ਸਰਕਾਰ ਦੀ ਸ਼ਹਿ ਨਾਲ ਸੂਬੇ 'ਚ ਬੇਖ਼ੌਫ ਚੱਲ ਰਿਹਾ ਹੈ ਟਰਾਂਸਪੋਰਟ ਮਾਫ਼ੀਆ : ਭਗਵੰਤ ਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੰਡੀਗੜ੍ਹ : ਸਰਕਾਰ ਅਤੇ ਕਾਂਗਰਸੀ ਆਗੂਆਂ ਦੀ ਮਿਲੀਭੁਗਤ ਨਾਲ ਸੂਬੇ 'ਚ ਚੱਲ ਰਹੇ ਟਰਾਂਸਪੋਰਟ ਮਾਫ਼ੀਆ ਵੱਲੋਂ ਸੂਬੇ ਦੇ ਸਰਕਾਰੀ ਤੰਤਰ ਨੂੰ ਲਗਾਏ ਜਾ ਰਹੇ ਖੌਰੇ ਬਾਰੇ...

Bhagwant Mann

ਚੰਡੀਗੜ੍ਹ : ਸਰਕਾਰ ਅਤੇ ਕਾਂਗਰਸੀ ਆਗੂਆਂ ਦੀ ਮਿਲੀਭੁਗਤ ਨਾਲ ਸੂਬੇ 'ਚ ਚੱਲ ਰਹੇ ਟਰਾਂਸਪੋਰਟ ਮਾਫ਼ੀਆ ਵੱਲੋਂ ਸੂਬੇ ਦੇ ਸਰਕਾਰੀ ਤੰਤਰ ਨੂੰ ਲਗਾਏ ਜਾ ਰਹੇ ਖੌਰੇ ਬਾਰੇ ਬੋਲਦਿਆਂ ਆਮ ਆਦਮੀ ਪਾਰਟੀ ਨੇ ਇਸ ਨੂੰ ਪੰਜਾਬ ਦੇ ਲੋਕਾਂ ਨਾਲ ਧੋਖਾ ਕਰਾਰ ਦਿੱਤਾ ਹੈ। ਮੀਡੀਆ 'ਚ ਜਾਰੀ ਬਿਆਨ ਰਾਹੀਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਸ਼ਰਾਬ ਅਤੇ ਰੇਤ ਮਾਫ਼ੀਆ ਵਾਂਗ ਸੂਬੇ ਵਿੱਚ ਪਾਸਪੋਰਟ ਮਾਫ਼ੀਆ ਵੀ ਬੇਰੋਕ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਅਤੇ ਕਾਂਗਰਸੀ ਆਗੂ ਸੂਬੇ ਦੇ ਟਰਾਂਸਪੋਰਟ ਮਾਫ਼ੀਆ ਨੂੰ ਸ਼ਹਿ ਦੇ ਰਹੇ ਹਨ।

ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਮਿਲੀਭੁਗਤ ਹੋਣ ਬਾਰੇ ਬੋਲਦਿਆਂ ਮਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਵਿੱਚ ਵੀ ਬਾਦਲ ਆਪਣੀ ਕਾਲੀ ਕਮਾਈ ਰਾਹੀਂ ਟਰਾਂਸਪੋਰਟ ਮਾਫ਼ੀਆ ਨੂੰ ਹੋਰ ਮਜ਼ਬੂਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਬਾਦਲ ਪਰਿਵਾਰ ਟਰਾਂਸਪੋਰਟ ਮਾਫ਼ੀਆ ਦਾ ਸਭ ਤੋਂ ਵੱਡਾ ਸਰਗਨਾ ਹੈ। ਉਨ੍ਹਾਂ ਕਿਹਾ ਕਿ ਬਾਦਲਾਂ ਦੇ ਡਰ ਕਾਰਨ ਹੀ ਛੋਟੇ ਟਰਾਂਸਪੋਰਟਰ ਜਾਂ ਤਾਂ ਬਿਜ਼ਨੈੱਸ ਛੱਡ ਰਹੇ ਹਨ ਜਾਂ ਉਨ੍ਹਾਂ ਨੂੰ ਬਾਦਲਾਂ ਨਾਲ ਮਿਲ ਕੇ ਕੰਮ ਕਰਨਾ ਪੈ ਰਿਹਾ ਹੈ। ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸ਼ਹਿ ਕਾਰਨ ਹੀ ਸੂਬੇ ਦਾ ਸਰਕਾਰੀ ਤੰਤਰ ਬਾਦਲਾਂ ਸਾਹਮਣੇ ਬੌਣਾ ਮਹਿਸੂਸ ਕਰ ਰਿਹਾ ਹੈ ਅਤੇ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉਡਾਉਣ ਦੇ ਬਾਵਜੂਦ ਵੀ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ।

ਉਨ੍ਹਾਂ ਕਿਹਾ ਕਿ ਬਾਦਲ ਆਪਣੇ ਕਾਲੇ ਧਨ ਨੂੰ ਟਰਾਂਸਪੋਰਟ ਦੇ ਬਿਜ਼ਨੈਸ 'ਚ ਲਗਾ ਕੇ ਕਰੋੜਾਂ ਰੁਪਏ ਕਮਾ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲਾਂ ਨੂੰ ਸੂਬੇ ਦੇ ਕਿਸੇ ਵੀ ਕਾਨੂੰਨ ਦਾ ਕੋਈ ਡਰ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਬਾਦਲਾਂ ਦੀਆਂ ਬੱਸਾਂ ਵਿਰੁੱਧ ਕੋਈ ਕਾਰਵਾਈ ਨਾ ਕਰਨ ਦੇ ਮੁੱਦੇ ਉੱਤੇ ਸਪਸ਼ਟੀਕਰਨ ਦੇਣ ਦੀ ਮੰਗ ਕਰਦਿਆਂ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੱਸਣ ਕਿ ਉਨ੍ਹਾਂ ਨੂੰ ਬਾਦਲਾਂ ਖ਼ਿਲਾਫ਼ ਕਾਰਵਾਈ ਕਰਨ ਲਈ ਕੌਣ ਰੋਕ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਬਾਦਲਾਂ ਦੁਆਰਾ ਗ਼ਲਤ ਢੰਗ ਨਾਲ ਚਲਾਏ ਜਾ ਰਹੇ ਰੂਟਾਂ ਤੇ ਉਨ੍ਹਾਂ ਦੀਆਂ ਬੱਸਾਂ ਨੂੰ ਬੰਦ ਕਰਵਾਏ ਅਤੇ ਕਾਨੂੰਨ ਦੇ ਅਨੁਸਾਰ ਉਨ੍ਹਾਂ ਖ਼ਿਲਾਫ਼ ਕਾਰਵਾਈ ਕਰੇ।