ਯੂਕਰੇਨ ਤੋਂ ਵਾਪਸ ਆ ਰਹੇ ਪੰਜਾਬੀ ਵਿਦਿਆਰਥੀਆਂ ਲਈ SGPC ਆਈ ਅੱਗੇ, ਦੇਵੇਗੀ ਮੁਫ਼ਤ ਸਹੂਲਤਾਂ 

ਏਜੰਸੀ

ਖ਼ਬਰਾਂ, ਪੰਜਾਬ

ਇੰਡੋ ਕੈਨੇਡੀਅਨ ਬੱਸ ਸਰਵਿਸ ਨਾਲ ਹੋਇਆ ਸਮਝੌਤਾ, ਬੱਸ ਵਿਚ ਹੀ ਮਿਲੇਗੀ ਖਾਣ-ਪੀਣ ਦੀ ਸਹੂਲਤ 

sgpc

ਵਿਦਿਆਰਥੀਆਂ ਨੂੰ ਦਿੱਲੀ ਤੋਂ ਪੰਜਾਬ ਲਿਆਉਣ ਲਈ ਦਿੱਤੀਆਂ ਜਾਣਗੀਆਂ ਮੁਫ਼ਤ ਸੇਵਾਵਾਂ 
ਅੰਮ੍ਰਿਤਸਰ :
 ਰੂਸ ਅਤੇ ਯੂਕਰੇਨ ਵਿਚਾਲੇ ਜੰਗ ਚਲ ਰਹੀ ਹੈ ਅਤੇ ਉਥੇ ਹੋਰ ਦੇਸ਼ਾਂ ਦੇ ਲੋਕ ਵੀ ਫਸੇ ਹੋਏ ਹਨ। ਭਾਰਤ ਸਰਕਾਰ ਵਲੋਂ ਆਪਣੇ ਵਿਦਿਆਰਥੀਆਂ ਨੂੰ ਸੁਰੱਖਿਅਤ ਦੇਸ਼ ਵਾਪਸ ਲਿਆਉਣ ਦੇ ਯਤਨ ਕੀਤੇ ਜਾ ਰਹੇ ਹਨ ਅਤੇ ਲਗਭਗ ਸਾਰੇ ਵਿਦਿਆਰਥੀ ਹੁਣ ਤੱਕ ਭਾਰਤ ਆ ਚੁੱਕੇ ਹਨ।

ਇਸ ਦੇ ਚਲਦੇ ਹੀ ਹੁਣ ਸ਼੍ਰੋਮਣੀ ਕਮੇਟੀ ਵੀ ਯੂਕਰੇਨ ਤੋਂ ਵਾਪਸ ਆ ਰਹੇ ਪੰਜਾਬੀ ਵਿਦਿਆਰਥੀਆਂ ਦੀ ਮਦਦ ਲਈ ਅੱਗੇ ਆਈ ਹੈ। ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਯੂਕਰੇਨ ਤੋਂ ਆਉਣ ਵਾਲੇ ਬੱਚਿਆਂ ਨੂੰ ਦਿੱਲੀ ਤੋਂ ਪੰਜਾਬ ਲਿਆਉਣ ਲਈ ਮੁਫ਼ਤ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਸਬੰਧ ਵਿਚ ਇੰਡੋ ਕੈਨੇਡੀਅਨ ਬੱਸ ਸਰਵਿਸ ਨਾਲ ਸਮਝੌਤਾ ਕੀਤਾ ਗਿਆ ਹੈ, ਜੋ ਦਿੱਲੀ ਹਵਾਈ ਅੱਡੇ ਤੋਂ ਇਨ੍ਹਾਂ ਵਿਦਿਆਰਥੀਆਂ ਨੂੰ ਲੈ ਕੇ ਆਵੇਗੀ।

ਇੰਨਾ ਹੀ ਨਹੀਂ ਸਗੋਂ ਸ਼੍ਰੋਮਣੀ ਕਮੇਟੀ ਵੱਲੋਂ ਲਿਆਂਦੇ ਜਾਣ ਵਾਲੇ ਇਨ੍ਹਾਂ ਬੱਚਿਆਂ ਨੂੰ ਬੱਸ ਵਿਚ ਖਾਣ-ਪੀਣ ਦੀਆਂ ਸੇਵਾਵਾਂ ਦੀ ਦਿੱਤੀਆਂ ਜਾਣਗੀਆਂ ਅਤੇ ਦਿੱਲੀ ਵਿਖੇ ਬੱਚਿਆਂ ਦਾ ਸਹਿਯੋਗ ਕਰਨ ਲਈ ਦਿੱਲੀ ਸਿੱਖ ਮਿਸ਼ਨ ਦਾ ਸਟਾਫ਼ ਕਾਰਜ ਕਰੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੱਜ ਦਾ ਯੁੱਗ ਸੋਸ਼ਲ ਮੀਡੀਆ ਦਾ ਯੁੱਗ ਹੈ ਅਤੇ ਅੰਤ੍ਰਿੰਗ ਕਮੇਟੀ ਨੇ ਆਈ.ਟੀ.ਵਿੰਗ ਨੂੰ ਹੋਰ ਮਜ਼ਬੂਤ ਕਰਨ ਲਈ ਨਵੀਆਂ ਸੋਧਾਂ ਅਤੇ ਸੇਧਾਂ ਨੂੰ ਪ੍ਰਵਾਨਗੀ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਆਈ.ਟੀ.ਵਿੰਗ ਨੂੰ ਚੁਸਤ ਦਰੁੱਸਤ ਬਨਾਉਣ ਲਈ ਕਮੇਟੀ ਕਾਇਮ ਕੀਤੀ ਗਈ ਸੀ ਜਿਸ ਦੀਆਂ ਸਿਫਾਰਸ਼ਾਂ ਲਾਗੂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿਚ ਸਿੱਖ ਮਸਲੇ ਜਾਣਬੁਝ ਕੇ ਉਲਝਾਏ ਜਾ ਰਹੇ ਹਨ, ਜਿਨ੍ਹਾਂ ਬਾਰੇ ਵਿਚਾਰ-ਚਰਚਾ ਅਤੇ ਪ੍ਰਮਾਣਿਕ ਜਾਣਕਾਰੀ ਦੇਣ ਲਈ ਪ੍ਰੋਗਰਾਮ ਬਣਾਏ ਜਾਣਗੇ। ਇਸ ਦੇ ਨਾਲ ਹੀ ਭਰੋਸੇਯੋਗ ਸਿੱਖ ਖ਼ਬਰਾਂ ਦੇ ਬੁਲਿਟਿਨ ਤਿਆਰ ਕੀਤੇ ਜਾਣਗੇ ਅਤੇ ਸਿੱਖ ਇਤਿਹਾਸ ਤੇ ਸਿਧਾਂਤਾਂ ਬਾਰੇ ਜਾਣਕਾਰੀ ਦਿੰਦੇ ਪ੍ਰੋਗਰਾਮ ਵੀ ਚਲਾਏ ਜਾਣਗੇ।