ਸੁਖਦੇਵ ਸਿੰਘ ਢੀਂਡਸਾ ਬਣੇ ਨਵੇਂ ਅਕਾਲੀ ਦਲ ਦੇ ਪ੍ਰਧਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮਕਸਦ ਬਾਦਲਾਂ ਤੋਂ ਸ਼੍ਰੋਮਣੀ ਕਮੇਟੀ ਨੂੰ ਮੁਕਤ ਕਰਵਾਉਣਾ ਹੈ

File

ਲੁਧਿਆਣਾ, 7 ਜੁਲਾਈ (ਆਰ. ਪੀ.ਸਿੰਘ): ਰਾਜ ਸਭਾ ਮੈਂਬਰ ਤੇ ਸ਼੍ਰੋਮਣੀ ਅਕਾਲੀ ਦਲ ਵਿਚ ਅਹਿਮ ਅਹੁਦਿਆਂ 'ਤੇ ਰਹਿ ਚੁੱਕੇ ਸੁਖਦੇਵ ਸਿੰਘ ਢੀਂਡਸਾ ਦੇ ਭਾਜਪਾ ਵਿਚ ਸ਼ਾਮਲ ਹੋਣ ਦੀਆਂ ਅਫ਼ਵਾਹਾਂ ਦਾ ਉਸ ਵੇਲੇ ਅੰਤ ਹੋ ਗਿਆ ਜਦ ਅਕਾਲੀ ਆਗੂਆਂ ਦੇ ਇਕੱਠ ਵਿਚ ਢੀਂਡਸਾ ਨੇ ਇਕ ਹੋਰ ਅਕਾਲੀ ਦਲ ਬਣਾਉਣ ਦਾ ਐਲਾਨ ਕਰ ਦਿਤਾ। ਸੁਖਦੇਵ ਸਿੰਘ ਢੀਂਡਸਾ ਨੇ ਕਿਹਾ,''ਅਸੀਂ ਅਕਾਲੀ ਹਾਂ ਅਤੇ ਅਕਾਲੀ ਹੀ ਰਹਾਂਗੇ ਅਤੇ ਸਾਡਾ ਮੁੱਖ ਮਕਸਦ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਤੋਂ ਬਾਦਲਾਂ ਦਾ ਕਬਜ਼ਾ ਹਟਾਉਣਾ ਹੈ।'' ਇਥੇ ਮਾਡਲ ਟਾਊਨ ਵਿਖੇ ਇਕ ਗੁਰਦੁਆਰਾ ਸਾਹਿਬ ਵਿਖੇ ਅਕਾਲੀ ਵਰਕਰਾਂ ਦੇ ਭਾਰੀ ਇਕੱਠ ਨੇ ਸੁਖਦੇਵ ਸਿੰਘ ਢੀਂਡਸਾ ਨੂੰ ਨਵੇਂ ਅਕਾਲੀ ਦਲ ਦਾ ਪ੍ਰਧਾਨ ਬਣਾਉਣ ਦਾ ਐਲਾਨ ਕੀਤਾ।

ਪ੍ਰਧਾਨ ਬਣਾਉਣ ਲਈ ਉਨ੍ਹਾਂ ਦਾ ਨਾਂ ਪਰਮਜੀਤ ਕੌਰ ਗੁਲਸ਼ਨ ਨੇ ਪੇਸ਼ ਕੀਤਾ ਅਤੇ ਜਗਦੀਸ਼ ਸਿੰਘ ਗਰਚਾ ਨੇ ਤਾਈਦ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਵਾਲਾ ਅਕਾਲੀ ਦਲ ਤਾਂ 23 ਫ਼ਰਵਰੀ ਨੂੰ ਖ਼ਤਮ ਹੋ ਚੁੱਕਾ ਹੈ ਅਤੇ ਇਹ ਅਕਾਲੀ ਦਲ ਸਿਧਾਂਤਾਂ ਤੇ ਚਲੇਗਾ। ਉਨ੍ਹਾਂ ਅਪਣੇ ਭਾਸ਼ਣ ਵਿਚ ਉਨ੍ਹਾਂ ਮੁੱਦਿਆਂ ਦਾ ਜ਼ਿਕਰ ਕੀਤਾ ਜਿਨ੍ਹਾਂ ਨੂੰ ਲੈ ਕੇ ਪਾਰਟੀ ਲੋਕਾਂ ਵਿਚ ਜਾਵੇਗੀ। ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਅੱਜ ਪੰਜਾਬ ਨੂੰ ਖ਼ੁਦਗਰਜ਼ ਅਤੇ ਲਾਲਚੀ ਕਿਸਮ ਦੇ ਲੀਡਰਾਂ ਤੋਂ ਬਚਾਉਣ ਦੀ ਲੋੜ ਹੈ। ਉਨ੍ਹਾਂ ਕਾਂਗਰਸ ਅਤੇ ਅਕਾਲੀ ਦਲ ਨੂੰ ਰੱਜ ਕੇ ਕੋਸਦਿਆਂ ਕਿਹਾ ਕਿ ਇਹ ਪਾਰਟੀ ਬਦਲਾਅ ਦੀ ਰਾਜਨੀਤੀ ਕਰੇਗੀ। ਇਸ ਮੌਕੇ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਨੇ ਪੰਜਾਬ ਨੂੰ ਖੋਖਲਾ ਕਰਨ ਵਿਚ ਪੂਰੀ ਵਾਹ ਲਗਾਈ ਹੋਈ ਹੈ।

ਮਨਜੀਤ ਸਿੰਘ ਜੀਕੇ ਨੇ ਕਿਹਾ ਕਿ ਅਗਲੇ ਸਾਲ ਦਿੱਲੀ ਦੀ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿਚ ਬਾਦਲਾਂ ਦਾ ਬੋਰੀ ਬਿਸਤਰਾ ਬੰਨ੍ਹ ਕੇ ਪੰਜਾਬ ਨੂੰ ਭੇਜ ਦਿਆਂਗੇ ਅਤੇ ਇਥੇ ਤੁਸੀਂ ਉਨ੍ਹਾਂ ਨੂੰ ਘਰਾਂ ਨੂੰ ਭੇਜ ਦਿਉ ਤਾਕਿ ਪੰਜਾਬ ਨੂੰ ਸੁੱਖ ਦਾ ਸਾਹ ਆ ਸਕੇ। ਸਮਾਗਮ ਨੂੰ ਚਰਨਜੀਤ ਸਿੰਘ ਚੰਨੀ, ਨਿਧੜਕ ਸਿੰਘ ਬਰਾੜ, ਪਰਮਜੀਤ ਸਿੰਘ ਖ਼ਾਲਸਾ ਪ੍ਰਧਾਨ ਸਿੱਖ ਸਟੂਡੈਂਟਸ ਫ਼ੈਡਰੇਸ਼ਨ, ਮੇਜਰ ਸਿੰਘ ਖ਼ਾਲਸਾ ਸਕੱਤਰ ਜਨਰਲ, ਮਨਜੀਤ ਸਿੰਘ ਭੋਮਾ, ਮਾਨ ਸਿੰਘ ਗਰਚਾ, ਹਰਸੁਖਇੰਦਰ ਸਿੰਘ ਬੱਬੀ ਬਾਦਲ, ਬੀਰ ਦਵਿੰਦਰ ਸਿੰਘ, ਦੀਦਾਰ ਸਿੰਘ ਨਕਵੀ ਮੈਂਬਰ ਸ਼੍ਰੋਮਣੀ ਕਮੇਟੀ (ਹਰਿਆਣਾ) ਆਦਿ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬਲਵੰਤ ਸਿੰਘ ਰਾਮੂਵਾਲੀਆ, ਬਲਜੀਤ ਸਿੰਘ ਬੀਤਾ, ਕੁਲਦੀਪ ਸਿੰਘ ਸਿੱਧੂ, ਜਗਦੇਵ ਸਿੰਘ ਢੀਂਡਸ ਆਦਿ ਵੀ ਹਾਜ਼ਰ ਸਨ।