ਠੱਗ ਪਰਵਾਸੀ ਲਾੜਿਆਂ ਵਿਰੁੱਧ ਸਖ਼ਤ ਕਾਰਵਾਈ ਕਰੇ ਸਰਕਾਰ : ਜੈ ਕ੍ਰਿਸ਼ਨ ਸਿੰਘ ਰੋੜੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੰਡੀਗੜ੍ਹ : ਪਰਵਾਸੀ ਲਾੜਿਆਂ ਵੱਲੋਂ ਸੂਬੇ 'ਚ ਔਰਤਾਂ ਨਾਲ ਵਿਆਹ ਕਰਵਾ ਕੇ ਵਿਦੇਸ਼ ਭੱਜਣ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਆਮ ਆਦਮੀ ਪਾਰਟੀ ਨੇ ਸਰਕਾਰ ਕੋਲੋਂ...

NRI fraud

ਚੰਡੀਗੜ੍ਹ : ਪਰਵਾਸੀ ਲਾੜਿਆਂ ਵੱਲੋਂ ਸੂਬੇ 'ਚ ਔਰਤਾਂ ਨਾਲ ਵਿਆਹ ਕਰਵਾ ਕੇ ਵਿਦੇਸ਼ ਭੱਜਣ ਦੇ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਆਮ ਆਦਮੀ ਪਾਰਟੀ ਨੇ ਸਰਕਾਰ ਕੋਲੋਂ ਅਜਿਹੇ ਲਾੜਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਚੰਡੀਗੜ੍ਹ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿਚ 'ਆਪ' ਦੇ ਗੜ੍ਹਸ਼ੰਕਰ ਤੋਂ ਵਿਧਾਇਕ ਅਤੇ ਐਨ.ਆਰ.ਆਈ. ਵਿੰਗ ਦੇ ਪ੍ਰਧਾਨ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਸਰਕਾਰਾਂ ਦੀ ਨਾਲਾਇਕੀ ਕਾਰਨ ਸੂਬੇ ਦੀ ਹਜ਼ਾਰਾਂ ਧੀਆਂ ਦੀ ਜ਼ਿੰਦਗੀ ਨਰਕ ਬਣ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਲਾੜਿਆਂ ਦੇ ਬੱਚੇ ਵੀ ਜਵਾਨ ਹੋ ਚੁੱਕੇ ਹਨ ਪਰ ਔਰਤਾਂ ਨੂੰ ਪਤੀਆਂ ਪਾਸੋਂ ਕੋਈ ਸਹਾਇਤਾ ਰਾਸ਼ੀ ਨਹੀਂ ਮਿਲਦੀ।

ਰੋੜੀ ਨੇ ਕਿਹਾ ਕਿ ਇਸ ਸਮੇਂ ਸੂਬੇ ਭਰ 'ਚ ਲਗਭਗ 32 ਹਜ਼ਾਰ ਅਜਿਹੀਆਂ ਔਰਤਾਂ ਹਨ ਜਿਨ੍ਹਾਂ ਦੇ ਪਤੀ ਵਿਆਹ ਕਰਵਾ ਕੇ ਮੁੜ ਦੇਸ਼ ਨਹੀਂ ਪਰਤੇ ਹਨ। 'ਅਬ ਨਹੀਂ ਵੈਲਫ਼ੇਅਰ' ਸੰਸਥਾ ਵੱਲੋਂ ਜਲੰਧਰ ਵਿਚ ਕੀਤੇ ਗਏ ਰੋਸ ਪ੍ਰਦਰਸ਼ਨ ਦਾ ਸਮਰਥਨ ਕਰਦਿਆਂ ਰੋੜੀ ਨੇ ਕਿਹਾ ਕਿ ਸੰਸਥਾ ਦੀ ਆਵਾਜ਼ ਪ੍ਰਸ਼ਾਸਨ ਤੱਕ ਪਹੁੰਚਾਉਣਗੇ। ਉਨ੍ਹਾਂ ਕਿਹਾ ਕਿ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਇਨ੍ਹਾਂ ਔਰਤਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਿਹਾ। ਸਰਕਾਰ ਵੱਲੋਂ ਬਣਾਏ ਗਏ ਐਨ.ਆਰ.ਆਈ. ਥਾਣੇ ਵਿਚ ਇਸ ਮਾਮਲੇ ਨੂੰ ਹੱਲ ਕਰਨ ਵਿਚ ਫ਼ੇਲ੍ਹ ਸਾਬਤ ਹੋ ਰਹੇ ਹਨ।

ਰੋੜੀ ਨੇ ਮੰਗ ਕੀਤੀ ਕਿ ਸਰਕਾਰ ਇਨ੍ਹਾਂ ਲਾੜਿਆਂ ਦੇ ਪਾਸਪੋਰਟ ਜ਼ਬਤ ਕਰ ਕੇ ਉਨ੍ਹਾਂ ਨੂੰ ਵਾਪਸ ਦੇਸ਼ ਲਿਆਉਣ ਲਈ ਕਾਰਵਾਈ ਕਰੇ। ਉਨ੍ਹਾਂ ਸਰਕਾਰ ਪਾਸੋਂ ਅਜਿਹੀਆਂ ਔਰਤਾਂ ਦੀ ਆਰਥਿਕ ਮਦਦ ਕਰਨ ਅਤੇ ਉਨ੍ਹਾਂ ਦੇ ਮੁੜ ਵਸੇਬੇ ਦੀ ਵੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਉਹ ਛੇਤੀ ਹੀ ਵਿਦੇਸ਼ੀ ਲਾੜਿਆਂ ਤੋਂ ਪੀੜਿਤ ਔਰਤਾਂ ਲਈ ਕਾਰਜ ਕਰ ਰਹੀਆਂ ਸੰਸਥਾਵਾਂ ਰਾਹੀਂ ਇਨ੍ਹਾਂ ਔਰਤਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਹੱਲ ਕਰਨ ਦਾ ਯਤਨ ਕਰਨਗੇ। ਰੋੜੀ ਨੇ ਮੰਗ ਕੀਤੀ ਕਿ ਮਹਿਲਾ ਕਮਿਸ਼ਨ ਇਸ ਮਸਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਸੂਬਾ ਅਤੇ ਕੇਂਦਰ ਸਰਕਾਰ ਦੀ ਮਦਦ ਨਾਲ ਵਿਦੇਸ਼ੀ ਸਰਕਾਰਾਂ ਨਾਲ ਸੰਪਰਕ ਕਰ ਕੇ ਠੱਗ ਲਾੜਿਆਂ ਦੀ ਵਾਪਸੀ ਕਰਵਾਏ।