ਖੰਨਾ ਅਤੇ ਮਲੋਟ ਦੀਆਂ ਡੰਪ ਸਾਈਟਾਂ 'ਤੇ ਕੂੜੇ ਦਾ ਵਿਗਿਅਨਕ ਢੰਗ ਨਾਲ ਨਿਪਟਾਰਾ ਕਰਨ ਲਈ 5.46 ਕਰੋੜ ਰੁਪਏ ਖਰਚਣ ਦਾ ਲਿਆ ਫੈਸਲਾ: ਨਿੱਜਰ

ਏਜੰਸੀ

ਖ਼ਬਰਾਂ, ਪੰਜਾਬ

ਕਿਹਾ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਸੂਬੇ ਦੇ ਲੋਕਾਂ ਨੂੰ ਸਵੱਛ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਨ ਪ੍ਰਦਾਨ ਕਰਨਾ

photo

 

ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਨਗਰ ਕੌਂਸਲ ਖੰਨਾ ਅਤੇ ਮਲੋਟ ਦੀਆਂ ਡੰਪ ਸਾਈਟਾਂ 'ਤੇ ਠੋਸ ਰਹਿੰਦ-ਖੂੰਹਦ/ਕੂੜੇ ਦੇ ਨਿਪਟਾਰੇ ਅਤੇ ਹੋਰ ਕੰਮਾਂ 'ਤੇ ਲਗਭਗ 5.46 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਗਿਆ  ਹੈ।

ਕੈਬਨਿਟ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ: ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਨਗਰ ਕੌਂਸਲ ਖੰਨਾ ਦੀਆਂ ਡੰਪ ਸਾਈਟਾਂ 'ਤੇ ਠੋਸ ਰਹਿੰਦ-ਖੂੰਹਦ ਦੇ ਨਿਪਟਾਰੇ 'ਤੇ ਲਗਭਗ 3.15 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸੇ ਤਰ੍ਹਾਂ, 16 ਟੀ.ਜੀ.ਵੀ.ਡਬਲਿਊ ਬੀ.ਐਸ.-VI ਟਰੱਕ ਕੈਬਿਨ ਚੈਸੀ 'ਤੇ ਮਾਊਂਟ ਕੀਤੀ 8000 ਲੀਟਰ ਟੈਂਕ ਸਮਰੱਥਾ ਦੀ ਸੀਵਰ ਸਕਸ਼ਨ ਕਮ ਜੈਟਿੰਗ ਮਸ਼ੀਨ ਪ੍ਰਦਾਨ ਕਰਨ ਅਤੇ ਸੰਚਾਲਣ ਲਈ ਤਕਰੀਬਨ 59 ਲੱਖ ਰੁਪਏ ਖਰਚ ਕੀਤੇ ਜਾਣਗੇ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਨਗਰ ਕੌਂਸਲ, ਮਲੋਟ ਦੀਆਂ ਡੰਪ ਸਾਈਟਾਂ 'ਤੇ ਕੂੜੇ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਤਕਰੀਬਨ 1.72 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਉਨ੍ਹਾਂ ਦੱਸਿਆ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕੰਮਾਂ ਲਈ ਈ-ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in 'ਤੇ ਅਪਲੋਡ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਟੈਂਡਰ ਵਿੱਚ ਕਿਸੇ ਕਿਸਮ ਦੀ ਸੋਧ ਕਰਨ ਦੀ ਲੋੜ ਪੈਂਦੀ ਹੈ ਤਾਂ ਇਸ ਦੀ ਸਾਰੀ ਜਾਣਕਾਰੀ ਇਸ ਵੈੱਬਸਾਈਟ ’ਤੇ ਮੁਹੱਈਆ ਕਰਵਾਈ ਜਾਵੇਗੀ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਸੂਬੇ ਦੇ ਲੋਕਾਂ ਨੂੰ ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਮੁਕਤ ਵਾਤਾਵਰਨ ਮੁਹੱਈਆ ਕਰਵਾਉਣਾ ਹੈ ਤਾਂ ਜੋ ਸੂਬੇ ਦੇ ਲੋਕਾਂ ਨੂੰ ਗੰਦਗੀ ਨਾਲ ਫੈਲਣ ਵਾਲੀਆਂ ਭਿਆਨਕ ਬਿਮਾਰੀਆਂ ਤੋਂ ਬਚਾਇਆ ਜਾ ਸਕੇ। ਮੰਤਰੀ ਨੇ ਅਧਿਕਾਰੀਆਂ ਨੂੰ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ।