ਕੈਪਟਨ ਸਰਕਾਰ ਨੇ ਵਾਅਦੇ ਤੋਂ ਮੁਕਰ ਕੇ ਐਸਐਸਏ/ਰਮਸਾ ਅਧਿਆਪਕਾਂ ਨਾਲ ਧ੍ਰੋਹ ਕਮਾਇਆ : ਪ੍ਰਿੰ. ਬੁੱਧਰਾਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੰਡੀਗੜ੍ਹ : ਪੰਜਾਬ ਸਰਕਾਰ ਦੁਆਰਾ ਐਸਐਸਏ/ਰਮਸਾ ਅਧਿਆਪਕਾਂ ਨੂੰ ਪੱਕੇ ਕਰਨ ਤੋਂ ਕੀਤੀ ਨਾਂਹ ਅਤੇ ਰੋਸ ਪ੍ਰਦਰਸ਼ਨ ਦੌਰਾਨ ਉਨ੍ਹਾਂ ਨਾਲ ਕੀਤੇ ਵਾਅਦੇ ਤੋਂ ਮੁਕਰਨ ਲਈ...

Principal Budhram

ਚੰਡੀਗੜ੍ਹ : ਪੰਜਾਬ ਸਰਕਾਰ ਦੁਆਰਾ ਐਸਐਸਏ/ਰਮਸਾ ਅਧਿਆਪਕਾਂ ਨੂੰ ਪੱਕੇ ਕਰਨ ਤੋਂ ਕੀਤੀ ਨਾਂਹ ਅਤੇ ਰੋਸ ਪ੍ਰਦਰਸ਼ਨ ਦੌਰਾਨ ਉਨ੍ਹਾਂ ਨਾਲ ਕੀਤੇ ਵਾਅਦੇ ਤੋਂ ਮੁਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਨਿਖੇਧੀ ਕਰਦਿਆਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਸਰਕਾਰ ਵਾਰ-ਵਾਰ ਅਧਿਆਪਕਾਂ ਅਤੇ ਹੋਰ ਵਰਗਾਂ ਨਾਲ ਧੋਖਾ ਕਰ ਰਹੀ ਹੈ। ਪ੍ਰੈੱਸ ਬਿਆਨ 'ਚ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਸਰਕਾਰ ਦਾ ਇੱਕ ਤੋਂ ਬਾਅਦ ਇੱਕ ਮੁੱਦੇ 'ਤੇ ਯੂ-ਟਰਨ ਸਰਕਾਰ ਦੀ ਲੋਕਾਂ ਪ੍ਰਤੀ ਗੰਭੀਰਤਾ ਨੂੰ ਦਰਸਾਉਂਦਾ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਪਹਿਲਾਂ ਤਾਂ ਐਸਐਸਏ/ਰਮਸਾ ਅਧਿਆਪਕਾਂ ਨਾਲ ਵਾਅਦਾ ਕੀਤਾ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰ ਕੇ ਉਨ੍ਹਾਂ ਦੀਆਂ ਤਨਖ਼ਾਹਾਂ 'ਚ ਕੋਈ ਕਟੌਤੀ ਨਹੀਂ ਕੀਤੀ ਜਾਵੇਗੀ ਪਰ ਬਾਅਦ 'ਚ ਸਰਕਾਰ ਆਪਣੇ ਵਾਅਦੇ ਤੋਂ ਮੁਕਰ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਲਈ ਧਰਨੇ 'ਤੇ ਬੈਠੇ ਪੰਜਾਬ ਸਕੱਤਰੇਤ ਅਤੇ ਹੋਰ ਵਿਭਾਗਾਂ ਦੇ ਕਰਮਚਾਰੀਆਂ ਨਾਲ ਵੀ ਸਰਕਾਰ ਵੱਲੋਂ ਕਿਸੇ ਪ੍ਰਕਾਰ ਦੀ ਗੱਲਬਾਤ ਅਜੇ ਨਹੀਂ ਕੀਤੀ ਗਈ ਹੈ। ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਤੋਂ ਹੀ ਕਰਮਚਾਰੀਆਂ ਵਿਰੁੱਧ ਰਹੀ ਹੈ ਅਤੇ ਕਰਮਚਾਰੀਆਂ ਦਾ ਲਗਭਗ 22 ਫ਼ੀਸਦੀ ਡੀ.ਏ. ਅਜੇ ਤੱਕ ਸਰਕਾਰ ਵੱਲ ਖੜ੍ਹਾ ਹੈ।

ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੇ ਆਵਾਜ਼ ਉਠਾਉਣ ਤੋਂ ਬਾਅਦ ਸਰਕਾਰ ਉਨ੍ਹਾਂ ਨੂੰ ਝੂਠੇ ਲਾਰਿਆਂ 'ਚ ਅਟਕਾ ਕੇ ਟਾਈਮ ਟਪਾਉਣ ਦਾ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਕਈ ਅਧਿਆਪਕ ਯੂਨੀਅਨਾਂ ਨੇ ਸਰਕਾਰ ਦੁਆਰਾ ਦਿੱਤੀਆਂ ਸ਼ਰਤਾਂ ਨੂੰ ਮੰਨ ਲਿਆ ਸੀ ਪਰ ਫਿਰ ਵੀ ਸਰਕਾਰ ਨੇ ਉਨ੍ਹਾਂ ਨੂੰ ਨਾ ਤਾਂ ਪੱਕੇ ਕੀਤਾ ਹੈ ਅਤੇ ਨਾ ਹੀ ਇਸ ਸਬੰਧੀ ਕੋਈ ਨੋਟੀਫ਼ਿਕੇਸ਼ਨ ਜਾਰੀ ਕੀਤੀ ਹੈ। 'ਆਪ' ਆਗੂ ਨੇ ਕਿਹਾ ਕਿ ਕਰਮਚਾਰੀਆਂ ਦੀਆਂ ਮੰਗਾਂ ਨਾ ਮੰਨ ਕੇ ਸਰਕਾਰ ਨੇ ਉਨ੍ਹਾਂ ਨਾਲ ਧੋਖਾ ਕੀਤਾ ਹੈ।

ਚੋਣਾਂ ਤੋਂ ਪਹਿਲਾਂ ਮੈਨੀਫੈਸਟੋ 'ਚ ਕੀਤੇ ਵਾਅਦੇ ਯਾਦ ਕਰਵਾਉਂਦਿਆਂ ਪ੍ਰਿੰਸੀਪਲ ਬੁੱਧਰਾਮ ਨੇ ਕੈਪਟਨ ਅਮਰਿੰਦਰ ਸਿੰਘ ਪਾਸੋਂ ਮੰਗ ਕੀਤੀ ਹੈ ਕਿ ਉਹ ਆਪਣੇ ਵਾਅਦੇ ਪੂਰੇ ਕਰਨ ਅਤੇ ਸੂਬੇ ਦੇ ਕਰਮਚਾਰੀਆਂ ਦੇ ਡੀ.ਏ. ਦੀਆਂ ਕਿਸ਼ਤਾਂ, ਠੇਕੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਨਵੀਆਂ ਭਰਤੀਆਂ ਕਰਨ ਦਾ ਕਾਰਜ ਅਰੰਭਣ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਕਰਮਚਾਰੀ ਵਰਗ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇਵੇਗੀ ਉਦੋਂ ਤੱਕ ਸੂਬੇ ਵਿਚ ਪ੍ਰਸ਼ਾਸਨਿਕ ਕਾਰਜ ਕਿਸੇ ਤਰ੍ਹਾਂ ਵੀ ਸਹੀ ਢੰਗ ਨਾਲ ਨਹੀਂ ਹੋ ਸਕੇਗਾ। ਉਨ੍ਹਾਂ ਵਾਅਦਾ ਕੀਤਾ ਕਿ 2022 ਵਿਚ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਰਮਚਾਰੀ ਵਰਗ ਦੀਆਂ ਸਾਰੀਆਂ ਮੰਗਾਂ ਨੂੰ ਮੰਨਿਆ ਜਾਵੇਗਾ।