੰਗਤ ਨੂੰ ਦੁਬਿਧਾ ਵਿੱਚੋਂ ਕੱਢਣ ਲਈ, ਜਥੇਦਾਰ ਕੁਲਦੀਪ ਸਿੰਘ ਅਤੇ ਹੋਰ ਸਿੰਘ ਸਾਹਿਬਾਨ ਸੰਗਤ ਨੂੰ 5 ਜਨਵਰੀ 2026 ਨੂੰ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦਾ ਹੁਕਮ ਜਾਰੀ ਕਰ ਸਕਦੇ ਹਨ।