ਸਾਂਸਦ ਗੁਰਜੀਤ ਔਜਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਚਿੱਠੀ ਭੇਜ ਕੇ ਕੀਤੀ ਇਹ ਮੰਗ
'ਸੂਚਨਾ ਅਤੇ ਪ੍ਰਸਾਰਣ ਮੰਤਰੀ ਨੂੰ ਚੈਨਲ ਦੀ ਮਨਜ਼ੂਰੀ ਲਈ ਭੇਜੀ ਫਾਈਲ ਦੀ ਕਾਪੀ ਦਿਓ ਤਾਂ ਜੋ ਪਾਰਟੀਬਾਜ਼ੀ ਤੋਂ ਉਪਰ ਉੱਠ ਕੇ ਇਸ ਨੂੰ ਮਨਜ਼ੂਰ ਕਰਵਾ ਸਕੀਏ'
ਸ੍ਰੀ ਅੰਮ੍ਰਿਤਸਰ ਸਾਹਿਬ (ਸਰਵਨ ਸਿੰਘ ਰੰਧਾਵਾ) : ਅੰਮ੍ਰਿਤਸਰ ਤੋਂ ਕਾਂਗਰਸੀ ਸਾਂਸਦ ਐਮਪੀ ਗੁਰਜੀਤ ਸਿੰਘ ਔਜਲਾ ਵੱਲੋਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੂੰ ਇੱਕ ਪੱਤਰ ਲਿਖਿਆ ਗਿਆ ਹੈ ਜਿਸ ਵਿੱਚ ਉਹਨਾਂ ਨੇ ਕਿਹਾ ਹੈ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਨ ਲਈ ਪੰਜਾਬ ਸਰਕਾਰ ਵੱਲੋਂ ਜੋ ਸੇਵਾਵਾਂ ਦੇਣ ਲਈ ਆਪ ਜੀ ਨੂੰ ਅਪੀਲ ਕੀਤੀ ਗਈ ਸੀ ਉਸ ਦੇ ਜਵਾਬ ਦੇ ਵਿੱਚ ਆਪ ਜੀ ਨੇ ਪੰਜਾਬ ਸਰਕਾਰ ਦੀ ਮੰਗ ਨੂੰ ਠੁਕਰਾਉਂਦੇ ਹੋਏ ਇਹ ਕਿਹਾ ਹੈ ਕਿ ਜੇਕਰ ਪੰਜਾਬ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਲਈ ਕੁਝ ਕਰਨਾ ਚਾਹੁੰਦੀ ਹੈ ਤਾਂ ਉਹ ਉਨ੍ਹਾਂ ਨੂੰ ਚੈਨਲ ਦੀ ਮਨਜ਼ੂਰੀ ਕੇਂਦਰ ਕੋਲੋਂ ਲਿਆ ਕੇ ਦੇਵੇ।
ਉਨ੍ਹਾਂ ਲਿਖਿਆ ਹੈ ਕਿ ਮੇਰੀ ਆਪ ਜੀ ਨੂੰ ਬੇਨਤੀ ਹੈ ਕਿ ਮੈਂ ਗੁਰੂ ਰਾਮਦਾਸ ਜੀ ਵੱਲੋਂ ਵਸਾਏ ਗਏ ਇਸ ਨਗਰ ਤੋਂ ਬਤੌਰ ਲੋਕ ਸਭਾ ਮੈਂਬਰ ਹਾਂ ਮੇਰਾ ਇਸ ਨਾਤੇ ਇਹ ਫ਼ਰਜ਼ ਬਣਦਾ ਹੈ ਕਿ ਇਸ ਪਵਿੱਤਰ ਕਾਰਜ ਲਈ ਆਪਣੀ ਜ਼ਿੰਮੇਵਾਰੀ ਪਾਰਟੀ ਤੋਂ ਉੱਪਰ ਉੱਠ ਕੇ ਨਿਭਾਵਾਂ। ਗੁਰਜੀਤ ਸਿੰਘ ਔਜਲਾ ਨੇ ਆਪਣੇ ਪੱਤਰ ਦੇ ਵਿੱਚ ਅੱਗੇ ਲਿਖਿਆ ਹੈ ਕਿ ਸੋ ਕਿਰਪਾ ਕਰਕੇ ਕੇਂਦਰ ਸਰਕਾਰ ਕੋਲੋਂ ਲਾਈਵ ਪ੍ਰਸਾਰਣ ਦੀ ਮਨਜ਼ੂਰੀ ਲੈਣ ਲਈ ਭੇਜੀ ਗਈ ਫਾਈਲ ਦੀ ਇੱਕ ਕਾਪੀ ਮੈਨੂੰ ਦਿੱਤੀ ਜਾਵੇ ਤਾਂ ਜੋ ਛੇਤੀ ਤੋਂ ਛੇਤੀ ਇਸ ਦੀ ਮਨਜ਼ੂਰੀ ਕੇਂਦਰ ਸਰਕਾਰ ਤੋਂ ਕਰਵਾਈ ਜਾਵੇ ਅਤੇ ਵਿਸ਼ਵ ਦੇ ਕੋਨੇ-ਕੋਨੇ ਵਿੱਚ ਵੱਸਦੀਆਂ ਸਿੱਖ ਸੰਗਤਾਂ ਇਸ ਲਾਈਵ ਗੁਰਬਾਣੀ ਨੂੰ ਸੁਣ ਕੇ ਆਪਣਾ ਜੀਵਨ ਸਫ਼ਲਾ ਕਰ ਸਕਣ।
ਹੁਣ ਦੇਖਣਾ ਇਹ ਹੋਵੇਗਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐੱਮ ਪੀ ਗੁਰਜੀਤ ਸਿੰਘ ਔਜਲਾ ਵੱਲੋਂ ਉਸ ਨੂੰ ਲਿਖੇ ਗਏ ਪੱਤਰ ਦਾ ਕੀ ਜਵਾਬ ਦਿੰਦੀ ਹੈ ਕਿਉਂਕਿ ਪੰਜਾਬ ਸਰਕਾਰ ਵੱਲੋਂ ਦਿੱਤੇ ਗਏ ਪ੍ਰਸਤਾਵ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਹਿਲਾਂ ਹੀ ਇਹ ਕਹਿ ਕੇ ਠੁਕਰਾ ਚੁੱਕੀ ਹੈ ਕੀ ਇਹ ਸ਼੍ਰੋਮਣੀ ਕਮੇਟੀ ਦਾ ਅੰਦਰੂਨੀ ਮਾਮਲਾ ਹੈ। ਇਸ ਕਰਕੇ ਪੰਜਾਬ ਸਰਕਾਰ ਸ਼੍ਰੋਮਣੀ ਕਮੇਟੀ ਦੇ ਧਾਰਮਿਕ ਕੰਮਾਂ ਦੇ ਵਿੱਚ ਦਖ਼ਲ ਨਾ ਦੇਵੇ।