ਰਜ਼ੀਆ ਸੁਲਤਾਨਾ ਨੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਹੱਲ ਕਰਨ ਦਾ ਦਿਤਾ ਭਰੋਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜੱਥੇਬੰਦੀਆਂ............

Razia Sultana

ਚੰਡੀਗੜ੍ਹ : ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਅੱਜ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁਲਾਜ਼ਮ ਜੱਥੇਬੰਦੀਆਂ ਦੇ ਆਗੂਆਂ ਨਾਲ ਉੱਚ-ਪੱਧਰੀ ਮੀਟਿੰਗ ਕਰਕੇ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਫੌਰੀ ਹੱਲ ਕਰਨ ਦਾ ਭਰੋਸਾ ਦਿੱਤਾ। ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀਆਂ ਜੱਥੇਬੰਦੀਆਂ, ਜਿਨ੍ਹਾਂ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ (ਮ:) ਇੰਪਲਾਈਜ਼ ਯੂਨੀਅਨ ਪੰਜਾਬ, ਜਲ ਸਪਲਾਈ ਤੇ ਸੈਨੀਟੇਸ਼ਨ ਵਰਕਰਜ਼ ਯੂਨੀਅਨ ਪੰਜਾਬ ਅਤੇ ਮਾਸਟਰ ਮੋਟੀਵੇਟਰਜ਼ ਜੱਥੇਬੰਦੀਆਂ ਦੇ ਆਗੂਆਂ ਨਾਲ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਵਿੱਚ ਵਿਭਾਗ ਵੱਲੋਂ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾਰ, ਡਾਇਰੈਕਟਰ ਸ੍ਰੀ ਅਸ਼ਵਨੀ ਸ਼ਰਮਾ, ਵਧੀਕ ਸਕੱਤਰ ਸ੍ਰੀ ਮੁਹੰਮਦ ਇਸ਼ਫਾਕ ਸਮੇਤ ਸਮੂੰਹ ਵਿੰਗਾਂ ਦੇ ਚੀਫ ਇੰਜਨੀਅਰ ਵੀ ਸ਼ਾਮਿਲ ਸਨ। ਮੀਟਿੰਗ ਦੌਰਾਨ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਮੁਲਾਜ਼ਮ ਆਗੂਆਂ ਦੀਆਂ ਮੰਗਾਂ ਨੂੰ ਧਿਆਨ ਨਾਲ ਸੁਣਿਆ ਅਤੇ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਛੇਤੀ ਹੀ ਹੱਲ ਕਰ ਦਿੱਤਾ ਜਾਵੇਗਾ। ਉਨ੍ਹਾਂ ਮੁਲਾਜ਼ਮ ਆਗੂਆਂ ਨੂੰ ਇਹ ਤਾਕੀਦ ਵੀ ਕੀਤੀ ਕਿ ਅਪਣੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਉਣੀਆਂ ਚਾਹੀਦੀਆਂ ਹਨ।