ਸਿੱਖਾਂ ਦੀ ਸੁਰੱਖਿਆ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਕੀਤੀ ਟਿਪਣੀ ਚਿੰਤਾਜਨਕ : ਕੈਪਟਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਕਾਲੀ ਦਲ ਨੂੰ ਕੇਂਦਰ ਵਿਚ ਸੱਤਾਧਾਰੀ ਗੱਠਜੋੜ ਨਾਲੋਂ ਨਾਤਾ ਤੋੜਨ ਲਈ ਆਖਿਆ

Amarinder Singh

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਭਾਰਤ ਵਿਚ ਸਿੱਖਾਂ ਦੇ ਮਹਿਫ਼ੂਜ਼ ਨਾ ਹੋਣ ਬਾਰੇ ਕੀਤੀ ਟਿੱਪਣੀ ਉਪਰ ਡੂੰਘੀ ਚਿੰਤਾ ਜ਼ਾਹਰ  ਕੀਤੀ।

ਉਹਨਾਂ ਨੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਕਿ ਉਨ੍ਹਾਂ ਵਲੋਂ ਅਕਾਲੀਆਂ 'ਤੇ ਕੇਂਦਰ ਦੇ ਸੱਤਾਧਾਰੀ ਗੱਠਜੋੜ ਨਾਲ ਅਪਣੇ ਸਾਰੇ ਨਾਤੇ ਤੋੜ ਲੈਣ ਲਈ ਦਬਾਅ ਪਾਇਆ ਜਾਵੇ ਕਿਉਂਕਿ ਮੁਲਕ ਵਿਚ ਘੱਟ-ਗਿਣਤੀਆਂ ਦਰਮਿਆਨ ਸੁਰੱਖਿਆ ਦੀ ਭਾਵਨਾ ਨੂੰ ਯਕੀਨੀ ਬਣਾਉਣ ਵਿਚ ਕੇਂਦਰ ਸਰਕਾਰ ਨਾਕਾਮ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਉਹ ਖ਼ੁਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਇਸ ਕਥਨ ਨਾਲ ਸਹਿਮਤ ਨਹੀਂ ਹਨ ਕਿ ਭਾਰਤ ਵਿਚ ਸਿੱਖ ਸੁਰੱਖਿਅਤ ਨਹੀਂ ਹਨ ਪਰ ਜੇਕਰ ਉਹ ਇਸ ਗੱਲ ਨੂੰ ਮਹਿਸੂਸ ਕਰਦੇ ਹਨ ਤਾਂ ਉਨ੍ਹਾਂ ਨੂੰ ਇਹ ਮਾਮਲਾ ਸ਼੍ਰੋਮਣੀ ਅਕਾਲੀ ਦਲ ਕੋਲ ਉਠਾਉਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਜਥੇਦਾਰ ਸਾਹਿਬ ਅਕਾਲੀਆਂ ਨੂੰ ਕੇਂਦਰ ਵਿਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨਾਲੋਂ ਗੱਠਜੋੜ ਦਾ ਸਬੰਧ ਤੋੜਣ ਲਈ ਕਹਿਣ।
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪਾਕਿਸਤਾਨ ਦੇ ਉਲਟ ਭਾਰਤ ਨੂੰ ਹਮੇਸ਼ਾ ਹੀ ਇਕ ਨਿਰਪੱਖ ਰਾਸ਼ਟਰ ਹੋਣ ਦਾ ਮਾਣ ਰਿਹਾ ਹੈ ਅਤੇ ਇਥੇ ਧਾਰਮਕ ਆਧਾਰ 'ਤੇ ਕੋਈ ਵਿਤਕਰੇਬਾਜ਼ੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਜੇਕਰ ਸਿੱਖਾਂ ਦੇ ਮਨਾਂ ਵਿਚ ਇਹ ਭਾਵਨਾ ਪਾਈ ਜਾ ਰਹੀ ਹੈ ਕਿ ਉਹ ਇਥੇ ਸੁਰੱਖਿਅਤ ਨਹੀਂ ਹਨ ਤਾਂ ਇਹ ਬਹੁਤ ਗੰਭੀਰ ਮਾਮਲਾ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਇਸ ਮੁਲਕ ਵਿਚ ਸਿੱਖ ਅਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਜਿਵੇਂ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ, ਤਾਂ ਇਸ ਲਈ ਕੇਂਦਰ ਸਰਕਾਰ ਜ਼ਿੰਮੇਵਾਰ ਹੈ ਜਿਸ ਨੂੰ ਕਟਹਿਰੇ ਵਿਚ ਖੜ੍ਹਾ ਕੀਤਾ ਜਾ ਸਕਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਅਪਣੇ ਆਪ ਨੂੰ ਸਿੱਖ ਧਰਮ ਅਤੇ ਭਾਈਚਾਰੇ ਦੇ ਹਿੱਤਾਂ ਦੇ ਰਖਵਾਲੇ ਹੋਣ ਦੇ ਦਾਅਵੇ ਕਰਦੇ ਹਨ ਤਾਂ ਇਨ੍ਹਾਂ ਨੂੰ ਇਸ ਮਸਲੇ 'ਤੇ ਸਟੈਂਡ ਲੈਣਾ ਚਾਹੀਦਾ ਹੈ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਅਪਣੀ ਪਤਨੀ ਹਰਸਿਮਰਤ ਕੌਰ ਬਾਦਲ ਨੂੰ ਤੁਰਤ ਕੇਂਦਰੀ ਮੰਤਰੀ ਵਜੋਂ ਅਸਤੀਫ਼ਾ ਦੇਣ ਲਈ ਕਹਿਣਾ ਚਾਹੀਦਾ ਹੈ।