ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਸਮਰਪਿਤ ਲਾਈਟ ਐਂਡ ਸਾਊਂਡ ਸ਼ੋਅਜ਼ ਨੇ ਸੰਗਤਾਂ ਕੀਤੀਆਂ ਮੰਤਰ ਮੁਗਧ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬਟਾਲਾ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿਖੇ ਹੋਏ ਲਾਈਟ ਐਂਡ ਸਾਊਂਡ ਸ਼ੋਅ

Light and sound shows dedicated to Sri Guru Tegh Bahadur Ji kept the devotees spellbound

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੇ ਹਿੱਸੇ ਵਜੋਂ ਸ਼ਨੀਵਾਰ ਨੂੰ ਬਟਾਲਾ, ਫਰੀਦਕੋਟ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿਖੇ ਲਾਈਟ ਐਂਡ ਸਾਊਂਡ ਸ਼ੋਅ ਕਰਵਾਏ ਗਏ। ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਸੰਗਤ ਨੇ ਹਾਜ਼ਰੀ ਭਰੀ।

ਇੱਕ ਬੁਲਾਰੇ ਨੇ ਦੱਸਿਆ ਕਿ ਆਈ.ਟੀ.ਆਈ ਬਟਾਲਾ ਵਿਖੇ ਹੋਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਹਾਜ਼ਰੀ ਭਰੀ ਗਈ। ਫਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਕਰਵਾਏ ਗਏ ਸ਼ੋਅ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਡੀ ਗਿਣਤੀ ਸੰਗਤ ਸਮੇਤ ਸ਼ਾਮਲ ਹੋਏ।

ਇਸੇ ਤਰ੍ਹਾਂ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਖੇਡ ਸਟੇਡੀਅਮ ਅਤੇ ਹੁਸ਼ਿਆਰਪੁਰ ਦੇ ਮਲਟੀਪਰਪਜ਼ ਆਊਟਡੋਰ ਸਟੇਡੀਅਮ, ਲਾਜਵੰਤੀ ਵਿਖੇ ਕਰਵਾਏ ਗਏ ਲਾਈਟ ਐਂਡ ਸਾਊਂਡ ਸ਼ੋਅ ਵਿੱਚ ਜ਼ਿਲ੍ਹੇ ਦੇ ਵਿਧਾਇਕਾਂ ਤੇ ਹੋਰ ਆਗੂਆਂ ਨੇ ਸੰਗਤ ਸਮੇਤ ਸ਼ਮੂਲੀਅਤ ਕੀਤੀ।

ਇਨ੍ਹਾਂ ਲਾਈਟ ਐਂਡ ਸਾਊਂਡ ਸ਼ੋਅਜ਼ ਵਿੱਚ ਆਧੁਨਿਕ ਲੇਜ਼ਰ ਲਾਈਟਾਂ ਅਤੇ 3ਡੀ ਪ੍ਰੋਜੈਕਸ਼ਨ ਰਾਹੀਂ ਗੁਰੂ ਤੇਗ ਬਹਾਦਰ ਜੀ ਦੇ ਸਮੁੱਚੇ ਜੀਵਨ, ਫ਼ਲਸਫ਼ੇ ਅਤੇ ਧਰਮ ਦੀ ਰੱਖਿਆ ਲਈ ਉਨ੍ਹਾਂ ਵੱਲੋਂ ਦਿੱਤੀ ਗਈ ਮਹਾਨ ਕੁਰਬਾਨੀ ਨੂੰ ਦਰਸਾਇਆ ਗਿਆ। ਸੰਗਤ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਸ ਉੱਦਮ ਸਦਕਾ ਮੌਜੂਦਾ ਪੀੜੀ ਨੂੰ ਗੁਰੂ ਸਾਹਿਬ ਵੱਲੋਂ ਦਰਸਾਏ ਗਏ ਮਾਰਗ ਉੱਤੇ ਚੱਲਣ ਲਈ ਪ੍ਰੇਰਿਤ ਕੀਤਾ ਜਾ ਸਕੇਗਾ।

ਇਸ ਤੋਂ ਪਹਿਲਾਂ 4 ਨਵੰਬਰ ਨੂੰ ਪਟਿਆਲਾ, ਜਲੰਧਰ, ਫਤਹਿਗੜ੍ਹ ਸਾਹਿਬ ਤੇ ਪਠਾਨਕੋਟ ਵਿਖੇ ਕਰਵਾਏ ਸ਼ੋਅ ਵੀ ਬੇਹੱਦ ਸਫਲ ਰਹੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਲਾਈਟ ਐਂਡ ਸਾਊਂਡ ਸ਼ੋਅ ਅਗਲੇ ਪੜਾਅ ਵਿੱਚ 11 ਨਵੰਬਰ ਦਿਨ ਸੋਮਵਾਰ ਨੂੰ ਅੰਮ੍ਰਿਤਸਰ, ਫਿਰੋਜ਼ਪੁਰ, ਸੰਗਰੂਰ ਅਤੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕਰਵਾਏ ਜਾਣਗੇ।