ਸੋਨੀਆ ਗਾਂਧੀ ਦਾ ਫ਼ੈਸਲਾ, ਫਿਲਹਾਲ ਜਾਖੜ ਹੀ ਰਹਿਣਗੇ ਪੰਜਾਬ ਕਾਂਗਰਸ ਦੇ ਪ੍ਰਧਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਨੂੰ ਲੈ ਕੇ ਅਹਿਮ ਫੈਸਲਾ ਲਿਆ ਹੈ।

Sunil Jakhar

ਚੰਡੀਗੜ੍ਹ: ਕਾਂਗਰਸ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਨੇ ਪੰਜਾਬ ਪ੍ਰਦੇਸ਼ ਕਾਂਗਰਸ ਨੂੰ ਲੈ ਕੇ ਅਹਿਮ ਫੈਸਲਾ ਲਿਆ ਹੈ। ਇਸ ਫ਼ੈਸਲੇ ਅਨੁਸਾਰ ਪੰਜਾਬ ਕਾਂਗਰਸ ਦਾ ਪ੍ਰਧਾਨ ਨਹੀਂ ਬਦਲਿਆ ਜਾਵੇਗਾ। ਉਹਨਾਂ ਕਿਹਾ ਕਿ ਹਾਲ ਦੀ ਘੜੀ ਵਿਚ ਸੁਨੀਲ ਜਾਖੜ ਦੀ ਪੰਜਾਬ ਕਾਂਗਰਸ ਦੀ ਅਗਵਾਈ ਕਰਨਗੇ। ਉਹਨਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਅਹੁਦਾ ਸੰਭਾਲਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਹਨਾਂ ਨੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਦੀਆਂ ਅਫ਼ਵਾਹਾਂ ‘ਤੇ ਰੋਕ ਲਗਾ ਦਿੱਤੀ ਹੈ।

ਦਰਅਸਲ ਲੋਕ ਸਭਾ ਚੋਣਾਂ ਵਿਚ ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੂੰ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਬਾਲੀਵੁੱਡ ਅਦਾਕਾਰ ਅਤੇ ਭਾਜਪਾ ਆਗੂ ਸੰਨੀ ਦਿਓਲ ਨੇ ਹਰਾ ਦਿਤਾ ਸੀ। ਚੋਣ ਨਤੀਜਿਆਂ ਤੋਂ ਬਾਅਦ ਸੁਨੀਲ ਜਾਖੜ ਨੇ ਅਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਪੰਜਾਬ ਦੇ ਕਾਂਗਰਸੀ ਆਗੂਆਂ ਨੇ ਵੀ ਭਾਵੇਂ ਜਾਖੜ ਨੂੰ ਅਸਤੀਫਾ ਨਾ ਦੇਣ ਲਈ ਕਿਹਾ ਸੀ ਪਰ ਪਾਰਟੀ ਹਾਈ ਕਮਾਨ ਨੇ ਹੁਣ ਉਨ੍ਹਾਂ ਨੂੰ ਇਸ ਅਹੁਦੇ ’ਤੇ ਕੰਮ ਕਰਦੇ ਰਹਿਣ ਲਈ ਕਿਹਾ ਹੈ।

ਇਸ ਤੋਂ ਇਹ ਵੀ ਸਪੱਸ਼ਟ ਹੈ ਕਿ ਪਾਰਟੀ ਵੱਲੋਂ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਨਹੀਂ ਚੁਣਿਆ ਜਾ ਰਿਹਾ। ਰਾਹੁਲ ਗਾਂਧੀ ਵੱਲੋਂ ਪਾਰਟੀ ਦੇ ਕੌਮੀ ਪ੍ਰਧਾਨ ਵਜੋਂ ਅਸਤੀਫਾ ਦਿੱਤੇ ਜਾਣ ਤੋਂ ਬਾਅਦ ਪੰਜਾਬ ’ਚ ਵੀ ਕਾਂਗਰਸ ਇਕ ਤਰ੍ਹਾਂ ਨਾਲ ਬਿਨਾਂ ਪ੍ਰਧਾਨ ਤੋਂ ਹੀ ਚੱਲ ਰਹੀ ਹੈ। ਜਾਖੜ ਨੇ ਅਸਤੀਫਾ ਦੇਣ ਤੋਂ ਬਾਅਦ ਜਥੇਬੰਦਕ ਗਤੀਵਿਧੀਆਂ ਠੱਪ ਕਰ ਦਿੱਤੀਆਂ ਸਨ ਤੇ ਪਿਛਲੇ ਕੁਝ ਦਿਨਾਂ ਦੌਰਾਨ ਹੀ ਸਰਗਰਮੀਆਂ ਵਧਾਈਆਂ ਹਨ। 

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।