ਰਾਹੁਲ ਗਾਂਧੀ ਦੀ ਮੋਗਾ ਰੈਲੀ ਕਿਸਾਨਾਂ-ਜਵਾਨਾਂ ਲਈ ਬੇਸਿੱਟਾ ਰਹੀ : ਹਰਪਾਲ ਚੀਮਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੰਡੀਗੜ੍ਹ : ਮੋਗਾ ਵਿਖੇ ਰਾਹੁਲ ਗਾਂਧੀ ਦੀ ਕੀਤੀ ਗਈ ਰੈਲੀ ਦੀ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ...

Harpal Cheema

ਚੰਡੀਗੜ੍ਹ : ਮੋਗਾ ਵਿਖੇ ਰਾਹੁਲ ਗਾਂਧੀ ਦੀ ਕੀਤੀ ਗਈ ਰੈਲੀ ਦੀ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਵੱਲੋਂ ਆਪਣੇ ਰਾਸ਼ਟਰੀ ਪ੍ਰਧਾਨ ਲਈ ਰੱਖੀ ਰੈਲੀ ਉੱਤੇ ਪੰਜਾਬ ਦੇ ਲੋਕਾਂ ਦੇ ਖ਼ੂਨ ਪਸੀਨੇ ਦੀ ਕਮਾਈ ਨੂੰ ਖ਼ਰਚ ਕੇ ਪੰਜਾਬ ਦੇ ਕਿਸਾਨਾਂ ਨੌਜਵਾਨਾਂ ਦਲਿਤਾਂ ਅਤੇ ਹੋਰ ਵਰਗਾਂ ਨਾਲ ਧੋਖਾ ਹੈ।

ਚੰਡੀਗੜ੍ਹ ਵਿਖੇ ਸਥਿਤ ਆਪ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਚੀਮਾ ਨੇ ਕਿਹਾ ਕਿ ਨੌਜਵਾਨਾਂ ਅਤੇ ਕਿਸਾਨਾਂ ਦਾ ਨਾਮ ਵਰਤ ਕੇ ਰੱਖੀ ਗਈ ਰੈਲੀ 'ਚ ਰਾਹੁਲ ਗਾਂਧੀ ਨੇ ਕਿਸਾਨਾਂ ਅਤੇ ਨੌਜਵਾਨਾਂ ਲਈ ਕੋਈ ਅਗਲਾ ਪ੍ਰੋਗਰਾਮ ਨਹੀਂ ਉਲੀਕਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਪੰਜਾਬ ਦੇ ਲੋਕਾਂ ਦਾ ਪੈਸਾ ਖ਼ਰਚ ਕੇ ਕਾਂਗਰਸ ਪਾਰਟੀ ਦੀ ਵਾਹੋ-ਵਾਹੀ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਰੈਲੀ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੇ ਕਿਸਾਨਾਂ ਨਾਲ ਝੂਠ ਬੋਲਣ ਉੱਤੇ ਟਿੱਪਣੀ ਕਰਦਿਆਂ ਚੀਮਾ ਨੇ ਕਿਹਾ ਕਿ ਪੰਜਾਬ ਦੇ ਕਿਸਾਨ ਇਸ ਸਮੇਂ ਭਾਰੀ ਕਰਜ਼ੇ ਦੀ ਮਾਰ ਝੱਲ ਰਹੇ ਹਨ ਪਰ ਸਰਕਾਰ ਉਨ੍ਹਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਕਰਜ਼ਾ ਮਾਫ਼ੀ ਦੇ ਵਾਅਦੇ ਤੋਂ ਮੁਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਲਈ ਕੋਈ ਵੀ ਅਗਾਂਹਵਧੂ ਯੋਜਨਾ ਦਾ ਐਲਾਨ ਨਾ ਕਰ ਕੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਖਿਲਵਾੜ ਕੀਤਾ ਹੈ। ਪੰਜਾਬ ਵਿੱਚ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਆਏ ਦਿਨ ਹੋ ਰਹੀਆਂ ਖ਼ੁਦਕੁਸ਼ੀਆਂ ਉੱਤੇ ਚਿੰਤਾ ਜ਼ਾਹਿਰ ਕਰਦਿਆਂ ਚੀਮਾ ਨੇ ਕਿਹਾ ਕਿ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨੂੰ ਖ਼ੁਦਕੁਸ਼ੀਆਂ ਕਰਨ ਲਈ ਮਜਬੂਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਹੱਕਾਂ ਲਈ ਸੂਬੇ ਭਰ ਵਿੱਚ ਰੋਸ ਮੁਜ਼ਾਹਰੇ ਕਰ ਰਹੀ ਹੈ। ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਵੀ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਨਾਲ ਸਰਕਾਰ ਵੱਲੋਂ ਕੀਤੀ ਗਈ ਵਾਅਦਾਖ਼ਿਲਾਫ਼ੀ ਦਾ ਮੁੱਦਾ ਜ਼ੋਰ-ਸ਼ੋਰ ਨਾਲ ਚੁੱਕਿਆ ਗਿਆ ਸੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਰੇਲ ਅਤੇ ਸੜਕੀ ਆਵਾਜਾਈ ਰੋਕਣ ਲਈ ਵੀ ਪੰਜਾਬ ਸਰਕਾਰ ਹੀ ਜ਼ਿੰਮੇਵਾਰ ਹੈ। ਚੀਮਾ ਨੇ ਕਿਹਾ ਕਿ ਕਰਜ਼ੇ ਦੀ ਭਾਰੀ ਮਾਰ ਝੱਲ ਰਹੇ ਅਤੇ ਸਕੀਮਾਂ ਲਾਗੂ ਕਰਨ ਦੌਰਾਨ ਖ਼ਜ਼ਾਨਾ ਖ਼ਾਲੀ ਹੋਣ ਦਾ ਦਾਅਵਾ ਕਰਨ ਵਾਲੀ ਸਰਕਾਰ ਨੇ ਰਾਹੁਲ ਗਾਂਧੀ ਦੀ ਰੈਲੀ ਉੱਤੇ ਕਰੋੜਾਂ ਰੁਪਏ ਖ਼ਰਚ ਕਰ ਕੇ ਸੂਬੇ ਦੇ ਲੋਕਾਂ ਦਾ ਹੱਕ ਮਾਰਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਲਈ ਸਟੇਜਾਂ ਤੋਂ ਝੂਠੇ ਨਾਅਰੇ ਮਾਰਨ ਦੀ ਥਾਂ ਜੇ ਇਹ ਪੈਸਾ ਉਨ੍ਹਾਂ ਨੂੰ ਦਿੱਤਾ ਜਾਂਦਾ ਤਾਂ ਸ਼ਾਇਦ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀਆਂ ਆਤਮ ਹੱਤਿਆਵਾਂ ਨੂੰ ਰੋਕਣ ਵਿੱਚ ਸਹਾਈ ਸਿੱਧ ਹੁੰਦਾ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਆਪਣੀ ਵਾਹੋ ਵਾਹੀ ਖੱਟਣ ਨਾਲੋਂ ਸੂਬੇ ਦੇ ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੀ ਬਾਂਹ ਫੜੇ।