ਅਕਾਲੀ ਦਲ ਨਾਲ ਕਿਸੇ ਵੀ ਕੀਮਤ 'ਤੇ ਗਠਜੋੜ ਨਹੀਂ ਕੀਤਾ ਜਾਵੇਗਾ - ਅਸ਼ਵਨੀ ਸ਼ਰਮਾ 

ਏਜੰਸੀ

ਖ਼ਬਰਾਂ, ਪੰਜਾਬ

ਅਕਾਲੀ ਦਲ ਨੇ ਔਖੇ ਵੇਲੇ ਭਾਜਪਾ ਦਾ ਸਾਥ ਛੱਡਿਆ 

Ashwani Kumar Sharma

ਮਲੋਟ : ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਮਲੋਟ ਪਹੁੰਚੇ ਜਿੱਥੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਸਤੀਸ਼ ਕੁਮਾਰ ਆਸੀਜਾ ਦੀ ਤਾਜਪੋਸ਼ੀ ਇਕ ਨਿਜੀ ਪੈਲਸ ਵਿਚ ਕਰਵਾਈ ਗਈ। ਇਸ ਦੌਰਾਨ ਉਹਨਾਂ ਨੇ ਵਿਸ਼ੇਸ਼ ਤੌਰ 'ਤੇ ਬੋਲਦਿਆਂ ਕਿਹਾ ਕਿ ਉਨਾਂ ਨੁਕਸਾਨ ਭਾਜਪਾ ਦਾ ਕਾਂਗਰਸ ਨੇ ਨਹੀਂ ਕੀਤਾ ਜਿੰਨਾਂ ਅਕਾਲੀ ਦਲ ਨੇ ਕੀਤਾ ਹੈ। ਇਸ ਲਈ ਭਾਜਪਾ ਪੰਜਾਬ ਅੰਦਰ ਅਕਾਲੀ ਦਲ ਨਾਲ ਕੋਈ ਗੱਠਜੋੜ ਨਹੀਂ ਕਰੇਗੀ ਅਤੇ ਸਾਰੀਆਂ 117 ਸੀਟਾਂ 'ਤੇ ਇਕੱਲਿਆਂ ਚੋਣ ਲੜੇਗੀ। ਇਸ ਦੇ ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ 2024 ਵਿਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਵੀ ਉਹ 13 ਦੀਆਂ 13 ਸੀਟਾਂ 'ਤੇ ਲੜੇਗੀ। 

ਅਸ਼ਵਨੀ ਸ਼ਰਮਾ ਨੇ ਕਿਹਾ ਕਿ ਭਾਜਪਾ ਨੇ ਅਕਾਲੀ ਦਲ ਨੂੰ ਨਹੀਂ ਛੱਡਿਆ ਸਗੋਂ ਅਕਾਲੀ ਦਲ ਨੇ ਔਖੇ ਸਮੇਂ ਵਿਚ ਭਾਜਪਾ ਦਾ ਹੱਥ ਛੱਡਿਆ ਹੈ, ਇਸ ਲਈ ਪਾਰਟੀ ਹੁਣ ਅਕਾਲੀ ਦਲ ਨਾਲ ਕਿਸੇ ਤਰ੍ਹਾਂ ਦੀ ਸਾਂਝ ਨਹੀਂ ਰੱਖੇਗੀ। ਉਨ੍ਹਾਂ ਕਿਹਾ ਕਿ ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ ਪਰ ਅੱਜ ਪੰਜਾਬ ਦੀ ਜਵਾਨੀ ਨਸ਼ੇ ਵਿਚ ਡੁੱਬ ਚੁੱਕੀ ਹੈ।

ਉਨ੍ਹਾਂ ਕਿਹਾ ਕਿ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਪੰਜਾਬ ਅੰਦਰ ਜਿੱਥੇ ਜਵਾਨੀ ਨਸ਼ੇ ਵਿਚ ਖ਼ਤਮ ਹੋ ਰਹੀ ਹੈ, ਉਥੇ ਹੀ ਅਮਨ ਕਾਨੂੰਨ ਦੀ ਮਾੜੀ ਸਥਿਤੀ ਕਰਕੇ ਪੰਜਾਬ ਦੇ ਉਦਯੋਗਪਤੀ ਪੰਜਾਬ ਨੂੰ ਛੱਡ ਕੇ ਬਾਹਰ ਉਦਯੋਗ ਲਗਾ ਰਹੇ ਹਨ। ਸੂਬਾ ਪ੍ਰਧਾਨ ਨੇ ਕਿਹਾ ਕਿ ਪੰਜਾਬ ਵਾਸੀਆਂ ਨੇ ਅਕਾਲੀ ਦਲ, ਕਾਂਗਰਸ ਅਤੇ ਹੁਣ ਆਮ ਆਦਮੀ ਪਾਰਟੀ ਸਮੇਤ ਸਾਰੀਆਂ ਪਾਰਟੀਆਂ ਨੂੰ ਅਜ਼ਮਾ ਕਿ ਵੇਖ ਕਿ ਲਿਆ ਹੈ, ਹੁਣ ਉਨ੍ਹਾਂ ਦੀ ਆਸ ਭਾਜਪਾ ’ਤੇ ਹੈ ਅਤੇ ਸਿਰਫ਼ ਭਾਰਤੀ ਜਨਤਾ ਪਾਰਟੀ ਹੈ ਜਿਹੜੀ ਸੂਬੇ ਦੇ ਵਿਕਾਸ ਲਈ ਕੰਮ ਕਰ ਸਕਦੀ ਹੈ।  

ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਪਿੰਡਾਂ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਢੁਕਵੇਂ ਪ੍ਰੋਗਰਾਮ ਉਲੀਕੇ ਗਏ ਹਨ। ਉਨ੍ਹਾਂ ਕਿਹਾ ਜ਼ਿਲ੍ਹਾ ਪ੍ਰਧਾਨਾਂ ਨੂੰ  ਉਨ੍ਹਾਂ ਦੀ ਜ਼ਿੰਮੇਵਾਰੀ ਦੇਣ ਮੌਕੇ ਰਾਜ ਭਰ ਵਿਚ ਪ੍ਰੋਗਰਾਮ ਕਰਨ ਦਾ ਮੰਤਵ ਹੀ ਵਰਕਰਾਂ ਨੂੰ ਅਪੀਲ ਕਰਨਾ ਹੈ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਜੁਟ ਜਾਣ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸਤੀਸ਼ ਅਸੀਜਾ ਨੇ ਆਏ ਵਰਕਰਾਂ ਦਾ ਧੰਨਵਾਦ ਕੀਤਾ।