ਨਾਗਰਿਕਤਾ ਕਾਨੂੰਨ ਵਿਰੁਧ ਮੁਸਲਮਾਨ ਚਾਹੁੰਦੇ ਹਨ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਾ ਦਖ਼ਲ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਦਰਬਾਰ ਸਾਹਿਬ ਦੇ ਬਾਹਰ ਮੁਸਲਮਾਨਾਂ ਨੇ ਜੁੰਮੇ ਦੀ ਨਮਾਜ਼ ਅਦਾ ਕੀਤੀ

Photo

ਅੰਮ੍ਰਿਤਸਰ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਗਏ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ 'ਚ ਅੱਜ ਜੁਆਇੰਟ ਐਕਸ਼ਨ ਕਮੇਟੀ ਅਹਿਮਦਗੜ੍ਹ ਦੇ ਮੁਸਲਿਮ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਮੰਗ ਪੱਤਰ ਦੇਣ ਉਪਰੰਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।

ਇਸ ਉਪਰੰਤ ਮੁਸਲਮਾਨ ਭਾਈਚਾਰੇ ਨੇ ਜੁਮੇ ਦੀ ਨਮਾਜ਼ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਬਣੇ ਪਲਾਜ਼ਾ ਵਿਖੇ ਅਦਾ ਕੀਤੀ। ਮੁਸਲਿਮ ਭਾਈਚਾਰੇ ਦੇ ਇਹ ਮੈਂਬਰ ਚਾਹੁੰਦੇ ਹਨ ਕਿ ਭਾਰਤ ਸਰਕਾਰ ਵਲੋਂ ਬਣਾਏ ਨਾਗਰਿਕਤਾ ਸੋਧ ਕਾਨੂੰਨ (311) ਦੇ ਮਾਮਲੇ ਵਿਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦਖ਼ਲ ਦੇਣ।

ਜਦੋਂ ਇਹ ਮੁਸਲਿਮ ਵਫ਼ਦ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਾ ਤਾਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਮੌਜੂਦ ਨਹੀਂ ਸਨ। ਉਨ੍ਹਾਂ ਦੀ ਗ਼ੈਰ–ਮੌਜੂਦਗੀ 'ਚ ਜੱਥੇਦਾਰ ਦੇ ਪੀ.ਏ. ਰਣਜੀਤ ਸਿੰਘ ਨੇ ਮੁਸਲਿਮ ਭਾਈਚਾਰੇ ਦਾ ਯਾਦ–ਪੱਤਰ (ਮੈਮੋਰੈਂਡਮ) ਹਾਸਲ ਕੀਤਾ। ਚੇਤੇ ਰਹੇ ਕਿ ਨਾਗਰਿਕਤਾ ਕਾਨੂੰਨ ਦਾ ਸਮੁੱਚੇ ਦੇਸ਼ 'ਚ ਜ਼ੋਰਦਾਰ ਵਿਰੋਧ ਹੋ ਰਿਹਾ ਹੈ।

ਦਿੱਲੀ ਦੇ ਸ਼ਾਹੀਨ ਬਾਗ਼ ਇਲਾਕੇ ਵਿਚ ਪਿਛਲੇ 53 ਦਿਨਾਂ ਤੋਂ ਰੋਸ ਮੁਜ਼ਾਹਰੇ ਜਾਰੀ ਹਨ। ਸ਼ਾਹੀਨ ਬਾਗ਼ ਦਾ ਧਰਨਾ ਚੁਕਵਾਉਣ ਲਈ ਅੱਜ ਸੁਪਰੀਮ ਕੋਰਟ 'ਚ ਸੁਣਵਾਈ ਹੋਣੀ ਸੀ ਪਰ ਭਲਕੇ ਦਿੱਲੀ 'ਚ ਵੋਟਾਂ ਪੈਣ ਕਾਰਨ ਅੱਜ ਦੇਸ਼ ਦੀ ਸਰਬਉੱਚ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਨਹੀਂ ਕੀਤੀ।