ਅਮਨ ਅਰੋੜਾ ਨੇ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ, ਕਿਹਾ- ਜਲਦ ਗ੍ਰਿਫ਼ਤਾਰ ਹੋਣਗੇ ਦੋਸ਼ੀ
''ਹਮਲੇ ਦੀ ਖ਼ਬਰ ਸੁਣ ਦੇਰ ਰਾਤ ਫ਼ੋਨ ਕਰ ਕੇ ਜਾਣਿਆ ਹਾਲ ਚਾਲ''
ਆਮ ਆਦਮੀ ਪਾਰਟੀ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ 'ਤੇ ਹੋਏ ਹਮਲੇ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਮੁਲਜ਼ਮਾਂ ਨੂੰ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਨੇ ਆਪਣੇ ਐਕਸ ਅਕਾਊਂਟ 'ਤੇ ਲਿਖਿਆ ਹੈ ਕਿ ਦੇਰ ਰਾਤ ਮਨੋਰੰਜਨ ਕਾਲੀਆ ਦੇ ਘਰ ਹਮਲੇ ਦੀ ਖ਼ਬਰ ਸੁਣ ਕੇ ਉਹਨਾਂ ਨੂੰ ਫ਼ੋਨ ਕੀਤਾ ਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਸਾਰਾ ਪਰਿਵਾਰ ਸੁਰੱਖਿਅਤ ਹੈ।
ਅਮਨ ਅਰੋੜਾ ਨੇ ਅੱਗੇ ਕਿਹਾ ਕਿ ਅਜਿਹੇ ਬੁਜ਼ਦਿਲ ਹਮਲੇ ਡਰੱਗ ਮਾਫ਼ੀਆ ਤੇ ਗੈਂਗਸਟਰਾਂ ਦੇ ਖ਼ਿਲਾਫ਼ ਨਿੱਤ-ਦਿਨ ਹੁੰਦੀ ਸਖ਼ਤ ਕਾਰਵਾਈ ਕਾਰਨ ਉਹਨਾਂ ਦੀ ਘਬਰਾਹਟ ਦੀ ਨਿਸ਼ਾਨੀ ਹੈ। ਦੋਸ਼ੀਆਂ ਨੂੰ ਜਲਦ ਕਾਬੂ ਕਰਨ ਲਈ ਪੁਲਿਸ ਵਚਨਬੱਧ ਹੈ।
ਦੱਸ ਦੇਈਏ ਕਿ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਸੋਮਵਾਰ ਦੇਰ ਰਾਤ ਇਕ ਵਜੇ ਦੇ ਕਰੀਬ ਅਣਪਛਾਤਿਆਂ ਵਲੋਂ ਧਮਾਕਾਖੇਜ਼ ਸਮੱਗਰੀ ਸੁੱਟੀ ਗਈ, ਜਿਸ ਮਗਰੋਂ ਜ਼ੋਰਦਾਰ ਧਮਾਕਾ ਹੋਇਆ, ਜਿਸ ਨਾਲ ਘਰ ’ਚ ਖੜ੍ਹੀ ਕਾਰ, ਮੋਟਰਸਾਈਕਲ ਅਤੇ ਦਰਵਾਜ਼ਿਆਂ ਦੇ ਸ਼ੀਸ਼ੇ ਟੁੱਟ ਗਏ।
ਰਾਹਤ ਦੀ ਗੱਲ ਰਹੀ ਕਿ ਇਸ ਧਮਾਕੇ ਨਾਲ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਹਮਲੇ ਦੀ ਸੀ. ਸੀ. ਟੀ. ਵੀ. ਵੀਡੀਓ ਵੀ ਸਾਹਮਣੇ ਆਈ ਹੈ। ਜਿਸ ਵਿਚ ਦੇਖਿਆ ਜਾ ਸਕਦਾ ਹੈ ਕਿ ਹਮਲਾਵਰ ਇਕ ਈ-ਰਿਕਸ਼ਾ ਆਟੋ 'ਤੇ ਆਏ ਸਨ ਅਤੇ ਤੇਜ਼ੀ ਨਾਲ ਬੰਬ ਸੁੱਟ ਕੇ ਫਰਾਰ ਹੋ ਗਏ। ਜਿਵੇਂ ਹੀ ਹਮਲਾਵਰ ਬੰਬ ਸੁੱਟਦੇ ਹਨ ਤਾਂ ਜ਼ੋਰਦਾਰ ਧਮਾਕਾ ਹੁੰਦਾ ਹੈ।