ਭਵਿੱਖ 'ਚ ਪ੍ਰੇਸ਼ਾਨੀਆਂ ਤੋਂ ਬਚਣ ਲਈ ਬੱਚੇ ਨੂੰ ਕਾਨੂੰਨੀ ਪ੍ਰਕਿਰਿਆ ਨਾਲ ਲਿਆ ਜਾਵੇ ਗੋਦ: ਡਾ. ਬਲਜੀਤ ਕੌਰ
ਸਮਾਜਿਕ ਸੁਰੱਖਿਆ ਵਿਭਾਗ ਨੇ ਚਾਲੂ ਸਾਲ ਦੌਰਾਨ 42 ਬੱਚੇ ਗੋਦ ਦਿਵਾਏ
ਚੰਡੀਗੜ੍ਹ- ਬੱਚੇ ਨੂੰ ਪੂਰੇ ਕਾਨੂੰਨੀ ਢੰਗ ਨਾਲ ਗੋਦ ਲਿਆ ਜਾਵੇ ਤਾਂ ਜੋ ਭਵਿੱਖ 'ਚ ਕਿਸੇ ਤਰ੍ਹਾਂ ਦੀਆਂ ਪ੍ਰੇਸ਼ਾਨੀਆਂ ਤੋਂ ਬਚਿਆ ਜਾ ਸਕੇ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ।
ਇਸ ਸਬੰਧੀ ਜਾਣਕਾਰੀ ਦਿੰਦਿਆ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬੱਚਾ ਗੋਦ ਲੈਣ ਦੀ ਪ੍ਰਕਿਰਿਆ ਸੈਂਟਰਲ ਅਡਾਪਸ਼ਨ ਰਿਸੋਰਸ ਏਜੰਸੀ (ਕਾਰਾ) ਦੀ ਵੈਬਸਾਇਟ 'ਤੇ ਆਨਲਾਈਨ ਰਜਿਸਟ੍ਰੇਸ਼ਨ ਕਰਨ ਨਾਲ ਸ਼ੁਰੂ ਹੁੰਦੀ ਹੈ। ਬੱਚਾ ਗੋਦ ਲੈਣ ਦਾ ਕੋਈ ਚਾਹਵਾਨ ਜੇਕਰ ਆਨਲਾਈਨ ਰਜਿਸਟ੍ਰੇਸ਼ਨ ਨਹੀਂ ਕਰ ਸਕਦਾ ਤਾਂ ਉਹ ਆਪਣੇ ਜ਼ਿਲ੍ਹੇ ਦੀ ਬਾਲ ਸੁਰੱਖਿਆ ਯੂਨਿਟ ਨਾਲ ਸੰਪਰਕ ਕਰ ਸਕਦਾ ਹੈ ਅਤੇ ਦੇਸ਼ ਜਾਂ ਵਿਦੇਸ਼ ਵਿੱਚੋਂ ਬੱਚੇ ਗੋਦ ਲੈਣ ਦੀ ਕਾਨੂੰਨੀ ਪ੍ਰਕਿਰਿਆ ਬਾਰੇ ਜਾਣਕਾਰੀ ਲੈ ਸਕਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਬੱਚਾ ਗੋਦ ਲੈਣ ਦੇ ਚਾਹਵਾਨਾਂ ਲਈ ਹਿੰਦੂ ਅਡਾਪਸ਼ਨ ਐਂਡ ਮੇਨਟੀਨੈੰਸ ਐਕਟ 1956 ਅਤੇ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ) ਐਕਟ 2015 ਤਹਿਤ ਕੀਤੇ ਉਪਬੰਧਾਂ ਦੀ ਪਾਲਣਾ ਜ਼ਰੂਰੀ ਹੈ।
ਡਾ. ਬਲਜੀਤ ਕੌਰ ਨੇ ਦੱਸਿਆ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਬੱਚੇ ਦੀ ਭਲਾਈ ਲਈ ਯਤਨਸ਼ੀਲ ਹੈ, ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਚਾਲੂ ਵਰ੍ਹੇ ਦੌਰਾਨ 37 ਬੱਚੇ ਦੇਸ਼ 'ਚ ਅਤੇ 5 ਬੱਚੇ ਦੇਸ਼ ਤੋਂ ਬਾਹਰ ਗੋਦ ਦਿਵਾਏ ਗਏ ਹਨ।
ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬੱਚਾ ਗੋਦ ਲੈਣ ਸਬੰਧੀ ਜਾਗਰੂਕਤਾ ਫੈਲਾਉਣ ਲਈ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਿਖਲਾਈ ਵਰਕਸ਼ਾਪਾਂ ਲਗਾਈਆਂ ਜਾਂਦੀਆਂ ਹਨ।