Punjab News: ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਤਲਵਾੜਾ ਪ੍ਰੋਜੈਕਟ ਦਾ ਦੌਰਾ

ਏਜੰਸੀ

ਖ਼ਬਰਾਂ, ਪੰਜਾਬ

- ਤਲਵਾੜਾ ਪ੍ਰੋਜੈਕਟ ਪੂਰਾ ਹੋਣ ਨਾਲ ਕੰਢੀ ਖੇਤਰ ਦੇ ਪਿੰਡ ਵਾਸੀਆਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਹੋਵੇਗੀ: ਜਿੰਪਾ

Water Supply and Sanitation Minister Bram Shanker Jimpa visits Talwara Surface Water Project

 

Punjab News: ਚੰਡੀਗੜ੍ਹ :  ਪੰਜਾਬ ਦੇ ਹਰੇਕ ਪਿੰਡ 'ਚ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਨਹਿਰੀ ਪਾਣੀ ‘ਤੇ ਆਧਾਰਤ ਤਲਵਾੜਾ ਜਲ ਸਪਲਾਈ ਯੋਜਨਾ ਦਾ ਬੀਤੀ ਸ਼ਾਮ ਦੌਰਾ ਕੀਤਾ। ਇਸ ਪ੍ਰੋਜੈਕਟ ਰਾਹੀਂ ਤਲਵਾੜਾ, ਹਾਜੀਪੁਰ, ਭੂੰਗਾ ਅਤੇ ਦਸੂਹਾ ਬਲਾਕਾਂ ਦੇ 197 ਪਿੰਡਾਂ ਨੂੰ ਸਾਫ ਅਤੇ ਪੀਣਯੋਗ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਹ ਪ੍ਰੋਜੈਕਟ ਅਗਲੇ ਸਾਲ ਤੱਕ ਪੂਰਾ ਹੋਣ ਦੀ ਯੋਜਨਾ ਹੈ। ਜ਼ਿਕਰਯੋਗ ਹੈ ਕਿ ਇਸ ਪ੍ਰੋਜੈਕਟ ਰਾਹੀਂ ਸ਼ਾਹ ਨਹਿਰ ਬੈਰਾਜ ਤਲਵਾੜਾ ਤੋਂ ਕਰੀਬ 231 ਕਿਲੋਮੀਟਰ ਲੰਬੀ ਪਾਈਪ ਲਾਈਨ ਵਿਛਾਈ ਜਾਣੀ ਹੈ। ਜਿੰਪਾ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਕੁੱਲ ਲਾਗਤ 258.73 ਕਰੋੜ ਰੁਪਏ ਹੈ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ‘ਤੇ ਕੰਢੀ ਖੇਤਰ ਦੇ ਲੋਕਾਂ ਦੀ ਪੀਣ ਵਾਲੇ ਪਾਣੀ ਦੀ ਸਮੱਸਿਆ ਹੱਲ ਹੋ ਜਾਵੇਗੀ। ਇਸ ਮੌਕੇ ਜਿੰਪਾ ਨੇ ਪ੍ਰੋਜੈਕਟ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ਅਤੇ ਹਦਾਇਤ ਕੀਤੀ ਗਈ ਕਿ ਕੰਮ ਉੱਚ ਪੱਧਰੀ ਮਿਆਰ ਦਾ ਕੀਤਾ ਜਾਵੇ। 

ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਲਈ ਯਤਨਸ਼ੀਲ ਹੈ ਅਤੇ ਇਸ ਮਕਸਦ ਲਈ ਪਿੰਡਾਂ ਨੂੰ ਸਾਰੀਆਂ ਸਹੂਲਤਾਂ ਪਹਿਲ ਦੇ ਆਧਾਰ ‘ਤੇ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿਚ ਜ਼ਮੀਨੀ ਪਾਣੀ ਖਰਾਬ ਹੈ ਜਾਂ ਪੀਣਯੋਗ ਨਹੀਂ ਹੈ ਉਨ੍ਹਾਂ ਪਿੰਡਾਂ ਨੂੰ ਨਹਿਰੀ ਪਾਣੀ ਪ੍ਰੋਜੈਕਟਾਂ ਨਾਲ ਜੋੜਿਆ ਜਾ ਰਿਹਾ ਹੈ। ਇਸ ਮੌਕੇ ਨਿਗਰਾਨ ਇੰਜੀਨੀਅਰ ਵਿਜੈ ਕੁਮਾਰ ਅਤੇ ਕਾਰਜਕਾਰੀ ਇੰਜੀਨੀਅਰ ਅਨੁਜ ਸ਼ਰਮਾ ਤੋਂ ਇਲਾਵਾ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ। 

(For more news apart from Punjab News, stay tuned to Rozana Spokesman)