ਸੂਬੇ ਦੇ ਵਿਕਾਸ ਵਿਚ ਸਨਅਤਾਂ ਦਾ ਅਹਿਮ ਯੋਗਦਾਨ : ਪ੍ਰਨੀਤ ਕੌਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਟਿਆਲਾ ਤੇ ਸੰਗਰੂਰ ਵਿਚ ਬਣਨਗੇ ਪਲਾਸਟਿਕ ਪਾਰਕ : ਸਿੰਗਲਾ

Parineet Kaur

ਪਟਿਆਲਾ, 7 ਮਈ (ਬਲਵਿੰਦਰ ਸਿੰਘ ਭੁੱਲਰ, ਪ੍ਰਦੀਪ ਸ਼ਰਮਾ) : ਪੰਜਾਬ ਦੇ ਵਿਕਾਸ ਵਿਚ ਸਨਅਤਾਂ ਦਾ ਅਹਿਮ ਯੋਗਦਾਨ ਹੈ ਇਸ ਲਈ ਪੰਜਾਬ ਸਰਕਾਰ ਸੂਬੇ ਵਿਚ ਸਨਅਤਾਂ ਲਈ ਲੋੜੀਂਦੀਆਂ ਸਹੂਲਤਾਂ ਮੁਹਈਆ ਕਰਵਾਏਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਸ੍ਰੀਮਤੀ ਪ੍ਰਨੀਤ ਕੌਰ ਨੇ ਪਟਿਆਲਾ ਇੰਡਸਟਰੀਜ਼ ਐਸੋਸੀਏਸ਼ਨ ਵਲੋਂ ਲੋਕ ਨਿਰਮਾਣ ਅਤੇ ਸੂਚਨਾ ਤੇ ਤਕਨਾਲੋਜੀ ਮੰਤਰੀ ਵਿਜੈਇੰਦਰ ਸਿੰਗਲਾ ਦੇ ਕੈਬਨਿਟ ਮੰਤਰੀ ਬਣਨ 'ਤੇ ਕੀਤੇ ਸਨਮਾਨ ਸਮਾਰੋਹ ਦੌਰਾਨ ਸਨਅਤਕਾਰਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।ਪ੍ਰਨੀਤ ਕੌਰ ਨੇ ਕਿਹਾ ਹੈ ਕਿ ਪਿਛਲੇ 10 ਸਾਲ ਤੋਂ ਪਟਿਆਲਾ ਨੂੰ ਅਣਗੌਲਿਆ ਕੀਤਾ ਗਿਆ ਸੀ ਪ੍ਰੰਤੂ ਨਗਰ ਨਿਗਮ ਚੋਣਾਂ ਤੋਂ ਬਾਅਦ ਪਟਿਆਲਾ ਵਿਚ ਵਿਕਾਸ ਦੇ ਕੰਮ ਤੇਜ਼ੀ ਨਾਲ ਸ਼ੁਰੂ ਹੋਏ ਹਨ। ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਰੁਕੇ ਕੰਮ ਜਿਸ ਵਿਚ ਪਟਿਆਲਾ ਦੇ ਬੱਸ ਸਟੈਂਡ ਦਾ ਕੰਮ ਜੋ ਜਲਦੀ ਹੀ ਸ਼ੁਰੂ ਕੀਤਾ ਜਾਵੇਗਾ ਅਤੇ ਬਾਈਪਾਸ ਦਾ ਕੰਮ ਲਗਭਗ ਮੁਕੰਮਲ ਹੋਣ ਨੇੜੇ ਹੈ, ਨੂੰ ਤਰਜ਼ੀਹ ਦੇ ਕੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਟਿਆਲਾ ਦੀਆਂ ਸਾਰੀਆਂ ਸੜਕਾਂ ਜੂਨ ਦੇ ਅੰਤ ਤਕ ਨਵੀਆਂ ਬਣਾ ਦਿਤੀਆਂ ਜਾਣਗੀਆਂ।  ਇਸ ਮੌਕੇ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਨਅਤਾਂ ਨੂੰ ਪੰਜਾਬ ਵਿਚ ਲਿਆਉਣ ਵਾਸਤੇ ਸਨਅਤਾਂ ਲਈ ਅਨੁਕੂਲ ਮਾਹੌਲ ਪੈਦਾ ਕੀਤਾ ਅਤੇ ਗੈਂਗਸਟਰਾਂ ਨੂੰ ਨੱਥ ਪਾ ਕੇ ਬਾਹਰੋਂ ਆਏ ਵਪਾਰੀ ਦੇ ਮਨ ਦੇ ਡਰ ਨੂੰ ਖ਼ਤਮ ਕੀਤਾ ਕਿ ਪੰਜਾਬ ਵਿਚ ਨਿਵੇਸ਼ ਕਰ ਕੇ ਉਹ ਸੁਰੱਖਿਅਤ ਹਨ। ਉਨ੍ਹਾਂ ਕਿਹਾ ਕਿ ਸਨਅਤਾਂ ਨੂੰ ਟਰੱਕ ਯੂਨੀਅਨ ਤੋਂ ਵੀ ਪ੍ਰੇਸ਼ਾਨੀ ਸੀ ਅਤੇ ਮੁੱਖ ਮੰਤਰੀ ਨੇ ਟਰੱਕ ਯੂਨੀਅਨ ਨੂੰ ਭੰਗ ਕਰ ਕੇ ਸਨਅਤਾਂ ਦੇ ਵਿਕਾਸ ਨੂੰ ਹੁਲਾਰਾ ਦਿਤਾ ਹੈ। ਸਿੰਗਲਾ ਨੇ ਕਿਹਾ ਕਿ ਸਰਕਾਰ ਨੇ ਸਨਅਤਾਂ ਨੂੰ 5 ਰੁਪਏ ਯੂਨਿਟ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ ਜਿਸ ਉਪਰ ਕੰਮ ਚਲ ਰਿਹਾ ਹੈ ਅਤੇ ਜਲਦੀ ਹੀ 5 ਰੁਪਏ ਯੂਨਿਟ ਬਿਜਲੀ ਮੁਹਈਆ ਕਰਵਾਈ ਜਾਵੇਗੀ।

 ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਨੇ ਪਟਿਆਲਾ ਅਤੇ ਸੰਗਰੂਰ ਵਿਚ ਪਲਾਸਟਿਕ ਪਾਰਕ ਬਣਾਉਣ ਦਾ ਫ਼ੈਸਲਾ ਕੀਤਾ ਹੈ ਅਤੇ ਇਸ ਇਲਾਕੇ ਵਿਚ ਪਲਾਸਟਿਕ ਪਾਰਕ ਲਈ 52 ਐਮ.ਓ.ਯੂ.  ਸਾਈਨ ਹੋ ਚੁਕੇ ਹਨ। ਉਨ੍ਹਾਂ ਕਿਹਾ ਕਿ ਇਨਵੈਸਟ ਪੰਜਾਬ ਸਕੀਮ ਅਧੀਨ ਨਵੀਂ ਸਨਅਤਾਂ ਲਗਾਉਣ ਵਿਚ ਸਨਅਤਕਾਰਾਂ ਨੂੰ ਕਿਸੇ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਸਿੰਗਲ ਵਿੰਡੋ ਕਲੀਅਰੈਂਸ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਕੁਮਾਰ ਅਮਿਤ ਨੇ ਕਿਹਾ ਕਿ ਜਦ ਉਨ੍ਹਾਂ ਪਟਿਆਲਾ ਦੇ ਡਿਪਟੀ ਕਮਿਸ਼ਨਰ ਦਾ ਅਹੁਦਾ ਸੰਭਾਲਿਆ ਤਾਂ ਉਨ੍ਹਾਂ ਦੀ ਮੀਟਿੰਗ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ੍ਰੀਮਤੀ ਪਰਨੀਤ ਕੌਰ ਨਾਲ ਹੋਈ ਤਾਂ ਮੁੱਖ ਮੰਤਰੀ ਅਤੇ ਪ੍ਰਨੀਤ ਕੌਰ ਨੇ ਸਿਰਫ਼ ਇਕ ਹੀ ਟੀਚਾ ਦਸਿਆ ਪਟਿਆਲਾ ਦਾ ਸਰਵਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਖ਼ਾਕਾ ਤਿਆਰ ਕਰ ਲਿਆ ਗਿਆ ਹੈ ਅਤੇ ਹੁਣ ਜ਼ਮੀਨੀ ਪੱਧਰ 'ਤੇ ਕੰਮ ਦਿੱਖਣ ਵੀ ਲੱਗ ਗਿਆ ਹੈ। ਇਸ ਸਨਮਾਨ ਸਮਾਰੋਹ ਵਿਚ ਪਟਿਆਲਾ ਸ਼ਹਿਰ ਦੇ ਸਨਅਤਕਾਰ, ਜ਼ਿਲ੍ਹਾ ਪ੍ਰਸ਼ਾਸਨ ਅਤੇ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। ਇਸ ਦੌਰਾਨ ਪੀ.ਆਈ.ਏ. ਦੇ ਅਹੁਦੇਦਾਰਾਂ ਵਲੋਂ ਵਿਜੈਇੰਦਰ ਸਿੰਗਲਾ ਅਤੇ ਪ੍ਰਨੀਤ ਕੌਰ ਨੂੰ ਯਾਦਗਾਰੀ ਚਿੰਨ੍ਹ ਭੇਂਟ ਕਰ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਪੀ.ਆਈ.ਏ. ਦੇ ਪ੍ਰਧਾਨ ਰਜਿੰਦਰ ਗੁਪਤਾ ਨੇ ਪੰਜਾਬ ਸਰਕਾਰ ਵਲੋਂ ਸਨਅਤਾਂ ਦੇ ਵਿਕਾਸ ਲਈ ਕੀਤੇ ਕੰਮਾਂ ਲਈ ਉਨ੍ਹਾਂ ਦਾ ਧਨਵਾਦ ਕੀਤਾ।ਇਸ ਮੌਕੇ ਵਿਜੈਇੰਦਰ ਸਿੰਗਲਾ ਦੀ ਧਰਮ ਪਤਨੀ ਸ੍ਰੀਮਤੀ ਦੀਪਾ ਸਿੰਗਲਾ, ਸਟੇਟ ਸੂਚਨਾ ਕਮਿਸ਼ਨਰ ਸੰਜੀਵ ਗਰਗ, ਪੀ.ਆਰ.ਟੀ.ਸੀ. ਦੇ ਚੇਅਰਮੈਨ ਕੇ.ਕੇ. ਸ਼ਰਮਾ, ਮੁੱਖ ਮੰਤਰੀ ਦੇ ਓ.ਐਸ.ਡੀ. ਸ. ਅੰਮ੍ਰਿਤ ਪ੍ਰਤਾਪ ਸਿੰਘ ਹਨੀ ਸੇਖੋਂ ਅਤੇ ਰਾਜੇਸ਼ ਸ਼ਰਮਾ, ਨਗਰ ਨਿਗਮ ਦੇ ਮੇਅਰ ਸੰਜੀਵ ਬਿੱਟੂ, ਸੀਨੀਅਰ ਡਿਪਟੀ ਮੇਅਰ ਯੋਗਿੰਦਰ ਸਿੰਘ ਯੋਗੀ ਅਤੇ ਯਸ਼ਮੋਹਿੰਦਰ ਸਿੰਘ ਸਮੇਤ ਵੱਡੀ ਗਿਣਤੀ ਸਨਅਤਕਾਰ ਮੌਜੂਦ ਸਨ।