ਗੁੰਡਾਗਰਦੀ ਦਾ ਨੰਗਾ ਨਾਚ, ਭਰੇ ਬਾਜ਼ਾਰ 'ਚ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ਨੌਜਵਾਨ
ਪੁਲਿਸ ਨੇ CCTV ਫੁਟੇਜ ਦੇ ਆਧਾਰ 'ਤੇ ਜਾਂਚ ਕੀਤੀ ਸ਼ੁਰੂ
ਅੰਮ੍ਰਿਤਸਰ: ਗੁਰੂ ਦੀ ਨਗਰੀ ਅੰਮ੍ਰਿਤਸਰ ਵਿੱਚ ਅਪਰਾਧ ਦਾ ਗ੍ਰਾਫ ਲਗਾਤਾਰ ਵਧਦਾ ਜਾ ਰਿਹਾ ਹੈ। ਕਿਸੇ ਦੀ ਜਾਨ ਲੈਣਾ ਇਥੇ ਆਮ ਗੱਲ ਹੋ ਗਈ ਹੈ। ਇਸੇ ਕੜੀ 'ਚ ਅੰਮ੍ਰਿਤਸਰ ਦੀ ਵੱਲਾ ਮੰਡੀ 'ਚ ਇਕ ਵਾਰ ਫਿਰ ਗੁੰਡਾਗਰਦੀ ਦਾ ਨੰਗਾ ਨਾਚ ਦੇਖਣ ਨੂੰ ਮਿਲਿਆ ਹੈ।
ਇੱਥੇ ਕੁਝ ਲੋਕਾਂ ਨੇ ਇੱਕ ਨੌਜਵਾਨ ਨੂੰ ਦਾਤਰ ਨਾਲ ਵੱਢ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਇਸ ਘਟਨਾ ਦੀ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ। ਫਿਲਹਾਲ ਪੁਲਿਸ ਨੇ ਫੁਟੇਜ ਦੇ ਆਧਾਰ 'ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜ਼ਖਮੀ ਨੌਜਵਾਨ ਦੀ ਪਛਾਣ ਯਸ਼ਪਾਲ ਵਜੋਂ ਹੋਈ ਹੈ। ਜ਼ਖਮੀ ਦੇ ਭਰਾ ਕਰਨ ਦਾ ਕਹਿਣਾ ਹੈ ਕਿ ਉਹ ਸਵੇਰੇ ਰੋਜ਼ਾਨਾ ਦੀ ਤਰ੍ਹਾਂ ਮੰਡੀ ਵਿਚ ਕਰੇਟ ਲਗਾ ਰਹੇ ਸਨ ਕਿ ਇਸ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਲੈਸ ਕੁਝ ਵਿਅਕਤੀ ਆਏ ਅਤੇ ਉਨ੍ਹਾਂ ਦੇ ਭਰਾ 'ਤੇ ਹਮਲਾ ਕਰ ਦਿੱਤਾ। ਦੁਕਾਨ ਵਿਚ ਉਨ੍ਹਾਂ ਦੀ ਲੇਬਰ ਵੀ ਸੀ। ਮੁਲਾਜ਼ਮਾਂ ਨੇ ਉਨ੍ਹਾਂ 'ਤੇ ਵੀ ਹਮਲਾ ਕਰ ਦਿੱਤਾ। ਕਾਰ ਦੀ ਵੀ ਭੰਨਤੋੜ ਕੀਤੀ ਗਈ। ਕਰਨ ਦਾ ਕਹਿਣਾ ਹੈ ਕਿ ਇਹ ਹਮਲਾ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੀਤਾ ਗਿਆ ਹੈ।