ਪੰਜਾਬ ਸਰਕਾਰ ਦੇ ਭਰੋਸੇ ਬਾਅਦ ਮਾਲ ਵਿਭਾਗ ਦੇ ਸਟਾਫ ਵੱਲੋਂ ਹੜਤਾਲ ਖ਼ਤਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ।

Strike

 

ਚੰਡੀਗੜ੍ਹ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਭਰੋਸੇ ਉਪਰੰਤ ਮਾਲ ਵਿਭਾਗ ਦੇ ਸਟਾਫ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਦੇ ਮਾਲ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਇਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਕੀਤੀ।

Brahm Shankar Jimpa

ਐਸੋਸੀਏਸ਼ਨ ਦੇ ਨੁਮਾਇੰਦਿਆਂ ਦੀਆਂ ਮੁਸ਼ਕਿਲਾਂ ਸੁਣਦੇ ਹੋਏ ਕੈਬਨਿਟ ਮੰਤਰੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਸਾਰੀਆਂ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕੀਤਾ ਜਾਵੇਗਾ। ਉਨ੍ਹਾਂ ਅੱਗੇ ਕਿਹਾ ਕਿ ਐਨ.ਓ.ਸੀ. ਸਬੰਧੀ ਵਿਸਥਾਰਤ ਹਦਾਇਤਾਂ ਜਲਦੀ ਹੀ ਜਾਰੀ ਕੀਤੀਆਂ ਜਾਣਗੀਆਂ ਤਾਂ ਜੋ ਉਨ੍ਹਾਂ ਨੂੰ ਰਜਿਸਟਰੀਆਂ ਕਰਨ ਦੀ ਪ੍ਰਕਿਰਿਆ ਦੌਰਾਨ ਕੋਈ ਦਿੱਕਤ ਨਾ ਆਵੇ।


Brahm Shankar Jimpa

ਉਨ੍ਹਾਂ ਨੇ ਹੜਤਾਲ ਉਤੇ ਬੈਠੇ ਸਟਾਫ ਨੂੰ ਵਡੇਰੇ ਜਨਤਕ ਹਿੱਤਾਂ ਨੂੰ ਮੁੱਖ ਰੱਖਦਿਆਂ ਤੁਰੰਤ ਡਿਊਟੀ ਸੰਭਾਲਣ ਦੀ ਅਪੀਲ ਕੀਤੀ। ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਮਾਲ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਲੋਕਾਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਪ੍ਰਦਾਨ ਕਰਨ ਲਈ ਤੁਰੰਤ ਕੰਮ 'ਤੇ ਪਰਤਣਗੇ।