ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਕੋਰੋਨਾ ਵਾਇਰਸ ਦਾ ਕੋਈ ਮਰੀਜ਼ ਨਹੀਂ : ਡੀ.ਸੀ.

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

 ਕੋਰੋਨਾ ਵਾਇਰਸ ਨੂੰ ਲੈ ਕੇ ਸਿਹਤ ਵਿਭਾਗ ਵਲੋਂ ਰੱਖੀ ਜਾ ਰਹੀ ਹੈ ਪੂਰੀ ਚੌਕਸੀ

file photo

ਫ਼ਾਜ਼ਿਲਕਾ  (ਅਨੇਜਾ): ਡਿਪਟੀ ਕਮਿਸ਼ਨਰ ਫਾਜ਼ਿਲਕਾ ਅਰਵਿੰਦ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ 'ਚ ਹੁਣ ਤੱਕ ਕਰੋਨਾ ਵਾਈਰਸ ਦਾ ਕੋਈ ਵੀ ਮਰੀਜ਼ ਨਹੀ ਹੈ, ਕਰੋਨਾ ਦੀ ਬਿਮਾਰੀ ਤੋਂ ਜ਼ਿਲ੍ਹਾ ਵਾਸੀਆਂ ਨੂੰ ਸੁਰੱਖਿਅਤ ਰੱਖਣ ਲਈ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਹਿੱਤਾਂ ਲਈ ਕੀਤੇ ਲਾਕਡਾਊਨ ਅਤੇ ਕਰਫਿਊ ਦੀ ਉਲੰਘਣਾ ਨਾ ਕਰਨ ਅਤੇ ਸਿਹਤ ਵਿਭਾਗ ਵੱਲੋਂ ਦਿੱਤੇ ਜਾ ਰਹੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।

ਸਿਵਲ ਸਰਜਨ ਫਾਜ਼ਿਲਕਾ ਡਾ. ਸੁਰਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ਸਿਹਤ ਵਿਭਾਗ ਦੇ ਸਮੁੱਚੇ ਡਾਕਟਰੀ ਸਟਾਫ਼ ਅਤੇ  ਅਮਲੇ ਵੱਲੋਂ ਪੂਰੀ ਚੌਕਸੀ ਰੱਖੀ ਜਾ ਰਹੀ ਹੈ ਅਤੇ ਘਰ ਘਰ ਜਾ ਕੇ ਕਰੋਨਾ ਵਾਇਰਸ ਨਾਲ ਸਬੰਧਤ ਮਰੀਜਾਂ ਦੀ ਜਾਣਕਾਰੀ ਇਕੱਤਰ ਕੀਤੀ ਜਾ ਰਹੀ ਹੈ ਅਤੇ ਸ਼ੱਕੀ ਮਰੀਜ਼ਾਂ ਦੇ ਪਹਿਲਕਦਮੀ ਨਾਲ ਟੈਸਟ ਕਰਨ ਦੇ ਨਾਲ ਉਚਿਤ ਡਾਕਟਰੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆਂ ਕਿ ਕਰੋਨਾ ਵਾਇਰਸ ਦੀ ਬਿਮਾਰੀ ਦੇ ਖਦਸ਼ੇ ਦੇ ਮੱਦੇਨਜ਼ਰ ਜ਼ਿਲ੍ਹੇ ਤੋਂ 16 ਵਿਅਕਤੀਆਂ ਦੇ ਸੈਂਪਲ ਲਏ ਗਏ ਸੀ ਜੋ ਸਾਰੇ ਦੇ ਸਾਰੇ ਨੈਗਟਿਵ ਪਾਏ ਗਏ ਹਨ।  

ਇਸ ਤੋਂ ਇਲਾਵਾ ਤਿੰਨ ਨਵੇਂ ਸ਼ੱਕੀ ਮਰੀਜ਼ਾਂ ਦੇ ਸੈਂਪਲ ਲੈ ਕੇ ਟੈਸਟ ਲਈ ਭੇਜੇ ਗਏ ਹਨ ਅਤੇ ਸੱਕੀ ਮਰੀਜ਼ਾਂ ਨੂੰ ਸਰਕਾਰੀ ਹਸਪਤਾਲ ਫਾਜ਼ਿਲਕਾ ਦੇ ਆਈਸੋਲੇਸ਼ਨ ਵਾਰਡ ਅੰਦਰ ਰੱਖਿਆ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਰੋਨਾ ਵਾਇਰਸ ਦੇ ਸੱਕੀ ਮਰੀਜ਼ ਸਬੰਧੀ ਕੋਈ ਜਾਣਕਾਰੀ ਪ੍ਰਾਪਤ ਹੁੰਦੀ ਹੈ, ਤਾਂ ਉਹ ਇਸ ਸਬੰਧੀ ਸੂਚਨਾਂ ਸਿਹਤ ਵਿਭਾਗ ਨੂੰ ਜਰੂਰ ਦੇਣ ਤਾਂ ਜੋ ਹੋਰ ਲੋਕਾਂ ਨੂੰ ਇਸ ਬਿਮਾਰੀ ਤੋਂ ਬਚਾਇਆ ਜਾ ਸਕੇ।